ਨਵੀਂ ਦਿੱਲੀ, 30 ਅਪ੍ਰੈਲ (ਉਪਮਾ ਡਾਗਾ ਪਾਰਥ)- ਸੁਪਰੀਮ ਕੋਰਟ ਨੇ ਅਨਿਲ ਧੀਰੂਭਾਈ ਅੰਬਾਨੀ ਗਰੁੱਪ (ਏ.ਡੀ.ਏ.ਜੀ.) ਨਾਲ ਜੁੜੇ ਬੈਂਕਿੰਗ ਘੁਟਾਲੇ ਦੇ ਮਾਮਲੇ ਦੀ ਸੁਣਵਾਈ 8 ਮਈ ਤੱਕ ਮੁਲਤਵੀ ਕਰ ਦਿੱਤੀ ਹੈ | ਸੁਪਰੀਮ ਕੋਰਟ ਸਾਬਕਾ ਪ੍ਰਸ਼ਾਸਨਿਕ ਅਧਿਕਾਰੀ ਈ.ਏ.ਐਸ. ਸ਼ਰਮਾ ਵਲੋਂ ਦਾਇਰ ਇਕ ਜਨਹਿੱਤ ਪਟੀਸ਼ਨ 'ਤੇ ਸੁਣਵਾਂਈ ਕਰ ਰਹੀ ਹੈ ਜਿਸ 'ਚ ਦੋਸ਼ ਲਗਾਇਆ ਗਿਆ ਹੈ ਕਿ ਅਨਿਲ ਅੰਬਾਨੀ ਗਰੁੱਪ ਦੀਆਂ ਕੰਪਨੀਆਂ ਨੇ 40 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਬੈਂਕ ਕਰਜ਼ੇ ਦੇ ਮਾਮਲੇ 'ਚ ਧੋਖਾਧੜੀ ਕੀਤੀ ਸੀ, ਜਿਸ ਦੀ ਅਦਾਲਤ ਦੀ ਨਿਗਰਾਨੀ 'ਚ ਜਾਂਚ ਹੋਣੀ ਚਾਹੀਦੀ ਹੈ | ਪਟੀਸ਼ਨਕਰਤਾ ਵਲੋਂ ਪੇਸ਼ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਜਾਂਚ 'ਚ ਦੇਰੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਮੁੱਖ ਦੋਸ਼ੀ ਖ਼ਿਲਾਫ਼ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ | ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਸੀ.ਬੀ.ਆਈ. ਅਤੇ ਈ.ਡੀ. ਇਸ ਮਾਮਲੇ ਦੀ ਜਾਂਚ ਕਰਦਿਆਂ ਕਈ ਵਿੱਤੀ ਪਹਿਲੂਆਂ ਦੀ ਘੋਖ ਕਰ ਰਹੀਆਂ ਹਨ | ਉਨ੍ਹਾਂ ਅਦਾਲਤ ਦੇ ਪਿਛਲੇ ਆਦੇਸ਼ ਮੁਤਾਬਿਕ ਨਵੀਂ ਸਟੇਟਸ ਰਿਪੋਰਟ ਦਾਖ਼ਲ ਕੀਤੀ ਹੈ, ਜਦਕਿ ਅਨਿਲ ਅੰਬਾਨੀ ਵਲੋਂ ਪੇਸ਼ ਹੋਏ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਕਈ ਅਹਿਮ ਤੱਥ ਅਦਾਲਤ ਦੇ ਸਾਹਮਣੇ ਪੂਰੀ ਤਰ੍ਹਾਂ ਪੇਸ਼ ਨਹੀਂ ਕੀਤੇ ਗਏ |