ਬਜਟ ਸੰਗਤ ਦੀਆਂ ਭਾਵਨਾਵਾਂ ਦੀ ਤਰਜਮਾਨੀ ਵਾਲਾ-ਧਾਮੀ
ਅੰਮਿ੍ਤਸਰ, 28 ਮਾਰਚ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਗੁਰਦੁਆਰਾ ਸਾਹਿਬਾਨ, ਧਰਮ ਪ੍ਰਚਾਰ ਕਮੇਟੀ, ਵਿਦਿਅਕ ਅਤੇ ਹੋਰ ਅਦਾਰਿਆਂ ਦਾ ਵਿੱਤੀ ਵਰ੍ਹੇ 2026-27 ਲਈ 1487 ਕਰੋੜ 41 ਲੱਖ ਰੁਪਏ ਦਾ ਅਨੁਮਾਨਤ ਬਜਟ ਅੱਜ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਏ ਜਨਰਲ ਇਜਲਾਸ ਦੌਰਾਨ ਹਾਜ਼ਰ ਕਰੀਬ 85 ਮੈਂਬਰਾਂ ਵਲੋਂ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਦੀ ਗੂੰਜ 'ਚ ਪਾਸ ਕੀਤਾ ਗਿਆ | ਪਿਛਲੇ ਵਰੇ੍ਹ 1386 ਕਰੋੜ ਦਾ ਬਜਟ ਪਾਸ ਕੀਤਾ ਗਿਆ ਸੀ | ਦੁਪਹਿਰ 12 ਵਜੇ ਆਰੰਭ ਹੋਏ ਬਜਟ ਇਜਲਾਸ ਦੀ ਪ੍ਰਧਾਨਗੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਨੇ ਆਗਾਮੀ ਵਿੱਤੀ ਵਰ੍ਹੇ ਦਾ ਬਜਟ ਪੇਸ਼ ਕੀਤਾ | ਇਜਲਾਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਸਮੇਤ ਸ਼ੋ੍ਰਮਣੀ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ |
ਧਾਮੀ ਨੇ ਦੱਸਿਆ ਕਿ ਇਸ ਸਾਲ ਪਾਸ ਕੀਤੇ ਗਏ 1487.41 ਕਰੋੜ ਰੁਪਏ ਦੇ ਬਜਟ ਵਿਚ ਪਿਛਲੇ ਸਾਲ ਨਾਲੋਂ 7.28 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ | ਸ਼ੇਰ ਸਿੰਘ ਮੰਡਵਾਲਾ ਨੇ ਬਜਟ ਪੇਸ਼ ਕਰਦਿਆਂ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਲਈ ਹੋਣ ਵਾਲੀ ਆਮਦਨ ਦੇ ਵੇਰਵੇ ਸਾਂਝੇ ਕੀਤੇ ਅਤੇ ਭਵਿੱਖੀ ਕਾਰਜਾਂ ਲਈ ਰੱਖੀ ਗਈ ਰਾਸ਼ੀ ਦਾ ਖੁਲਾਸਾ ਕੀਤਾ | ਤਕਰੀਬਨ ਡੇਢ-ਦੋ ਘੰਟੇ ਤੱਕ ਚੱਲੇ ਬਜਟ ਇਜਲਾਸ ਦੌਰਾਨ ਬਜਟ ਨੂੰ ਪ੍ਰਵਾਨਗੀ ਦਿੱਤੀ ਗਈ | ਸ਼ੋ੍ਰਮਣੀ ਕਮੇਟੀ ਵਲੋਂ ਇਸ ਵਾਰ ਵੀ ਮੀਡੀਆ ਨੂੰ ਬਜਟ ਇਜਲਾਸ ਦੌਰਾਨ ਤੇਜਾ ਸਿੰਘ ਸਮੁੰਦਰੀ ਹਾਲ ਦੇ ਅੰਦਰ ਜਾ ਕੇ ਸਿੱਧਾ ਪ੍ਰਸਾਰਨ ਕਰਨ ਦੀ ਇਜ਼ਾਜ਼ਤ ਨਹੀਂ ਦਿੱਤੀ ਗਈ |
ਧਾਮੀ ਵਲੋਂ ਮੀਡੀਆ ਨਾਲ ਗੱਲਬਾਤ
ਇਜਲਾਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਜਟ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਵਾਲਾ ਹੈ ਅਤੇ ਇਸ ਵਿਚ ਸੰਗਤਾਂ ਲਈ ਸਹੂਲਤਾਂ ਦਾ ਖ਼ਾਸ ਧਿਆਨ ਰੱਖਿਆ ਗਿਆ ਹੈ | ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬਜਟ ਦਾ ਮੁੱਖ ਸਰੋਤ ਸੰਗਤਾਂ ਵਲੋਂ ਭੇਟਾ ਕੀਤੀ ਜਾਂਦੀ ਰਾਸ਼ੀ ਅਤੇ ਦਸਵੰਧ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਤੋਂ ਬਜਟ ਦੀ ਅਨੁਮਾਨਿਤ ਰਾਸ਼ੀ 'ਚ ਵਾਧਾ ਦਰਜ ਕੀਤਾ ਜਾ ਰਿਹਾ ਹੈ | ਧਾਮੀ ਨੇ ਕਿਹਾ ਕਿ ਸੰਸਥਾ ਦੇ ਕਾਰਜ ਸੰਗਤ ਦੀ ਭਾਵਨਾ ਅਨੁਸਾਰ ਜਾਰੀ ਰੱਖੇ ਜਾਣਗੇ | ਉਨ੍ਹਾਂ ਨੇ ਕਿਹਾ ਕਿ ਕਈ ਲੋਕਾਂ ਦਾ ਸਵਾਲ ਹੁੰਦਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਬਜਟ ਪੰਜਾਬ ਸਰਕਾਰ ਦੇ ਬਜਟ ਦੇ ਬਰਾਬਰ ਹੈ, ਜਦਕਿ ਹਕੀਕਤ ਇਹ ਹੈ ਕਿ ਇਹ ਸਰਕਾਰ ਦੇ ਬਜਟ ਦੇ ਮੁਕਾਬਲੇ ਕੇਵਲ 0.9% ਹੀ ਹੈ | ਬਜਟ ਇਜਲਾਸ ਦੀ ਕਾਰਵਾਈ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵਲੋਂ ਸ਼ੁਰੂ ਕੀਤੀ ਗਈ, ਜਦਕਿ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਅਜਮੇਰ ਸਿੰਘ ਖੇੜਾ ਨੇ ਵੀ ਆਪਣੇ ਵਿਚਾਰ ਰੱਖੇ |
ਸਿੱਖੀ ਪ੍ਰਚਾਰ ਲਈ ਵਿਦੇਸ਼ਾਂ 'ਚ ਵੀ ਸਥਾਪਿਤ ਕੀਤੇ ਜਾਣਗੇ ਸਿੱਖ ਮਿਸ਼ਨ
ਇਕ ਸਵਾਲ ਦੇ ਜਵਾਬ ਵਿਚ ਧਾਮੀ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵਲੋਂ ਆਉਂਦੇ ਸਮੇਂ ਵਿਦੇਸ਼ਾਂ ਵਿਚ ਵੀ ਸਿੱਖ ਮਿਸ਼ਨ ਸਥਾਪਿਤ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਅਮਰੀਕਾ ਦੇ ਯੂਬਾ ਸਿਟੀ ਵਿਚ ਸਾਢੇ 14 ਏਕੜ ਜ਼ਮੀਨ ਵੀ ਸ਼ੋ੍ਰਮਣੀ ਕਮੇਟੀ ਕੋਲ ਹੈ | ਗੁ: ਅੰਬ ਸਾਹਿਬ ਜ਼ਮੀਨ ਘੁਟਾਲੇ ਮਾਮਲੇ ਸਬੰਧੀ ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵਲੋਂ ਗਠਿਤ ਪੜਤਾਲੀਆ ਕਮੇਟੀ ਸਮੇਤ ਪੁਲਿਸ ਵਲੋਂ ਵੀ ਇਸ ਮਾਮਲੇ ਦੀ ਅਜੇ ਜਾਂਚ ਜਾਰੀ ਹੈ |
