24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸੰਜੀਵ ਅਰੋੜਾ ਖ਼ਿਲਾਫ਼ ਈ.ਡੀ. ਦੀ ਕਾਰਵਾਈ ਨੂੰ ਲੈ ਕੇ 'ਆਪ' ਵਲੋਂ ਪੰਜਾਬ ਭਰ 'ਚ ਭਾਜਪਾ ਦਫ਼ਤਰਾਂ ਦਾ ਘਿਰਾਓ <br/>

ਅਜੀਤ ਡੈਸਕ 11-05-2026

ਮੰਤਰੀਆਂ ਤੇ ਵਿਧਾਇਕਾਂ ਦੀ ਅਗਵਾਈ ਹੇਠ ਜ਼ਬਰਦਸਤ ਪ੍ਰਦਰਸ਼ਨ
ਚੰਡੀਗੜ੍ਹ, 10 ਮਈ (ਅਜੀਤ ਬਿਊਰੋ)-'ਆਪ' ਨੇ ਐਤਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੁੱਧ ਸੂਬਾ ਵਿਆਪੀ ਪ੍ਰਦਰਸ਼ਨ ਸ਼ੁਰੂ ਕਰਦਿਆਂ ਦਾਅਵਾ ਕੀਤਾ ਕਿ ਭਾਜਪਾ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਅਤੇ ਗੈਰ-ਭਾਜਪਾ ਸਰਕਾਰਾਂ ਨੂੰ ਅਸਥਿਰ ਕਰਨ ਲਈ ਈ.ਡੀ., ਸੀ.ਬੀ.ਆਈ. ਅਤੇ ਇਨਕਮ ਟੈਕਸ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ | ਕੈਬਨਿਟ ਮੰਤਰੀ ਸੰਜੀਵ ਅਰੋੜਾ ਵਿਰੁੱਧ ਈ.ਡੀ. ਦੀ ਕਾਰਵਾਈ ਨੂੰ ਲੈ ਕੇ 'ਆਪ' ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਭਾਜਪਾ ਦਫ਼ਤਰਾਂ ਦਾ ਘਿਰਾਓ ਕੀਤਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਪ੍ਰਦਰਸ਼ਨਕਾਰੀਆਂ ਨੇ ਹੱਥਾਂ 'ਚ ਤਖ਼ਤੀਆਂ ਫੜੀਆਂ ਹੋਈਆਂ ਸਨ ਅਤੇ ਭਾਜਪਾ 'ਤੇ ਹਰ ਉਸ ਸਿਆਸੀ ਤਾਕਤ ਨੂੰ ਕੁਚਲਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਜੋ ਉਸ ਅੱਗੇ ਝੁਕਣ ਤੋਂ ਇਨਕਾਰ ਕਰਦੀ ਹੈ | ਜਿਥੇ 'ਆਪ' ਨੇ ਅਰੋੜਾ ਦੇ ਨਿਵਾਸ ਸਥਾਨ 'ਤੇ ਈ.ਡੀ. ਦੇ ਛਾਪੇ ਅਤੇ ਉਸ ਤੋਂ ਬਾਅਦ ਉਨ੍ਹਾਂ ਦੀ ਗਿ੍ਫ਼ਤਾਰੀ ਨੂੰ ਰਾਜਨੀਤੀ ਤੋਂ ਪ੍ਰੇਰਿਤ ਕਾਰਵਾਈ ਦੱਸਿਆ, ਉੱਥੇ ਹੀ ਹੈਂਪਟਨ ਸਕਾਈ ਰਿਐਲਟੀ ਲਿਮਟਿਡ (ਜਿਸ ਵਿਚ ਮੰਤਰੀ ਡਾਇਰੈਕਟਰ ਵਜੋਂ ਸੇਵਾ ਨਿਭਾਉਂਦੇ ਸਨ) ਨੇ ਕਿਹਾ ਕਿ ਕੰਪਨੀ ਨੂੰ ਕਾਨੂੰਨੀ ਪ੍ਰਕਿਰਿਆ 'ਚ ਵਿਸ਼ਵਾਸ ਹੈ ਅਤੇ ਉਹ ਸਾਰੇ ਕਾਨੂੰਨੀ ਅਧਿਕਾਰੀਆਂ ਨਾਲ ਪੂਰਾ ਸਹਿਯੋਗ ਕਰ ਰਹੀ ਹੈ ਅਤੇ ਅੱਗੇ ਵੀ ਕਰਦੀ ਰਹੇਗੀ | ਜਲੰਧਰ 'ਚ ਭਾਜਪਾ ਵਿਰੁੱਧ ਇਕ ਵਿਰੋਧ ਪ੍ਰਦਰਸ਼ਨ 'ਚ ਹਿੱਸਾ ਲੈਂਦੇ ਹੋਏ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਅਰੋੜਾ ਵਿਰੁੱਧ ਈ.ਡੀ. ਦੀ ਕਾਰਵਾਈ ਦੀ ਨਿੰਦਾ ਕੀਤੀ ਅਤੇ 'ਆਪ' ਆਗੂਆਂ ਵਿਰੁੱਧ ਮਨਮਾਨੀ ਕਰਨ ਦੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵੀ ਨਿੰਦਾ ਕੀਤੀ | ਭਗਤ ਨੇ ਦੋਸ਼ ਲਗਾਇਆ ਕਿ ਕੇਂਦਰ ਪੰਜਾਬ ਦੇ ਵਿਕਾਸ ਨੂੰ ਰੋਕਣ ਲਈ ਹਰ ਤਰ੍ਹਾਂ ਦੇ ਹੱਥਕੰਡੇ ਵਰਤ ਰਿਹਾ ਹੈ | ਭਗਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਸਿਰਫ 'ਆਪ' ਆਗੂਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕਰਨ ਲਈ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ | ਉਨ੍ਹਾਂ ਅੱਗੇ ਕਿਹਾ ਕਿ ਪੂਰੀ ਪਾਰਟੀ ਸੰਜੀਵ ਅਰੋੜਾ ਦੇ ਨਾਲ ਖੜ੍ਹੀ ਹੈ | ਹੁਸ਼ਿਆਰਪੁਰ 'ਚ 'ਆਪ' ਆਗੂਆਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ ਅਤੇ ਭਾਜਪਾ ਦੀਆਂ ਕਾਰਵਾਈਆਂ ਨੂੰ ਵਿਰੋਧੀ ਪਾਰਟੀਆਂ 'ਤੇ ਤਾਨਾਸ਼ਾਹੀ ਅਤੇ ਲੋਕਤੰਤਰ ਵਿਰੋਧੀ ਹਮਲਾ ਕਰਾਰ ਦਿੱਤਾ | ਪਾਰਟੀ ਵਰਕਰਾਂ ਨੇ ਕਿਹਾ ਕਿ ਭਾਜਪਾ ਛਾਪਿਆਂ ਅਤੇ ਜ਼ਬਰਦਸਤੀ ਕਾਰਵਾਈਆਂ ਰਾਹੀਂ ਡਰ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਅਜਿਹੀਆਂ ਚਾਲਾਂ ਅੱਗੇ ਗੋਡੇ ਨਹੀਂ ਟੇਕੇਗਾ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਨੇ ਈ.ਡੀ., ਸੀ.ਬੀ.ਆਈ. ਅਤੇ ਇਨਕਮ ਟੈਕਸ ਵਰਗੀਆਂ ਏਜੰਸੀਆਂ ਨੂੰ ਸਿਆਸੀ ਹਥਿਆਰ ਬਣਾ ਦਿੱਤਾ ਹੈ | ਜਦੋਂ ਵੀ ਭਾਜਪਾ ਨੂੰ ਸਿਆਸੀ ਹਾਰ ਜਾਂ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਹੈ, ਉਹ ਵਿਰੋਧੀ ਆਗੂਆਂ 'ਤੇ ਕੇਂਦਰੀ ਏਜੰਸੀਆਂ ਨੂੰ ਛੱਡ ਦਿੰਦੀ ਹੈ | ਚੀਮਾ ਨੇ ਦਾਅਵਾ ਕੀਤਾ ਕਿ ਭਾਜਪਾ ਲੋਕਤੰਤਰੀ ਤਰੀਕੇ ਨਾਲ ਚੁਣੀਆਂ ਗਈਆਂ ਸਰਕਾਰਾਂ ਨੂੰ ਡਰਾ-ਧਮਕਾ ਕੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ ਉਹ ਉਨ੍ਹਾਂ ਨੂੰ ਸਿਆਸੀ ਤÏਰ 'ਤੇ ਹਰਾ ਨਹੀਂ ਸਕੀ | ਪੰਜਾਬ ਦੇ ਲੋਕ ਦੇਖ ਰਹੇ ਹਨ ਕਿ ਕਿਵੇਂ ਬਦਲਾਖੋਰੀ ਦੀ ਰਾਜਨੀਤੀ ਲਈ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ | ਪਟਿਆਲਾ 'ਚ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਰੋਸ ਮਾਰਚ ਦੀ ਅਗਵਾਈ ਕੀਤੀ ਅਤੇ ਡਰ ਅਤੇ ਧਮਕਾਉਣ ਦੀ ਰਾਜਨੀਤੀ ਕਰਨ ਲਈ ਭਾਜਪਾ ਦੀ ਸਖ਼ਤ ਆਲੋਚਨਾ ਕੀਤੀ | 'ਆਪ' ਆਗੂਆਂ ਨੇ ਦੁਹਰਾਇਆ ਕਿ ਪੰਜਾਬ ਦੇ ਲੋਕ ਸਿਆਸੀ ਬਦਲਾਖੋਰੀ ਲਈ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਨੂੰ ਬਰਦਾਸ਼ਤ ਨਹੀਂ ਕਰਨਗੇ | ਮੋਹਾਲੀ, ਬਰਨਾਲਾ ਅਤੇ ਹੋਰ ਥਾਵਾਂ 'ਤੇ ਵੀ ਇਸੇ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ ਕੀਤੇ ਗਏ, ਜਦੋਂਕਿ ਬਠਿੰਡਾ ਅਤੇ ਲੁਧਿਆਣਾ ਵਿਖੇ 'ਆਪ' ਅਤੇ ਭਾਜਪਾ ਆਗੂਆਂ ਤੇ ਵਰਕਰਾਂ ਵਿਚਾਲੇ ਧੁੱਕਾ-ਮੁੱਕੀ ਹੋਣ ਦੀਆਂ ਵੀ ਖ਼ਬਰਾਂ ਹਨ |

ਪਿਛਲੀ ਖ਼ਬਰ ਅਸਾਮ ਦੇ ਰਾਜਪਾਲ ਵਲੋਂ ਹੇਮੰਤਾ ਬਿਸਵਾ ਨੂੰ ਸਰਕਾਰ ਬਣਾਉਣ ਦਾ ਸੱਦਾ <br/> ਅਗਲੀ ਖ਼ਬਰ ਪਾਕਿ ਫ਼ੌਜ ਨੇ ਸੰਘਰਸ਼ ਦੌਰਾਨ 26 ਭਾਰਤੀ ਥਾਵਾਂ ਨੂੰ ਬਣਾਇਆ ਨਿਸ਼ਾਨਾ-ਆਸਿਮ ਮੁਨੀਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।