ਪੰਜਾਬ ਕਾਂਗਰਸ ਆਗੂਆਂ ਨਾਲ ਦਿੱਲੀ 'ਚ ਨਿਗਰਾਨਾਂ ਵਲੋਂ ਮੀਟਿੰਗਾਂ
ਅਜੀਤ ਡੈਸਕ
17-06-2026
ਚੰਡੀਗੜ੍ਹ, 16 ਜੂਨ (ਵਿਕਰਮਜੀਤ ਸਿੰਘ ਮਾਨ)-ਕਾਂਗਰਸ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵਿਚ ਸੰਭਾਵਿਤ ਤਬਦੀਲੀ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਣਾਈ ਤਿੰਨ ਨਿਗਰਾਨਾਂ ਦੀ ਕਮੇਟੀ ਵਲੋਂ ਅੱਜ ਦਿੱਲੀ ਵਿਖੇ ਪੰਜਾਬ ਕਾਂਗਰਸ ਆਗੂਆਂ ਨਾਲ ਮੀਟਿੰਗਾਂ ਦਾ ਆਗਾਜ਼ ਕਰ ਦਿੱਤਾ ਗਿਆ | ਪੰਜਾਬ ਅੰਦਰ ਲੀਡਰਸ਼ਿਪ ਤਬਦੀਲੀ ਤੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਾਲਾਤ ਦਾ ਜਾਇਜ਼ਾ ਲੈਣ ਲਈ ਇਸ ਕਮੇਟੀ ਨੇ ਅੱਜ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨਾਂ ਤੇ ਸੀਨੀਅਰ ਕਾਂਗਰਸ ਆਗੂਆਂ ਨੇ ਇਕੱਲਿਆਂ-ਇਕੱਲਿਆਂ ਮੀਟਿੰਗ ਕੀਤੀ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਦੌਰਾਨ ਬਹੁਤੇ ਆਗੂਆਂ ਨੇ ਲੀਡਰਸ਼ਿਪ ਤਬਦੀਲੀ ਸੰਬੰਧੀ ਖੁੱਲ੍ਹ ਕੇ ਆਪਣੀ ਰਾਏ ਦਿੱਤੀ ਤੇ ਪੰਜਾਬ ਵਿਚ ਲੀਡਰਸ਼ਿਪ ਤਬਦੀਲੀ ਨੂੰ ਸਮੇਂ ਦੀ ਲੋੜ ਦੱਸਦਿਆਂ ਇਸ ਸੰਬੰਧੀ ਜਲਦੀ ਫ਼ੈਸਲਾ ਲੈਣ ਦੀ ਸਲਾਹ ਦਿੱਤੀ | ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੀ ਸਥਿਤੀ ਤੇ ਸਿਆਸੀ ਮਾਹੌਲ ਦਾ ਜਾਇਜ਼ਾ ਲੈਣ ਲਈ ਕੁਝ ਦਿਨ ਪਹਿਲਾਂ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਅਜੈ ਮਾਕਨ, ਮੀਨਾਕਸ਼ੀ ਨਟਰਾਜਨ ਤੇ ਭਜਨ ਲਾਲ ਜਾਟਵ ਨੂੰ ਨਿਗਰਾਨ ਨਿਯੁਕਤ ਕੀਤਾ ਸੀ | ਇਨ੍ਹਾਂ ਨਿਗਰਾਨਾਂ ਨੂੰ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਦਾ ਮੁਲਾਂਕਣ ਕਰਕੇ ਪਾਰਟੀ ਹਾਈਕਮਾਨ ਨੂੰ ਆਪਣੀ ਰਿਪੋਰਟ ਸੌਂਪਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ | ਤਿੰਨੋਂ ਨਿਗਰਾਨਾਂ ਨੇ ਪਹਿਲੇ ਦਿਨ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਸਾਬਕਾ ਪੰਜਾਬ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸਾਬਕਾ ਉਪ ਮੁੱਖ ਮੰਤਰੀ ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਅੰਮਿ੍ਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਅÏਜਲਾ ਤੇ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਵਿਜੈ ਇੰਦਰ ਸਿੰਗਲਾ ਨਾਲ ਨਿਗਰਾਨਾਂ ਨੇ ਮੁਲਾਕਾਤ ਕੀਤੀ | ਇਸ ਦੇ ਇਲਾਵਾ ਕੁਝ ਹੋਰ ਸੀਨੀਅਰ ਆਗੂਆਂ ਦੀ ਰਾਏ ਵੀ ਕਮੇਟੀ ਵਲੋਂ ਲਈ ਗਈ | ਇਸ ਮਗਰੋਂ ਦਿੱਲੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸਮੀਖਿਆ (ਐੱਸ.ਆਈ.ਆਰ) ਤੇ ਹਾਲ ਹੀ ਵਿਚ ਹੋਈਆਂ ਨਗਰ ਨਿਗਮ ਚੋਣਾਂ ਨਾਲ ਸੰਬੰਧਿਤ ਮੁੱਦਿਆਂ 'ਤੇ ਵੀ ਚਰਚਾ ਹੋਈ | ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਬਾਰੇ ਸੂਬਾਈ ਆਗੂਆਂ ਤੋਂ ਫੀਡਬੈਕ ਲਿਆ ਗਿਆ ਹੈ | ਇਕ ਸੀਨੀਅਰ ਆਗੂ ਨੇ ਦੱਸਿਆ ਕਿ ਆਉਣ ਵਾਲੀਆਂ ਚੋਣਾਂ ਵਿਚ ਕਿਹੜੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਣਾ ਚਾਹੀਦਾ ਹੈ, ਇਸ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ | ਜ਼ਿਕਰਯੋਗ ਹੈ ਕਿ ਤਿੰਨ ਦਿਨਾਂ ਤੱਕ ਚੱਲਣ ਵਾਲੀ ਇਸ ਕਵਾਇਦ ਦੌਰਾਨ ਨਿਗਰਾਨ ਵਿਧਾਇਕਾਂ, ਸਾਬਕਾ ਸੰਸਦ ਮੈਂਬਰਾਂ, ਸਾਬਕਾ ਵਿਧਾਇਕਾਂ ਤੇ ਜ਼ਿਲ੍ਹਾ ਇਕਾਈਆਂ ਦੇ ਪ੍ਰਧਾਨਾਂ ਨਾਲ ਵੀ ਮੀਟਿੰਗਾਂ ਕਰਨਗੇ | ਸੂਤਰਾਂ ਅਨੁਸਾਰ ਨਿਗਰਾਨ ਪੰਜਾਬ ਕਾਂਗਰਸ 'ਚ ਧੜੇਬੰਦੀ ਸੰਬੰਧੀ ਵਿਚਾਰ ਜਾਣਨ ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸੁਝਾਅ ਵੀ ਲੈਣਗੇ | ਇਸ ਤੋਂ ਪਹਿਲਾਂ ਪੰਜਾਬ ਮਾਮਲਿਆਂ ਦੇ ਇੰਚਾਰਜ ਕਾਂਗਰਸ ਦੇ ਜਨਰਲ ਸਕੱਤਰ ਭੁਪੇਸ਼ ਬਘੇਲ ਨੇ ਸੂਬਾ ਕਾਂਗਰਸ ਲੀਡਰਸ਼ਿਪ ਵਿਚ ਤਬਦੀਲੀ ਦੀਆਂ ਅਟਕਲਾਂ ਨੂੰ ਖ਼ਾਰਜ ਕਰ ਦਿੱਤਾ ਸੀ | ਉਨ੍ਹਾਂ ਸਪੱਸ਼ਟ ਕੀਤਾ ਸੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਪਾਰਟੀ ਦੇ ਸਾਰੇ ਆਗੂ ਇੱਕਜੁੱਟ ਹੋ ਕੇ ਲੜਨਗੇ | ਕੱਲ੍ਹ ਸਾਬਕਾ ਵਿਧਾਇਕਾਂ ਦੀ ਮੀਟਿੰਗ ਦਾ ਸਿਲਸਿਲਾ ਸਵੇਰੇ ਕਰੀਬ 9 ਵਜੇ ਤੋਂ ਸ਼ੁਰੂ ਕੀਤਾ ਜਾਵੇਗਾ, ਜਿਸ ਦੌਰਾਨ ਸਾਬਕਾ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਵੀ ਕਮੇਟੀ ਨੂੰ ਆਪਣੀ ਰਾਏ ਦੇਣ ਜਾਣਗੇ |