• ਹੁਣ ਤੱਕ 63,707 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਅਤੇ ਉਨ੍ਹਾਂ ਨਾਲ ਸੰਬੰਧਿਤ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਜਾ ਰਿਹੈ
• ਮੁੱਖ ਮੰਤਰੀ ਸੰਤ ਤਿ੍ਲੋਚਨ ਦਾਸ ਦੇ 38ਵੇਂ ਗੁਰਗੱਦੀ ਦਿਵਸ ਨੂੰ ਸਮਰਪਿਤ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ 'ਚ ਸ਼ਾਮਿਲ ਹੋਏ
ਬਟਾਲਾ, 14 ਮਈ (ਹਰਦੇਵ ਸਿੰਘ ਸੰਧੂ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਹਰ ਹੀਲੇ ਸੂਬੇ 'ਚੋਂ 'ਨਸ਼ਿਆਂ ਦਾ ਕਲੰਕ' ਮਿਟਾ ਕੇ ਰਹੇਗੀ | ਉਨ੍ਹਾਂ ਕਿਹਾ ਕਿ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਨੇ ਪਹਿਲਾਂ ਹੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ, ਜਿਸ ਤਹਿਤ ਸਿਰਫ਼ 437 ਦਿਨਾਂ 'ਚ 63,707 ਤੋਂ ਵੱਧ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਪੰਜਾਬ ਭਰ 'ਚ ਨਸ਼ਿਆਂ ਦੇ ਪੈਸੇ ਨਾਲ ਬਣੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ | ਬਟਾਲਾ 'ਚ ਸੰਤ ਤਿ੍ਲੋਚਨ ਦਾਸ ਦੇ 38ਵੇਂ ਗੁਰਗੱਦੀ ਦਿਵਸ ਨੂੰ ਸਮਰਪਿਤ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਲੜਾਈ ਹੁਣ ਲੋਕ ਲਹਿਰ ਬਣ ਗਈ ਹੈ, ਜਿਸ 'ਚ ਹਰ ਪੰਜਾਬੀ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ | ਮੁੱਖ ਮੰਤਰੀ ਨੇ ਪਿਛਲੇ 112 ਦਿਨਾਂ 'ਚ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਕੀਤੀਆਂ ਗਈਆਂ ਕਾਰਵਾਈਆਂ, ਔਰਤਾਂ ਅਤੇ ਸਿਹਤ ਸੰਭਾਲ ਲਈ ਚੱਲ ਰਹੇ ਭਲਾਈ ਕਾਰਜਾਂ ਅਤੇ ਸੂਬੇ 'ਚ ਬੇਅਦਬੀ ਦੀਆਂ ਘਟਨਾਵਾਂ 'ਤੇ ਰੋਕ ਲਾਉਣ ਲਈ ਪੰਜਾਬ ਸਰਕਾਰ ਦੁਆਰਾ ਬਣਾਏ ਗਏ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਵਰਗੀਆਂ ਪਹਿਲਕਦਮੀਆਂ 'ਤੇ ਵੀ ਚਾਨਣਾ ਪਾਇਆ | ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਸ਼ਾਨਦਾਰ ਸਫਲਤਾ ਮਿਲੀ ਹੈ | ਨਸ਼ਿਆਂ ਵਿਰੁੱਧ ਕਾਰਵਾਈ ਪੂਰੀ ਤਾਕਤ ਨਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਇਸ ਲਾਹਨਤ ਦਾ ਪੰਜਾਬ 'ਚੋਂ ਪੂਰੀ ਤਰ੍ਹਾਂ ਸਫ਼ਾਇਆ ਨਹੀਂ ਹੋ ਜਾਂਦਾ | ਇਸ ਦੇ ਨਾਲ ਹੀ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਿਆ ਅਤੇ ਜ਼ਬਤ ਵੀ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 90 ਫ਼ੀਸਦ ਘਰਾਂ ਨੂੰ ਮੁਫਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ | ਅਸੀਂ ਸੜਕਾਂ ਨੂੰ ਬਿਹਤਰ ਬਣਾਇਆ ਹੈ, ਟੋਲ ਪਲਾਜ਼ਾ ਬੰਦ ਕੀਤੇ ਹਨ ਅਤੇ ਸੂਬੇ ਭਰ 'ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ | ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਅਤੇ ਸਿੰਜਾਈ ਲਈ ਦਿਨ ਵੇਲੇ ਬਿਜਲੀ ਦਿੱਤੀ ਗਈ ਹੈ | ਸਿਹਤ ਸੰਭਾਲ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ | ਪੰਜਾਬ ਸਰਕਾਰ ਵਲੋਂ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਸ਼ੁਰੂ ਗਈ ਕੀਤੀ ਹੈ, ਜਿਸ ਤਹਿਤ ਅਨੁਸੂਚਿਤ ਵਰਗ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1,500 ਰੁਪਏ ਅਤੇ ਹੋਰ ਵਰਗਾਂ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਮਿਲਣਗੇ | ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਾਹਿਗੁਰੂ ਦੀ ਕਿਰਪਾ ਸਦਕਾ ਇਸ ਇਤਿਹਾਸਕ ਕਾਨੂੰਨ ਨੂੰ ਲਾਗੂ ਕਰਕੇ ਮੈਨੂੰ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਜਿਸ 'ਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ | ਸੰਤ ਤਰਲੋਚਨ ਦਰਸ਼ਨ ਦਾਸ ਦਾ 38ਵਾਂ ਗੱਦੀ ਦਿਵਸ ਸੱਚਖੰਡ ਸ੍ਰੀ ਨਾਨਕ ਧਾਮ ਅੰਮਿ੍ਤਸਰ-ਜਲੰਧਰ ਬਾਈਪਾਸ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਮਾਗਮ 'ਚ ਮੁੱਖ ਮੰਤਰੀ ਤੋਂ ਇਲਾਵਾ ਮਹਾਂਮੰਡਲੇਸ਼ਵਰ ਸੰਤ ਕਿ੍ਸ਼ਨ ਸ਼ਾਹ ਵਿਦਿਆਰਥੀ, ਅਨਾਨਤ ਰਿਸ਼ੀ ਗੋਸਾਵਮੀ ਵਰਿੰਦਾਵਨ, ਸਵਾਮੀ ਅਭਿਰਾਮਚਾਰੀਆ ਪਿ੍ਆਗਰਾਜ, ਸਵਾਮੀ ਅਨੰਤਾ ਨੰਦ (ਰਾਮ ਜੀ), ਬਾਬਾ ਚਰਨਜੀਤ ਦਾਸ, ਬਾਬ ਮੁਕੇਸ਼, ਬਾਬਾ ਓਮ ਪ੍ਰਕਾਸ਼, ਬਾਬਾ ਸੁਰਜੀਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਸੰਤ ਤਰਲੋਚਨ ਦਰਸ਼ਨ ਦਾਸ ਨੇ ਕਿਹਾ ਕਿ ਪ੍ਰਮਾਤਮਾ ਅਤੇ ਗੁਰੂ ਦੀ ਭਗਤੀ ਬਹੁਤ ਜ਼ਰੂਰੀ ਹੈ, ਕਿਉਂਕਿ ਪ੍ਰਮਾਤਮਾ ਅਤੇ ਗੁਰੂ ਦੀ ਭਗਤੀ ਤੋਂ ਬਿਨਾਂ ਅਸੀਂ ਕੁਝ ਵੀ ਪ੍ਰਾਪਤ ਨਹੀਂ ਕਰ ਸਕਦੇ | ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਰਮਨ ਬਹਿਲ, ਸਵਰਨ ਸਲਾਰੀਆ, ਜਗਰੂਪ ਸਿੰਘ ਸੇਖਵਾਂ, ਦਾਸ ਸੁਨੀਲ, ਦਾਸ ਬੰਟੀ ਮਰਵਾਹਾ, ਦਾਸ ਧੰਨਰਾਜ ਸਿੰਘ, ਦਾਸ ਸਤਨਾਮ ਸਿੰਘ, ਦਾਸ ਕੋਮਲ, ਦਾਸ ਹਰਪ੍ਰੀਤ ਸਿੰਘ, ਦਾਸ ਰਿੰਪੀ, ਦਾਸ ਬੌਬੀ, ਦਾਸ ਹੈਪੀ, ਕਾਂਤ ਹੈਪੀ ਆਦਿ ਹਾਜ਼ਰ ਸਨ |
ਅਸੀਂ ਪੰਜਾਬ 'ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ-ਭਗਵੰਤ ਮਾਨ <br/>
ਅਜੀਤ ਡੈਸਕ
15-05-2026