ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਪੰਜਾਬ 'ਚ ਐਸ. ਆਈ. ਆਰ.-ਅਨਿੰਦਿਤਾ ਮਿਤਰਾ <br/>
ਅਜੀਤ ਡੈਸਕ
15-05-2026
ਚੰਡੀਗੜ੍ਹ, 14 ਮਈ (ਅਜੀਤ ਬਿਊਰੋ)-ਪੰਜਾਬ 'ਚ ਵੋਟਰ ਸੂਚੀਆਂ ਦੀ ਐਸ. ਆਈ. ਆਰ. ਨੂੰ ਪੂਰੀ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜਿ੍ਹਆ ਜਾਵੇਗਾ | ਉਕਤ ਪ੍ਰਗਟਾਵਾ ਅੱਜ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਿਤਾ ਮਿਤਰਾ ਨੇ ਕੀਤਾ | ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਅਧੀਨ ਪੰਜਾਬ 'ਚ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਬੀ.ਐਲ.ਓਜ਼ ਘਰੋ-ਘਰੀ ਜਾ ਕੇ ਵੋਟਰਾਂ ਦੇ ਫਾਰਮ ਭਰਵਾਉਣਗੇ | ਇਸ ਕਾਰਜ ਲਈ 24453 ਬੀ.ਐਲ.ਓਜ਼, 2476 ਸੁਪਰਵਾਈਜ਼ਰ, 117 ਈ.ਆਰ.ਓਜ਼ ਅਤੇ 234 ਏ.ਈ.ਆਰ.ਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਹਰੇਕ ਬੀ.ਐਲ.ਓ ਨੂੰ ਅÏਸਤ 300 ਘਰ ਤੇ 1200 ਵੋਟਰ ਹੀ ਐਸ.ਆਈ.ਆਰ. ਲਈ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਸੰਬੰਧੀ ਬੀ.ਐਲ.ਓਜ਼. ਨੂੰ ਸਿਖਲਾਈ ਦੇਣ ਅਤੇ ਹੋਰ ਤਿਆਰੀਆਂ ਸੰਬੰਧੀ ਕੰਮ 15 ਜੂਨ ਤੋਂ 24 ਜੂਨ ਤੱਕ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ 'ਚ ਸ਼ਾਮਿਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ 'ਚੋਂ ਬਾਹਰ ਕਰਨਾ ਹੈ | ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਸੰਵਿਧਾਨ ਅਨੁਸਾਰ ਅਪਰਾਧ ਹੈ ਜਿਸ ਲਈ ਇਕ ਸਾਲ ਤੱਕ ਦੀ ਕੈਦ ਦੀ ਸਜ਼ਾ ਹੈ | ਮਿਤਰਾ ਨੇ ਦੱਸਿਆ ਕਿ ਸੂਬੇ ਦੇ ਸਾਰੇ ਵੋਟਰਾਂ ਨੂੰ ਐਸ.ਆਈ.ਆਰ. ਅਧੀਨ ਫਾਰਮ ਭਰਨਾ ਪਵੇਗਾ | ਉਨ੍ਹਾਂ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਧਿਕਾਰੀ ਪੰਜਾਬ ਵੱਲੋਂ ਕੀਤੀ ਗਈ ਪ੍ਰੀ ਐਸ.ਆਈ.ਆਰ. ਮੈਪਿੰਗ ਤਹਿਤ ਸੂਬੇ ਦੇ 2 ਕਰੋੜ 14 ਲੱਖ 57 ਹਜ਼ਾਰ 160 ਵੋਟਰਾਂ 'ਚੋਂ 1 ਕਰੋੜ 79 ਲੱਖ 56 ਹਜ਼ਾਰ 656 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 83.69 ਫ਼ੀਸਦ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਦਿਹਾਤੀ ਇਲਾਕਿਆਂ 'ਚ 89.58 ਫ਼ੀਸਦੀ ਮੈਪਿੰਗ ਹੋ ਚੁੱਕੀ ਹੈ ਜਦਕਿ ਸ਼ਹਿਰੀ ਖੇਤਰਾਂ 'ਚ 73 ਫ਼ੀਸਦੀ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਐਸ. ਆਈ. ਆਰ. ਲਈ 1 ਜਨਵਰੀ, 2003 ਨੂੰ ਯੋਗਤਾ ਮਿਤੀ ਨਿਰਧਾਰਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦਾ ਕਾਰਜ 24 ਜੁਲਾਈ 2026 ਤੱਕ ਕੀਤਾ ਜਾਵੇਗਾ ਤੇ ਵੋਟਰ ਸੂਚੀ ਦਾ ਖਰੜਾ 31 ਜੁਲਾਈ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ | ਵੋਟਰ ਸੂਚੀਆਂ ਸੰਬੰਧੀ ਇਤਰਾਜ਼ ਤੇ ਦਾਅਵੇ 31 ਜੁਲਾਈ ਤੋਂ 30 ਅਗਸਤ ਤੱਕ ਪੇਸ਼ ਕੀਤੇ ਜਾ ਸਕਦੇ ਹਨ | ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 31 ਜੁਲਾਈ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ | ਅਨਿੰਦਿਤਾ ਮਿਤਰਾ ਨੇ ਪੰਜਾਬ ਰਾਜ ਦੇ ਸਮੂਹ ਵੋਟਰਾਂ ਨੂੰ ਐਸ. ਆਈ. ਆਰ. 'ਚ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਦੌਰਾਨ ਆਧਾਰ ਕਾਰਡ ਨੂੰ ਸਿਰਫ਼ ਪਹਿਚਾਣ ਦੇ ਸਰੋਤ ਵਜੋਂ ਹੀ ਮਾਨਤਾ ਦਿੱਤੀ ਗਈ ਹੈ ਨਾ ਕਿ ਪਹਿਚਾਣ ਦੇ ਸਬੂਤ ਵਜੋਂ | ਉਨ੍ਹਾਂ ਦੱਸਿਆ ਕਿ ਐਸ. ਆਈ. ਆਰ. ਦੇ ਹਰੇਕ ਪੜਾਅ 'ਤੇ ਰਾਜਨੀਤਕ ਪਾਰਟੀਆਂ ਨੂੰ ਸ਼ਾਮਿਲ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਉਹ 15 ਮਈ 2026 ਨੂੰ ਰਾਜ ਦੀਆਂ ਰਾਜਨੀਤਕ ਪਾਰਟੀਆਂ ਨਾਲ ਮੀਟਿੰਗ ਕਰਨਗੇ |