ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਕਈ ਅਹਿਮ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਗਈ | ਪਾਸ ਕੀਤੇ ਅਹਿਮ ਮਤੇ ਰਾਹੀਂ ਸਮੇਂ-ਸਮੇਂ 'ਤੇ ਨੀਤੀਗਤ ਏਜੰਡਿਆਂ ਤਹਿਤ ਸਿੱਖਾਂ ਦੀ ਮੌਲਿਕ ਅਤੇ ਵੱਖਰੀ ਪਛਾਣ ਨੂੰ ਰਲਗੱਡ ਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਪ੍ਰਤੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਗਿਆ ਕਿ ਸਿੱਖ ਕੌਮ ਇਕ ਵੱਖਰੀ ਅਤੇ ਸੁਤੰਤਰ ਧਾਰਮਿਕ ਕੌਮ ਹੈ | ਦੂਜੇ ਮਤੇ ਵਿਚ ਮੰਗ ਕੀਤੀ ਗਈ ਕਿ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਸਰਕਾਰ ਬਿੱਲ ਨੂੰ ਲੈ ਕੇ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਯਕੀਨੀ ਬਣਾਵੇ | ਇਕ ਹੋਰ ਮਤੇ 'ਚ ਭਾਈ ਬਲਵੰਤ ਸਿੰਘ ਰਾਜੋਆਣਾ, ਪੋ੍ਰ: ਦਵਿੰਦਰਪਾਲ ਸਿੰਘ ਭੁੱਲਰ, ਭਾਈ ਗੁਰਦੀਪ ਸਿੰਘ ਖੈੜਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਉਰਾ, ਭਾਈ ਜਗਤਾਰ ਸਿੰਘ ਤਾਰਾ ਸਮੇਤ ਹੋਰ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਵੀ ਮੰਗ ਕੀਤੀ ਗਈ | ਏ.ਆਈ. ਤਕਨਾਲੋਜੀ ਦੀ ਦੁਰਵਰਤੋਂ ਕਰਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਇਤਰਾਜ਼ਯੋਗ ਸਮੱਗਰੀ ਦੇ ਪ੍ਰਸਾਰ ਦੀ ਰੋਕਥਾਮ ਲਈ ਭਾਰਤ ਸਰਕਾਰ ਵਲੋਂ ਸਖ਼ਤ ਆਦੇਸ਼ ਜਾਰੀ ਕਰਨ ਦੀ ਮੰਗ ਕੀਤੀ ਗਈ | ਪ੍ਰੀਖਿਆਵਾਂ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਯਕੀਨੀ ਬਣਾਉਣ ਦੀ ਮੰਗ ਕਰਨ ਦੇ ਨਾਲ ਪੰਜਾਬ ਅੰਦਰ ਨੌਜਵਾਨਾਂ ਦੇ ਵਧ ਰਹੇ ਪੁਲਿਸ ਮੁਕਾਬਲਿਆਂ ਸੰਬੰਧੀ ਪਾਰਦਰਸ਼ਤਾ ਅਤੇ ਨਿਆਂਪੂਰਕ ਜਾਂਚ ਦੀ ਮੰਗ ਕੀਤੀ ਗਈ | ਹੋਰ ਮਤੇ 'ਚ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ (ਪਾਕਿਸਤਾਨ) ਦਾ ਲਾਂਘਾ ਪਹਿਲਾਂ ਵਾਂਗ ਖੋਲ੍ਹਣ ਦੀ ਮੰਗ ਕੀਤੀ ਗਈ | ਸ਼ੋਕ ਮਤਿਆਂ 'ਚ ਬਾਬਾ ਸੁੱਚਾ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਸ਼੍ਰੋਮਣੀ ਕਮੇਟੀ ਮੈਂਬਰ ਅਮੀਰ ਸਿੰਘ ਰਸੀਦਾਂ, ਸਾਬਕਾ ਮੈਂਬਰ ਜਥੇਦਾਰ ਸੁਰਜੀਤ ਸਿੰਘ ਚੀਮਾ, ਬੀਰ ਸਿੰਘ ਤੇ ਸੰਤੋਖ ਸਿੰਘ ਖੀਰਾਂਵਾਲੀ ਦੇ ਅਕਾਲ ਚਲਾਣਾ ਕਰ ਜਾਣ ਸੰਬੰਧੀ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕਰਕੇ ਸਤਿਕਾਰ ਭੇਟ ਕੀਤਾ ਗਿਆ |