ਚੰਡੀਗੜ੍ਹ, 3 ਜੂਨ (ਸੰਦੀਪ ਕੁਮਾਰ ਮਾਹਨਾ) ਪੰਜਾਬ ਭਾਜਪਾ ਦੇ ਨਵੇਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅਹੁਦਾ ਸੰਭਾਲਦੇ ਹੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਸਿਆਸੀ ਦਾਅਵਾ ਕੀਤਾ ਹੈ। ਚੰਡੀਗੜ੍ਹ ਵਿਖੇ ਅੱਜ ਹੋਏ ਤਾਜਪੋਸ਼ੀ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਲਈ ਤਿਆਰ ਹਨ ਅਤੇ ਭਾਜਪਾ ਸੂਬੇ ਵਿਚ ਵਿਕਾਸ ਅਤੇ ਸੁਸ਼ਾਸਨ ਦਾ ਨਵਾਂ ਇਤਿਹਾਸ ਲਿਖੇਗੀ। ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਵਜੋਂ ਰਸਮੀ ਤੌਰ 'ਤੇ ਤਾਜਪੋਸ਼ੀ ਕੀਤੀ ਗਈ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸੰਸਦ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ, ਸੰਸਦ ਮੈਂਬਰ ਡਾ. ਅਸ਼ੋਕ ਮਿੱਤਲ, ਸੰਸਦ ਮੈਂਬਰ ਸਤਨਾਮ ਸਿੰਘ ਸੰਧੂ, ਪੰਜਾਬ ਦੇ ਸਹਿ ਇੰਚਾਰਜ ਨਰਿੰਦਰ ਸਿੰਘ ਰੈਨਾ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਮੰਤਰੀ ਤੇ ਸੀਨੀਅਰ ਆਗੂ ਮਨੋਰੰਜਨ ਕਾਲੀਆ, ਸੋਮ ਪ੍ਰਕਾਸ਼, ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਕੌਮੀ ਐਸ.ਸੀ. ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ, ਸਾਬਕਾ ਮੰਤਰੀਆਂ ਵਿਚ ਮਨਪ੍ਰੀਤ ਸਿੰਘ ਬਾਦਲ, ਰਾਣਾ ਗੁਰਮੀਤ ਸਿੰਘ ਸੋਢੀ, ਫ਼ਤਹਿ ਜੰਗ ਸਿੰਘ ਬਾਜਵਾ, ਸੁਰਜੀਤ ਕੁਮਾਰ ਜਿਆਣੀ, ਕੌਮੀ ਆਗੂ ਅਮਨਜੋਤ ਕੌਰ ਰਾਮੂਵਾਲੀਆ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਰਹੇ। ਸਮਾਗਮ ਦੌਰਾਨ ਪਾਰਟੀ ਵਰਕਰਾਂ ਵਲੋਂ ਨਾਅਰੇਬਾਜ਼ੀ ਕਰਦਿਆਂ ਨਵੇਂ ਪ੍ਰਧਾਨ ਦਾ ਭਰਵਾਂ ਸਵਾਗਤ ਕੀਤਾ ਗਿਆ। ਕੇਵਲ ਸਿੰਘ ਢਿੱਲੋਂ ਵਲੋਂ ਪੰਜਾਬ ਪ੍ਰਧਾਨ ਵਜੋਂ ਆਪਣੇ ਕਾਰਜਕਾਲ ਦੀ ਸ਼ੁਰੂਆਤ ਮੌਕੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਆਪਣੇ ਨਵੇਂ ਸੂਬਾ ਪ੍ਰਧਾਨ ਦੇ ਦਫ਼ਤਰ 'ਚ ਪਹਿਲਾਂ ਅਰਦਾਸ ਕਰਵਾਈ ਅਤੇ ਉਸ ਤੋਂ ਬਾਅਦ ਹਿੰਦੂ ਰੀਤੀ-ਰਿਵਾਜਾਂ ਅਨੁਸਾਰ ਮੰਤਰ ਉਚਾਰਨ ਕੀਤਾ ਗਿਆ। ਇਸ ਮੌਕੇ ਨਾਇਬ ਸਿੰਘ ਸੈਣੀ, ਸੌਦਾਨ ਸਿੰਘ, ਤਰੁਣ ਚੁੱਘ, ਨਰਿੰਦਰ ਸਿੰਘ ਰੈਣਾ, ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਵਿਜੇ ਸਾਂਪਲਾ, ਸ਼ਵੇਤ ਮਲਿਕ, ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਸੰਸਦ ਮੈਂਬਰ ਡਾ. ਅਸ਼ੋਕ ਮਿੱਤਲ ਸਮੇਤ ਹੋਰ ਆਗੂਆਂ ਨੇ ਕੇਵਲ ਸਿੰਘ ਢਿੱਲੋਂ ਨੂੰ ਲੱਡੂ ਖੁਆ ਕੇ ਅਤੇ ਗੁਲਦਸਤੇ ਭੇਟ ਕਰਕੇ ਵਧਾਈ ਦਿੱਤੀ। ਤਾਜਪੋਸ਼ੀ ਮਗਰੋਂ ਆਪਣੇ ਸੰਬੋਧਨ 'ਚ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਅੱਜ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਲੋਕ ਮੌਜੂਦਾ ਪ੍ਰਬੰਧ ਤੋਂ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸੂਬੇ 'ਚ ਇਕ ਮਜ਼ਬੂਤ ਬਦਲ ਵਜੋਂ ਉੱਭਰ ਰਹੀ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਪਾਰਟੀ ਸਰਕਾਰ ਬਣਾਉਣ ਲਈ ਪੂਰੀ ਤਰਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ 'ਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਦੇ ਲੋਕਾਂ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਦੀ ਤਰਜ਼ 'ਤੇ ਪ੍ਰਸ਼ਾਸਨ ਦੇਖਣ ਨੂੰ ਮਿਲੇਗਾ। ਢਿੱਲੋਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿਚ ਧਰਮ, ਜਾਤ ਅਤੇ ਵਰਗ ਤੋਂ ਉਪਰ ਉੱਠ ਕੇ ਸਾਰਿਆਂ ਨੂੰ ਬਰਾਬਰ ਦਾ ਸਨਮਾਨ ਦਿੱਤਾ ਸੀ ਅਤੇ ਇਨਸਾਫ਼ਪੂਰਨ ਸ਼ਾਸਨ ਮੁਹੱਈਆ ਕਰਵਾਇਆ ਸੀ। ਭਾਜਪਾ ਵੀ ਉਸੇ ਸੋਚ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰੇਗੀ ਅਤੇ ਸੂਬੇ ਨੂੰ ਤਰੱਕੀ, ਅਮਨ ਅਤੇ ਖੁਸ਼ਹਾਲੀ ਦੇ ਰਾਹ 'ਤੇ ਅੱਗੇ ਲੈ ਕੇ ਜਾਵੇਗੀ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੇ ਸੂਬਾ ਪ੍ਰਧਾਨ ਬਣਨ ਨਾਲ ਪੰਜਾਬ ਭਾਜਪਾ ਨੂੰ ਨਵੀਂ ਤਾਕਤ ਅਤੇ ਦਿਸ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਢਿੱਲੋਂ ਦਾ ਵਿਸ਼ਾਲ ਸਿਆਸੀ ਤਜਰਬਾ, ਲੋਕਾਂ ਨਾਲ ਮਜ਼ਬੂਤ ਜੁੜਾਅ ਅਤੇ ਸੰਗਠਨਾਤਮਿਕ ਯੋਗਤਾ ਪਾਰਟੀ ਨੂੰ ਆਉਣ ਵਾਲੇ ਸਮੇਂ 'ਚ ਹੋਰ ਮਜ਼ਬੂਤ ਬਣਾਉਣ 'ਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਦੀ ਸਿਆਸਤ 'ਚ ਇੱਕ ਵੱਡੀ ਤਾਕਤ ਵਜੋਂ ਉਭਰੇਗੀ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਕੇਵਲ ਸਿੰਘ ਢਿੱਲੋਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ 2027 'ਚ ਪੰਜਾਬ ਵਿਚ ਭਾਜਪਾ ਮਹਾਰਾਜਾ ਰਣਜੀਤ ਸਿੰਘ ਦੇ ਸੁਸ਼ਾਸਨ ਤੋਂ ਪ੍ਰੇਰਿਤ ਸਰਕਾਰ ਦੇਵੇਗੀ। ਉਨ੍ਹਾਂ ਇਸ ਨੂੰ 'ਖ਼ਾਲਸਾ ਰਾਜ' ਦੀ ਭਾਵਨਾ ਨਾਲ ਜੋੜਦਿਆਂ ਕਿਹਾ ਕਿ ਭਾਜਪਾ ਪੰਜਾਬ ਨੂੰ ਵਿਕਾਸ, ਸੁਰੱਖਿਆ ਅਤੇ ਸਮਾਜਿਕ ਸਾਂਝ ਦੀ ਰਾਹ 'ਤੇ ਲੈ ਕੇ ਜਾਵੇਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਨਵਾਂ ਨਾਅਰਾ 'ਨਾ ਆਪਦਾ, ਨਾ ਕਾਂਪਦਾ, ਪੰਜਾਬ ਮੰਗਦਾ ਭਾਜਪਾ' ਦਿੱਤਾ ਅਤੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਤੋਂ ਮੁਕਤੀ ਦਿਵਾਉਣ ਦੀ ਸਮਰੱਥਾ ਸਿਰਫ਼ ਭਾਜਪਾ ਕੋਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਤੋਂ ਹੀ 'ਆਪ' ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਨੇ ਪੰਜਾਬ ਲਈ ਹਮੇਸ਼ਾ ਕੁਰਬਾਨੀਆਂ ਅਤੇ ਤਿਆਗ ਕੀਤਾ ਹੈ। ਪਾਰਟੀ ਨੇ ਹਿੰਦੂ-ਸਿੱਖ ਏਕਤਾ ਨੂੰ ਮਜ਼ਬੂਤ ਕਰਨ ਲਈ ਇਕ ਖੇਤਰੀ ਪਾਰਟੀ ਦੇ ਛੋਟੇ ਭਰਾ ਵਜੋਂ ਵੀ ਭੂਮਿਕਾ ਨਿਭਾਈ। ਅੱਜ ਵੀ ਭਾਜਪਾ ਦਾ ਸਭ ਤੋਂ ਵੱਡਾ ਮਕਸਦ ਚੋਣ ਜਿੱਤ ਤੋਂ ਵੱਧ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਹੈ। ਕਾਂਗਰਸ ਦਾ ਨਾਂਅ ਲਏ ਬਿਨਾਂ ਜਾਖੜ ਨੇ ਕਿਹਾ ਕਿ ਕੁਝ ਲੋਕ ਆਪਣੇ ਆਪ ਨੂੰ ਧਰਮ ਨਿਰਪੱਖ ਕਹਿੰਦੇ ਹਨ ਪਰ ਸਿਆਸਤ ਧਰਮ ਅਤੇ ਜਾਤ-ਪਾਤ ਦੇ ਨਾਂਅ 'ਤੇ ਕਰਦੇ ਹਨ। ਉਹ ਪੰਜਾਬ 'ਚ ਵੰਡ ਦੀ ਰਾਜਨੀਤੀ ਕਰ ਰਹੇ ਹਨ ਅਤੇ ਇਸ ਦਾ ਇਲਾਜ ਸਿਰਫ਼ ਭਾਜਪਾ ਕੋਲ ਹੈ। ਇਸ ਮੌਕੇ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਬੀਬਾ ਜੈ ਇੰਦਰ ਕੌਰ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਸਾਬਕਾ ਵਿਧਾਇਕ ਦਿਨੇਸ਼ ਬੱਬੂ, ਸੂਬਾ ਕਾਰਜਕਾਰਨੀ ਮੈਂਬਰ ਅਮਰਜੀਤ ਸਿੰਘ ਟਿੱਕਾ, ਅਸ਼ਵਨੀ ਸੇਖੜੀ, ਜੈਸਮੀਨ ਕੌਰ ਸੰਧਾਵਾਲੀਆ, ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਸਾਬਕਾ ਆਈ.ਏ.ਐਸ. ਅਧਿਕਾਰੀ ਐਸ.ਐਸ. ਚੰਨੀ, ਸਾਬਕਾ ਮੰਤਰੀ ਤੀਕਸ਼ਨ ਸੂਦ, ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਵਿਨੀਤ ਜੋਸ਼ੀ ਸਮੇਤ ਵੱਡੀ ਗਿਣਤੀ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਪੁੱਜੇ ਵਰਕਰਾਂ ਵਿਚ ਖਾਸਾ ਉਤਸ਼ਾਹ ਵੇਖਣ ਨੂੰ ਮਿਲਿਆ। ਕਾਰਕੁਨਾਂ ਨੇ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ 'ਚ ਭਾਜਪਾ ਦੀ ਜਿੱਤ ਯਕੀਨੀ ਬਣਾਉਣ ਦਾ ਸੰਕਲਪ ਵੀ ਦੁਹਰਾਇਆ।
2027 ਦੀਆਂ ਵਿਧਾਨ ਸਭਾ ਚੋਣਾਂ ਲੜਨ ਲਈ ਤਿਆਰ ਹਾਂ-ਬਿੱਟੂ
ਚੰਡੀਗੜ÷ , 3 ਜੂਨ (ਸੰਦੀਪ ਕੁਮਾਰ ਮਾਹਨਾ) ਪੰਜਾਬ ਭਾਜਪਾ 'ਚ ਸੰਗਠਨਾਤਮਿਕ ਤਬਦੀਲੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੂਬਾਈ ਰਾਜਨੀਤੀ 'ਚ ਸਰਗਰਮ ਭੂਮਿਕਾ ਨਿਭਾਉਣ ਦੀ ਇੱਛਾ ਜ਼ਾਹਿਰ ਕਰਦਿਆਂ ਕਿਹਾ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਲੜਨ ਲਈ ਤਿਆਰ ਹਨ। ਬਿੱਟੂ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਤਰਜੀਹ ਪੰਜਾਬ ਵਿਚ ਰਹਿ ਕੇ ਲੋਕਾਂ ਦੀ ਸਿੱਧੀ ਸੇਵਾ ਕਰਨ ਅਤੇ ਭਾਜਪਾ ਨੂੰ ਸੱਤਾ ਤੱਕ ਪਹੁੰਚਾਉਣ ਦੀ ਹੈ। ਕੇਂਦਰੀ ਮੰਤਰੀ ਬਿੱਟੂ ਨੇ ਕਿਹਾ ਕਿ ਪਿਛਲੇ 17 ਸਾਲਾਂ ਤੋਂ ਉਹ ਦਿੱਲੀ ਦੀ ਰਾਜਨੀਤੀ ਦਾ ਹਿੱਸਾ ਰਹੇ ਹਨ ਅਤੇ ਲੋਕ ਸਭਾ ਤੇ ਰਾਜ ਸਭਾ ਦੋਵਾਂ ਸਦਨਾਂ 'ਚ ਪੰਜਾਬ ਦੀ ਨੁਮਾਇੰਦਗੀ ਕਰਦੇ ਰਹੇ ਹਨ। ਹੁਣ ਉਹ ਪੰਜਾਬ ਦੇ ਲੋਕਾਂ ਵਿਚ ਰਹਿ ਕੇ ਜ਼ਮੀਨੀ ਪੱਧਰ 'ਤੇ ਕੰਮ ਕਰਨਾ ਚਾਹੁੰਦੇ ਹਨ ਅਤੇ ਸੂਬੇ ਦੇ ਵਿਕਾਸ ਲਈ ਆਪਣਾ ਯੋਗਦਾਨ ਪਾਉਣਾ ਚਾਹੁੰਦੇ ਹਨ। ਬਿੱਟੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਨੂੰ ਸੂਬੇ 'ਚ ਡਬਲ ਇੰਜਣ ਸਰਕਾਰ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ÷ ਾਂ ਕਿਹਾ ਕਿ ਪਾਰਟੀ ਦੇ ਸਾਰੇ ਆਗੂ ਇਕ ਟੀਮ ਵਜੋਂ ਕੰਮ ਕਰ ਰਹੇ ਹਨ ਅਤੇ ਹਰ ਕਿਸੇ ਦਾ ਟੀਚਾ ਪੰਜਾਬ ਵਿਚ ਭਾਜਪਾ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੀਆਂ ਅਟੈਚੀਆਂ ਪੈਕ ਕਰ ਲਈਆਂ ਹਨ ਅਤੇ ਹੁਣ ਪੂਰੇ ਪੰਜਾਬ 'ਚ ਜਾ ਕੇ ਲੋਕਾਂ ਨਾਲ ਸੰਪਰਕ ਕਰਾਂਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਵਾਂਗੇ। ਬਿੱਟੂ ਨੇ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ ਭਾਜਪਾ ਇਸ ਬਦਲਾਅ ਦੀ ਅਗਵਾਈ ਕਰਨ ਲਈ ਤਿਆਰ ਹੈ।
ਕੇਵਲ ਸਿੰਘ ਢਿੱਲੋਂ ਨੇ ਪੰਜਾਬ ਭਾਜਪਾ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ <br/>
ਅਜੀਤ ਡੈਸਕ
04-06-2026