17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਵਿਸਾਖੀ ਮੌਕੇ ਵੱਡੀ ਗਿਣਤੀ 'ਚ ਸੰਗਤ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ <br/>

ਅਜੀਤ ਡੈਸਕ 15-04-2026

ਨਿਹੰਗ ਸਿੰਘਾਂ ਵਲੋਂ ਮਹੱਲਾ ਅੱਜ
ਤਲਵੰਡੀ ਸਾਬੋ, 14 ਅਪ੍ਰੈਲ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਖ਼ਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲ ਦੇ ਤੀਜੇ ਦਿਨ ਅੱਜ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਗਏ ਉਥੇ ਅੱਜ (1 ਵਿਸਾਖ ਨੂੰ ) ਲੱਖਾਂ ਦੀ ਗਿਣਤੀ 'ਚ ਸੰਗਤ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਹੋਰਨਾਂ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ-ਦੀਦਾਰੇ ਕੀਤੇ | ਸਵੇਰ ਤੋਂ ਹੀ ਵੱਡੀ ਗਿਣਤੀ 'ਚ ਸੰਗਤ ਦਮਦਮਾ ਸਾਹਿਬ ਪੁੱਜਣੀ ਸ਼ੁਰੂ ਹੋ ਗਈ ਸੀ ਅਤੇ ਸੰਗਤ ਨੇ ਪਾਵਨ ਸਰੋਵਰਾਂ 'ਚ ਇਸ਼ਨਾਨ ਕੀਤੇ | ਉੱਧਰ ਤਖ਼ਤ ਸਾਹਿਬ ਦੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕੀਤੀ | ਭੋਗ ਉਪਰੰਤ ਤਖ਼ਤ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਤੋਂ ਇਲਾਵਾ ਨਾਮੀ ਧਾਰਮਿਕ ਸ਼ਖ਼ਸੀਅਤਾਂ ਨੇ ਹਾਜ਼ਰੀਆਂ ਭਰੀਆਂ | ਭਾਈ ਲਖਵਿੰਦਰ ਸਿੰਘ ਦੇ ਰਾਗੀ ਜਥੇ ਨੇ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਦੋਂਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸੰਗਤ ਨੂੰ ਖ਼ਾਲਸਾ ਸਾਜਨਾ ਦੇ ਸਮੁੱਚੇ ਇਤਿਹਾਸ ਨਾਲ ਜੋੜਿਆ | ਆਪਣੇ ਸੰਬੋਧਨ 'ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੀ ਸਿੱਖ ਕੌਮ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਸੰਗਤ ਆਪਣੇ ਬੱਚਿਆਂ ਨੂੰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਕੀਤੀਆਂ ਕੁਰਬਾਨੀਆਂ ਤੋਂ ਜਾਣੂੰ ਕਰਵਾਏ ਤਾਂ ਕਿ ਅੱਗੇ ਜਾ ਕੇ ਉਹ ਸਾਬਤ ਸੂਰਤ ਰਹਿ ਕੇ ਸਿੱਖੀ ਜੀਵਨ ਜਾਂਚ ਅਪਣਾ ਸਕਣ | ਇਸ ਮੌਕੇ ਜਥੇਦਾਰ ਬਾਬਾ ਟੇਕ ਸਿੰਘ ਨੇ ਸੰਗਤ ਨੂੰ ਖੰਡੇ ਬਾਟੇ ਦੀ ਪਾਹੁਲ ਛਕ ਕੇ ਬਾਣੀ ਅਤੇ ਬਾਣੇ ਦੇ ਧਾਰਣੀ ਬਣਨ ਦੀ ਅਪੀਲ ਕੀਤੀ | ਤਖ਼ਤ ਸਾਹਿਬ ਪ੍ਰਬੰਧਕਾਂ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ, ਸਿੰਘ ਸਾਹਿਬ ਤੇ ਹੋਰਨਾਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਬੁੱਢਾ ਦਲ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਦੱਸਿਆ ਕਿ 15 ਅਪ੍ਰੈਲ ਨੂੰ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵਲੋਂ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲਾ ਸਜਾਇਆ ਜਾਵੇਗਾ |

ਪਿਛਲੀ ਖ਼ਬਰ ਸੀ.ਬੀ.ਐਸ.ਈ. 10ਵੀਂ ਦਾ ਨਤੀਜਾ ਜਲਦ ਅਗਲੀ ਖ਼ਬਰ ਭਾਖੜਾ ਬਿਆਸ ਪ੍ਰਬੰਧਨ ਬੋਰਡ ਵਿਵਾਦ, ਭਰਤੀ ਨਿਯਮਾਂ 'ਚ ਕੇਂਦਰੀ ਦਖ਼ਲ ਨਾਲ ਭੜਕਿਆ ਮਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।