147 ਵਿਚੋਂ ਕੇਵਲ 85 ਮੈਂਬਰ ਹੋਏ ਇਜਲਾਸ 'ਚ ਸ਼ਾਮਿਲ
ਅੱਜ ਦੇ ਇਜਲਾਸ ਵਿਚ ਤਿੰਨ ਸਿੰਘ ਸਾਹਿਬਾਨ ਤੋਂ ਇਲਾਵਾ ਹਾਊਸ ਦੇ 147 ਮੈਂਬਰਾਂ ਵਿਚੋਂ ਕੇਵਲ 85 ਮੈਂਬਰ ਹੀ ਹਾਜ਼ਰ ਰਹੇ ਅਤੇ 62 ਮੈਂਬਰ ਗ਼ੈਰ-ਹਾਜ਼ਰ ਰਹੇ, ਜਿਨ੍ਹਾਂ ਵਿਚ ਸ਼ੋ੍ਰਮਣੀ ਕਮੇਟੀ ਦੇ ਤਿੰਨ ਤਤਕਾਲੀ ਪ੍ਰਧਾਨ ਬੀਬੀ ਜਗੀਰ ਕੌਰ, ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੀ ਸ਼ਾਮਿਲ ਸਨ | ਜ਼ਿਕਰਯੋਗ ਹੈ ਕਿ ਪਿਛਲੇ 15 ਵਰਿ੍ਹਆਂ ਦੌਰਾਨ ਸ਼ੋ੍ਰਮਣੀ ਕਮੇਟੀ ਦੇ 34 ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ ਅਤੇ 4 ਮੈਂਬਰ ਅਸਤੀਫ਼ੇ ਦੇ ਚੁੱਕੇ ਹਨ |
ਕੌਣ-ਕੌਣ ਸ਼ਾਮਿਲ
ਪ੍ਰਧਾਨ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਅੰਤਿ੍ੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਕੰਗ, ਗੁਰਪ੍ਰੀਤ ਸਿੰਘ ਝੱਬਰ, ਦਲਜੀਤ ਸਿੰਘ ਭਿੰਡਰ, ਬਲਦੇਵ ਸਿੰਘ ਕਾਇਮਪੁਰ, ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗ ਬਹਾਦਰ ਸਿੰਘ ਰਾਏ, ਮਾਸਟਰ ਮਿੱਠੂ ਸਿੰਘ ਕਾਹਨੇਕੇ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਬਖਸ਼ ਸਿੰਘ ਖ਼ਾਲਸਾ, ਅਮਰੀਕ ਸਿੰਘ ਜਨੈਤਪੁਰ, ਹਰਪਾਲ ਸਿੰਘ, ਹਰਭਜਨ ਸਿੰਘ ਮਸਾਣਾਂ, ਬਾਬਾ ਗੁਰਮੀਤ ਸਿੰਘ ਤਿ੍ਲੋਕੇਵਾਲਾ, ਜਗਸੀਰ ਸਿੰਘ ਮਾਗੇਆਣਾ, ਬੀਬੀ ਕਿਰਨਵੀਰ ਕੌਰ, ਕੌਰ ਸਿੰਘ ਬਹਾਵਵਾਲਾ, ਬੀਬੀ ਪਰਮਿੰਦਰ ਕੌਰ, ਪ੍ਰੀਤਮ ਸਿੰਘ ਮਲਸੀਹਾਂ, ਦਰਸ਼ਨ ਸਿੰਘ ਸ਼ੇਰਖਾਂ, ਬਲਵਿੰਦਰ ਸਿੰਘ ਭੰਮਾਂ ਲੰਡਾ, ਸਤਪਾਲ ਸਿੰਘ ਤਲਵੰਡੀ ਭਾਈ, ਗੁਰਮੀਤ ਸਿੰਘ ਬੂਹ, ਸੁਖਜੀਤ ਸਿੰਘ ਲੋਹਗੜ੍ਹ, ਸੁਖਹਰਪ੍ਰੀਤ ਸਿੰਘ ਰੋਡੇ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਫੁੰਮਣ ਸਿੰਘ, ਬੀਬੀ ਜੋਗਿੰਦਰ ਕੌਰ ਰਠੌਰ, ਸੁਰਜੀਤ ਸਿੰਘ ਰਾਏਪੁਰ, ਬਾਬਾ ਬੂਟਾ ਸਿੰਘ, ਬੀਬੀ ਪਰਮਜੀਤ ਕੌਰ, ਬੀਬੀ ਜਸਪਾਲ ਕੌਰ, ਮਲਕੀਤ ਸਿੰਘ ਚੰਗਾਲ, ਪਰਮਜੀਤ ਸਿੰਘ ਖ਼ਾਲਸਾ, ਬਲਦੇਵ ਸਿੰਘ ਚੂੰਘਾ, ਸੰਤ ਬਲਬੀਰ ਸਿੰਘ ਘੁੰਨਸ, ਬੀਬੀ ਸ਼ਰਨਜੀਤ ਕੌਰ, ਭੁਪਿੰਦਰ ਸਿੰਘ ਭਲਵਾਨ, ਹਰਦੇਵ ਸਿੰਘ ਰੋਂਗਲਾ, ਬੀਬੀ ਮਲਕੀਤ ਕੌਰ ਕਮਾਲਪੁਰ, ਜਰਨੈਲ ਸਿੰਘ ਕਰਤਾਰਪੁਰ, ਜਸਮੇਰ ਸਿੰਘ ਲਾਛੜੂ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਅਵਤਾਰ ਸਿੰਘ ਰਿਆ, ਰਘਬੀਰ ਸਿੰਘ ਸਹਾਰਨ ਮਾਜਰਾ, ਹਰਪਾਲ ਸਿੰਘ ਜੱਲਾ, ਗੁਰਪ੍ਰੀਤ ਸਿੰਘ ਗਰਚਾ, ਜਗਜੀਤ ਸਿੰਘ ਤਲਵੰਡੀ, ਕੇਵਲ ਸਿੰਘ ਬਾਦਲ, ਬਲਵਿੰਦਰ ਸਿੰਘ ਬੈਂਸ, ਬੀਬੀ ਰਜਿੰਦਰ ਕੌਰ, ਬੀਬੀ ਹਰਜਿੰਦਰ ਕੌਰ, ਕੁਲਵੀਰ ਸਿੰਘ ਬੜਾ ਪਿੰਡ, ਬੀਬੀ ਦਵਿੰਦਰ ਕੌਰ ਕਾਲੜਾ, ਬੀਬੀ ਗੁਰਮੀਤ ਕੌਰ ਭਟਨੂਰਾ, ਬੀਬੀ ਗੁਰਪ੍ਰੀਤ ਕੌਰ, ਜਰਨੈਲ ਸਿੰਘ ਡੋਗਰਾਂਵਾਲਾ, ਅਮਰਜੀਤ ਸਿੰਘ ਭਲਾਈਪੁਰ, ਬਲਵਿੰਦਰ ਸਿੰਘ ਵੇਂਈਪੂਈਾ, ਗੁਰਬਚਨ ਸਿੰਘ ਕਰਮੂੰਵਾਲਾ, ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਬਾਵਾ ਸਿੰਘ ਗੁਮਾਨਪੁਰਾ, ਸੁਰਜੀਤ ਸਿੰਘ ਭਿੱਟੇਵੱਡ, ਅਮਰੀਕ ਸਿੰਘ ਵਿਛੋਆ, ਬੀਬੀ ਸਵਰਨ ਕੌਰ ਤੇੜਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗੁਰਿੰਦਰਪਾਲ ਸਿੰਘ ਗੋਰਾ, ਗੁਰਨਾਮ ਸਿੰਘ ਜੱਸਲ, ਬੀਬੀ ਜੋਗਿੰਦਰ ਕੌਰ, ਬੀਬੀ ਜਸਬੀਰ ਕੌਰ ਜੱਫ਼ਰਵਾਲ, ਰਵਿੰਦਰ ਸਿੰਘ ਚੱਕ, ਤਾਰਾ ਸਿੰਘ ਤਲਵੰਡੀ, ਸੁਰਿੰਦਰ ਸਿੰਘ ਠੇਕੇਦਾਰ, ਅਜਮੇਰ ਸਿੰਘ ਖੇੜਾ, ਸੁਖਮੀਤ ਸਿੰਘ ਕਾਦੀਆਂ ਤੋਂ ਇਲਾਵਾ ਓ.ਐਸ.ਡੀ. ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਗੁਰਦਿਆਲ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਗੁਰਨਾਮ ਸਿੰਘ, ਹਰਭਜਨ ਸਿੰਘ ਵਕਤਾ ਤੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਆਦਿ ਵੀ ਮੌਜੂਦ ਸਨ |
ਸ਼੍ਰੋਮਣੀ ਕਮੇਟੀ ਦਾ 1487.41 ਕਰੋੜ ਰੁਪਏ ਦਾ ਬਜਟ
ਅਜੀਤ ਡੈਸਕ
29-03-2026