ਜਲੰਧਰ, 12 ਫਰਵਰੀ (ਜਸਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਮਹੀਨੇ 'ਚ ਦੂਸਰੀ ਵਾਰ ਆਪਣੀ ਜਲੰਧਰ ਸਥਿਤ ਰਿਹਾਇਸ਼ 'ਤੇ ਪੁੱਜ ਕੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਵੱਡੀ ਗਿਣਤੀ 'ਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ | ਆਮ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਸੰਬੰਧੀ ਆਰੰਭੀ ਮੁਹਿੰਮ ਤਹਿਤ ਉਨ੍ਹਾਂ ਵੀਰਵਾਰ ਨੂੰ ਵੀ ਲੋਕਾਂ ਨਾਲ ਮੁਲਾਕਾਤ ਕਰਕੇ ਨਾ ਕੇਵਲ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਬਲਕਿ ਕਈਆਂ ਦਾ ਮੌਕੇ 'ਤੇ ਹੀ ਨਿਪਟਾਰਾ ਵੀ ਕੀਤਾ | ਉਨ੍ਹਾਂ ਕਿਹਾ ਕਿ ਇਕ ਹੀ ਪਲੇਟਫਾਰਮ 'ਤੇ ਲੋਕਾਂ ਦੀਆਂ ਸ਼ਿਕਾਇਤਾਂ ਹੱਲ ਕਰਨ ਦਾ ਇਹ ਇਕ ਪ੍ਰਭਾਵਸ਼ਾਲੀ ਜ਼ਰੀਆ ਹੈ ਤੇ ਪੰਜਾਬ ਇਕੱਲਾ ਅਜਿਹਾ ਸੂਬਾ ਹੈ, ਜਿਥੇ ਸੂਬੇ ਦਾ ਮੁਖੀ ਲੋਕਾਂ ਨੂੰ ਨਿੱਜੀ ਤੌਰ 'ਤੇ ਮਿਲ ਕੇ ਉਨ੍ਹਾਂ ਦੇ ਮਸਲਿਆਂ ਦਾ ਮੌਕੇ 'ਤੇ ਹੀ ਹੱਲ ਕਰਨਾ ਯਕੀਨੀ ਬਣਾਉਂਦਾ ਹੈ | ਉਨ੍ਹਾਂ ਕਿਹਾ ਕਿ ਅਸਲ 'ਚ ਇਹ ਪ੍ਰੋਗਰਾਮ ਸਰਕਾਰ ਅਤੇ ਜਨਤਾ ਵਿਚਕਾਰ ਇਕ ਢਾਂਚਾਗਤ ਪੁਲ ਦਾ ਕੰਮ ਕਰਦਾ ਹੈ ਤੇ ਇਸ ਨਾਲ ਸਰਕਾਰ ਦੀ ਲੋਕਾਂ ਪ੍ਰਤੀ ਜਵਾਬਦੇਹੀ ਵਧਦੀ ਹੈ ਤੇ ਪਾਰਦਰਸ਼ੀ ਸ਼ਾਸਨ ਵੀ ਮਿਲਦਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਪ੍ਰੋਗਰਾਮ ਤਹਿਤ ਨਾ ਕੇਵਲ ਲੋਕਾਂ ਨੂੰ ਸਿੱਧੇ ਤੌਰ 'ਤੇ ਮਿਲ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਦੇ ਹਨ, ਬਲਕਿ ਅਧਿਕਾਰੀਆਂ ਦੀ ਕਾਰਗੁਜ਼ਾਰੀ ਬਾਰੇ ਵੀ ਜਾਨਣ ਦਾ ਮੌਕਾ ਮਿਲਦਾ ਹੈ | ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਲੋਕ ਮਿਲਣੀਆਂ ਦਾ ਸਿਆਸਤ ਨਾਲ ਕੋਈ ਸੰਬੰਧ ਨਹੀਂ ਤੇ ਸੂਬਾ ਸਰਕਾਰ ਦਾ ਇਕੋ-ਇਕ ਉਦੇਸ਼ ਸੂਬੇ ਅਤੇ ਇਥੋਂ ਦੇ ਲੋਕਾਂ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਮੇਰੇ ਦੁਆਰਾ ਦਸਤਖਤ ਕੀਤੀ ਜਾਂਦੀ ਹਰ ਫਾਈਲ ਆਮ ਆਦਮੀ ਅਤੇ ਰਾਜ ਦੇ ਲਾਭ ਲਈ ਹੁੰਦੀ ਹੈ ਤੇ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਭਿ੍ਸ਼ਟਾਚਾਰ ਜਾਂ ਸਿਫਾਰਸ਼ ਤੋਂ ਬਿਨਾਂ 63,000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ | ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਰਾਜ ਭਰ ਵਿਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ | ਅਧਿਆਪਕਾਂ ਦੀ ਮੁਹਾਰਤ ਨੂੰ ਨਿਖਾਰਨ ਲਈ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਅਧਿਆਪਕਾਂ ਅਤੇ ਪਿ੍ੰਸੀਪਲਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਦੁਆਰਾ ਕਰਵਾਏ ਗਏ 'ਨੈਸ਼ਨਲ ਅਚੀਵਮੈਂਟ ਸਰਵੇ' ਵਿਚ ਕੇਰਲ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਨੇ ਅੱਗੇ ਕਿਹਾ ਸੂਬੇ ਦੇ ਵਿਦਿਆਰਥੀਆਂ ਨੂੰ ਹਥਿਆਰਬੰਦ ਬਲਾਂ ਦੀ ਪ੍ਰੀਖਿਆ ਲਈ ਤਿਆਰੀਆਂ ਦੇ ਨਾਲ-ਨਾਲ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਦਿੱਤੀ ਜਾ ਰਹੀ ਹੈ, ਰਾਜ ਦੇ ਸਾਰੇ 65 ਲੱਖ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੇ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ 881 ਆਮ ਆਦਮੀ ਕਲੀਨਿਕ ਰੋਜ਼ਾਨਾ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ ਅਤੇ ਲਗਭਗ 90 ਫੀਸਦ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਟਿਊਬਵੈੱਲਾਂ ਨੂੰ ਦਿਨ ਵੇਲੇ ਵੀ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕੀਤੀ ਗਈ ਹੈ ਤੇ 6900 ਕਿਲੋਮੀਟਰ ਦੀ ਲੰਬਾਈ ਵਾਲੇ 18349 ਜਲ ਮਾਰਗਾਂ ਨੂੰ ਮੁੜ ਸੁਰਜੀਤ ਕਰਦਿਆਂ ਟੇਲਾਂ 'ਤੇ ਰਹਿੰਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਗਈ ਹੈ | ਰਾਜ ਸਰਕਾਰ ਨੇ ਪੰਜਾਬ ਵਿਚ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਆਮ ਆਦਮੀ ਦੀ ਜੇਬ ਵਿਚੋਂ ਟੋਲ ਫੀਸ ਦੇ ਰੋਜ਼ਾਨਾ 64 ਲੱਖ ਰੁਪਏ ਦੀ ਬਚਤ ਹੋ ਰਹੀ ਹੈ | ਅਖੀਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਰਾਜ ਸਰਕਾਰ ਸੂਬੇ ਦੀ ਹਰ ਔਰਤ ਨੂੰ 1000 ਰੁਪਏ ਦੇਣ ਦੀ ਯੋਜਨਾ ਜਲਦ ਲਾਗੂ ਕਰੇਗੀ ਜਿਸ ਲਈ ਆਉਣ ਵਾਲੇ ਬਜਟ 'ਚ ਜ਼ਰੂਰੀ ਉਪਬੰਧ ਕੀਤੇ ਜਾਣਗੇ |
ਸਰਕਾਰ ਤੇ ਜਨਤਾ ਵਿਚਕਾਰ ਢਾਂਚਾਗਤ ਪੁਲ ਦਾ ਕੰਮ ਕਰਦਾ ਹੈ ਲੋਕ ਮਿਲਣੀ ਪ੍ਰੋਗਰਾਮ-ਭਗਵੰਤ ਮਾਨ <br/>
ਅਜੀਤ ਡੈਸਕ
13-02-2026