ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰੀ ਨੌਕਰੀਆਂ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ| ਇੱਥੋਂ ਤੱਕ ਕਿ ਵਿਦੇਸ਼ ਗਏ ਨੌਜਵਾਨ ਵੀ ਹੁਣ ਸਰਕਾਰ ਦੀ ਪਾਰਦਰਸ਼ੀ ਅਤੇ ਯੋਗਤਾ-ਆਧਾਰਿਤ ਭਰਤੀ ਨੀਤੀ ਰਾਹੀਂ ਰੁਜ਼ਗਾਰ ਪ੍ਰਾਪਤ ਕਰਨ ਲਈ ਸੂਬੇ ਵਿਚ ਵਾਪਸ ਮੁੜ ਰਹੇ ਹਨ| ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵਿਚ ਨਵੇਂ ਭਰਤੀ ਹੋਏ 665 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿਚ 68,268 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਰਿਕਾਰਡ ਬਣਾਇਆ ਹੈ, ਜਿਸ ਨਾਲ ਰਿਸ਼ਵਤ ਜਾਂ ਸਿਫ਼ਾਰਸ਼ਾਂ ਨਾਲ ਨੌਕਰੀਆਂ ਲੈਣ ਦੇ ਯੁੱਗ ਦਾ ਪੂਰੀ ਤਰ੍ਹਾਂ ਅੰਤ ਹੋ ਗਿਆ ਹੈ| ਮੁੱਖ ਮੰਤਰੀ ਨੇ ਵਿਦੇਸ਼ਾਂ ਵਿਚ ਕੰਮ ਕਰਨ ਵਾਲੇ ਪੰਜਾਬੀਆਂ ਨੂੰ ਆਪਣੀ ਮਾਤ ਭੂਮੀ ’ਤੇ ਵਾਪਸ ਮੁੜਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਵਲੋਂ ਉਨ੍ਹਾਂ ਨੂੰ ਨਿਯਮਿਤ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ ਅਤੇ ਉਨ੍ਹਾਂ ਨੂੰ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿਚ ਸਰਗਰਮ ਭਾਈਵਾਲ ਬਣਾਇਆ ਜਾਵੇਗਾ| ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਅਪਣਾਈ ਗਈ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੇ ਨੌਜਵਾਨਾਂ ਦਾ ਸਿਸਟਮ ਵਿਚ ਭਰੋਸਾ ਬਹਾਲ ਕੀਤਾ ਹੈ ਅਤੇ ਵਿਦੇਸ਼ਾਂ ਵਿਚ ਗਏ ਨੌਜਵਾਨ ਹੁਣ ਦੇਸ਼ ਮੁੜਨ ਲੱਗੇ ਹਨ| ਇਸ ਬਾਰੇ ਸੋਸ਼ਲ ਮੀਡੀਆ ਮੰਚ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਕਿ ‘ਬਠਿੰਡਾ ਵਿਚ ਨਿਯੁਕਤੀ ਪੱਤਰ ਵੰਡ ਸਮਾਰੋਹ ਵਿਚ ਪੰਜਾਬ ਦੀ ਤਰੱਕੀ ਅਤੇ ਇਸ ਦੇ ਨੌਜਵਾਨਾਂ ਲਈ ਇਕ ਉੱਜਵਲ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਕਈ ਵੱਡੇ ਫ਼ੈਸਲੇ ਸਾਂਝੇ ਕੀਤੇ ਗਏ| ਪਿਛਲੀਆਂ ਸਰਕਾਰਾਂ ਵਲੋਂ ਅਪਣਾਏ ਗਏ ਰਿਸ਼ਵਤਖੋਰੀ ਅਤੇ ਸਿਫ਼ਾਰਸ਼ਾਂ ਦੇ ਭ੍ਰਿਸ਼ਟ ਅਮਲਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਕੇ ਤੁਹਾਡੀ ਸਰਕਾਰ ਨੇ ਹੁਣ ਤੱਕ ਯੋਗਤਾ ਦੇ ਆਧਾਰ ’ਤੇ ਨੌਜਵਾਨਾਂ ਨੂੰ 68268 ਸਰਕਾਰੀ ਨੌਕਰੀਆਂ ਦਿੱਤੀਆਂ ਹਨ| ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿਚ ਇਤਿਹਾਸਕ ਸੁਧਾਰਾਂ ਕਾਰਨ ਪੰਜਾਬ ਅੱਜ ਸਕੂਲ ਸਿੱਖਿਆ ਵਿਚ ਦੇਸ਼ ਦੇ ਮੋਹਰੀ ਸੂਬੇ ਵਜੋਂ ਉਭਰਿਆ ਹੈ| ਸਰਕਾਰੀ ਕਰਮਚਾਰੀਆਂ, ਖਾਸ ਕਰਕੇ ਮਹਿਲਾ ਕਰਮਚਾਰੀਆਂ ਦੀ ਭਲਾਈ ਦੇ ਉਦੇਸ਼ ਨਾਲ ਇਕ ਹੋਰ ਵੱਡੇ ਫ਼ੈਸਲੇ ਦਾ ਐਲਾਨ ਕੀਤਾ ਗਿਆ ਕਿ ਉਨ੍ਹਾਂ ਦੇ ਪਰਖ-ਕਾਲ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਘਰਾਂ ਦੇ 40 ਕਿਲੋਮੀਟਰ ਦੇ ਘੇਰੇ ਵਿਚ ਤਾਇਨਾਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਨਵ-ਨਿਯੁਕਤ ਨੌਜਵਾਨ ਆਪਣੇ ਅਹੁਦਿਆਂ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਸੇਵਾ ਲਈ ਕਰਨਗੇ| ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ-ਸਕੂਲ ਸਿੱਖਿਆ ਵਿਚ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਿਲ ਕੀਤਾ ਹੈ| ਇਸ ਤੋਂ ਪਹਿਲਾਂ ਸਫ਼ਲ ਉਮੀਦਵਾਰਾਂ ਜੀਆ ਗਰਗ, ਅਮਨਦੀਪ ਸਿੰਘ ਪੰਨੂ, ਲਾਭਦੀਪ ਸਿੰਘ, ਰਬਿੰਦਰ ਸਿੰਘ ਟੱਕਰ, ਕੀਰਤੀ, ਪੁਸ਼ਪਿੰਦਰ, ਅਕਾਲਜੋਤ ਸਿੰਘ, ਹਰਸ਼, ਸੁਮਨਪ੍ਰੀਤ ਸਿੰਘ, ਜਤਿੰਦਰ ਸਿੰਘ, ਜੁਗਰਾਜ ਸਿੰਘ, ਹਨੀ, ਨਿਤਿਸ਼ ਅਤੇ ਹੋਰਾਂ ਨੇ ਮੁੱਖ ਮੰਤਰੀ ਦੀ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਪ੍ਰਦਾਨ ਕਰਨ ਲਈ ਸ਼ਲਾਘਾ ਕੀਤੀ| ਉਨ੍ਹਾਂ ਨੇ ਇਸ ਨੇਕ ਕਾਰਜ ਰਾਹੀਂ ਉਨ੍ਹਾਂ ਦੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ|
ਸਾਢੇ ਚਾਰ ਸਾਲਾਂ ’ਚ 68,268 ਸਰਕਾਰੀ ਨੌਕਰੀਆਂ ਦੇ ਕੇ ਪੰਜਾਬ ਨੇ ਰਚਿਆ ਇਤਿਹਾਸ-ਭਗਵੰਤ ਮਾਨ
ਅਜੀਤ ਡੈਸਕ
24-06-2026