ਕਰਨਪ੍ਰਯਾਗ ਵਿਖੇ ਸਿੱਖ ਸ਼ਰਧਾਲੂਆਂ ਅਤੇ ਸਥਾਨਕ ਲੋਕਾਂ ਦਰਮਿਆਨ ਹੋਏ ਖੂਨੀ ਝਗੜੇ ਦੇ ਮਾਮਲੇ ’ਚ ਆਈ.ਜੀ. ਗੜ੍ਹਵਾਲ ਰੇਂਜ ਦੀ ਸਿਫਾਰਸ਼ ਦੇ ਆਧਾਰ ’ਤੇ ਪੁਲਿਸ ਨੇ ਉਕਤ ਘਟਨਾ ’ਚ ਜ਼ਖ਼ਮੀ ਹੋਏ ਸਿੱਖ ਸ਼ਰਧਾਲੂ ਦੇ ਪਿਤਾ ਦੀ ਸ਼ਿਕਾਇਤ ’ਤੇ ਕਰਨਪ੍ਰਯਾਗ ਪੁਲਿਸ ਸਟੇਸ਼ਨ ਵਿਚ ਅਣਪਛਾਤੇ ਵਿਅਕਤੀਆਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਹੈ, ਜਿਨ੍ਹਾਂ ਨੇ ਕਥਿਤ ਤੌਰ ’ਤੇ ਉਸ ’ਤੇ ਹਮਲਾ ਕੀਤਾ ਸੀ। ਇਸ ਤੋਂ ਇਲਾਵਾ ਕਰਨਪ੍ਰਯਾਗ ਪੁਲਿਸ ਸਟੇਸ਼ਨ ’ਚ ਦਰਜ ਦੋਵਾਂ ਮਾਮਲਿਆਂ ਦੀ ਨਿਰਪੱਖ, ਪਾਰਦਰਸ਼ੀ ਤੇ ਸੁਤੰਤਰ ਜਾਂਚ ਨੂੰ ਯਕੀਨੀ ਬਣਾਉਣ ਲਈ ਇਸ ਮਾਮਲੇ ਦੀ ਜਾਂਚ ਨੂੰ ਚਮੋਲੀ ਜ਼ਿਲ੍ਹੇ ਤੋਂ ਹਰਿਦੁਆਰ ਜ਼ਿਲ੍ਹੇ ਵਿਚ ਤਬਦੀਲ ਕੀਤਾ ਗਿਆ ਹੈ, ਜਿਥੇ ਹਰਿਦੁਆਰ ਦੇ ਸੀਨੀਅਰ ਪੁਲਿਸ ਸੁਪਰਡੈਂਟ ਨਵਨੀਤ ਸਿੰਘ ਭੁੱਲਰ ਦੀ ਨਿਗਰਾਨੀ ਹੇਠ ਜਾਂਚ ਕੀਤੀ ਜਾਵੇਗੀ । ਇਸ ਤੋਂ ਇਲਾਵਾ ਵੱਖ-ਵੱਖ ਸਿੱਖ ਸੰਗਠਨਾਂ ਦੁਆਰਾ ਸਿੱਖ ਸ਼ਰਧਾਲੂਆਂ ਪ੍ਰਤੀ ਸਥਾਨਕ ਪੁਲਿਸ ਦੇ ਕਥਿਤ ਵਿਵਹਾਰ ਅਤੇ ਵਿਵਹਾਰ ਸੰਬੰਧੀ ਲਗਾਏ ਗਏ ਦੋਸ਼ਾਂ ਦੀ ਜਾਂਚ ਡੀ.ਆਈ.ਜੀ. ਯਸ਼ਵੰਤ ਸਿੰਘ ਨੂੰ ਸੌਂਪੀ ਗਈ ਹੈ ਅਤੇ ਉਨ੍ਹਾਂ ਨੂੰ ਦੋ ਹਫ਼ਤਿਆਂ ਦੇ ਅੰਦਰ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਕਤ ਜਾਣਕਾਰੀ ਦਿੰਦੇ ਹੋਏ ਹੋਏ ਗੜ੍ਹਵਾਲ ਰੇਂਜ ਦੇ ਇੰਸਪੈਕਟਰ ਜਨਰਲ ਪੁਲਿਸ ਰਾਜੀਵ ਸਵਰੂਪ ਨੇ ਕਿਹਾ ਕਿ ਉੱਤਰਾਖੰਡ ਪੁਲਿਸ ਸਾਰੇ ਭਾਈਚਾਰਿਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰੀ ਤਰ੍ਹਾਂ ਸਤਿਕਾਰ ਕਰਦੀ ਹੈ ਤੇ ਹਰ ਮਾਮਲੇ ਵਿਚ ਕਾਨੂੰਨ ਅਨੁਸਾਰ ਨਿਰਪੱਖ, ਪਾਰਦਰਸ਼ੀ ਅਤੇ ਨਿਆਂਪੂਰਨ ਕਾਰਵਾਈ ਕਰਨ ਲਈ ਵਚਨਬੱਧ ਹੈ।
ਕਰਨਪ੍ਰਯਾਗ ਮਾਮਲੇ ’ਚ ਹੋਈ ਕ੍ਰਾਸ ਐੱਫ.ਆਈ.ਆਰ.
ਅਜੀਤ ਡੈਸਕ
24-06-2026