ਐੱਸ. ਏ. ਐੱਸ. ਨਗਰ, 16 ਜੁਲਾਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਜ਼ਰੂਰੀ ਖੁਰਾਕ ਸਪਲਾਈ ਨੂੰ ਹੋਰ ਵੀ ਪਹੁੰਚਯੋਗ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਮੁਹਾਲੀ ਦੇ ਵਿਕਾਸ ਭਵਨ ਵਿਖੇ ਕਰਵਾਏ ਗਏ ਸਮਾਗਮ ਦੌਰਾਨ 2,800 ਨਵੇਂ ਰਾਸ਼ਨ ਡਿਪੂ ਧਾਰਕਾਂ ਨੂੰ ਅਲਾਟਮੈਂਟ ਪੱਤਰ (ਲਾਇਸੰਸ) ਸੌਂਪੇ ਗਏ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਇਸ ਕਦਮ ਨਾਲ ਲਗਭਗ 5.5 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਆਪਣਾ ਮਹੀਨਾਵਾਰ ਰਾਸ਼ਨ ਲੈਣ ਲਈ ਲੰਬੀ ਦੂਰੀ ਤੈਅ ਨਹੀਂ ਕਰਨੀ ਪਵੇਗੀ ਜਾਂ ਕੰਮ ਛੱਡਣਾ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਇੰਟਰਵਿਊ-ਆਧਾਰਿਤ ਚੋਣ ਪ੍ਰਕਿਰਿਆ ਰਾਹੀਂ ਨਵੇਂ ਡਿਪੂ ਅਲਾਟ ਕੀਤੇ ਗਏ ਹਨ, ਜਿਸ ਨਾਲ ਸਮਾਜ ਦੇ ਸਾਰੇ ਵਰਗਾਂ, ਜਿਵੇਂ ਕਿ ਅਨੁਸੂਚਿਤ ਜਾਤੀਆਂ, ਹੋਰ ਪਛੜੀਆਂ ਸ਼੍ਰੇਣੀਆਂ, ਸਾਬਕਾ ਸੈਨਿਕਾਂ, ਆਜ਼ਾਦੀ ਘੁਲਾਟੀਆਂ, ਦਿਵਿਆਂਗ ਵਿਅਕਤੀਆਂ ਅਤੇ ਦੰਗਾ ਪੀੜਤ ਪਰਿਵਾਰਾਂ ਨੂੰ ਪ੍ਰਤੀਨਿਧਤਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਡਿਪੂਆਂ ਦੀ ਅਲਾਟਮੈਂਟ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ ਅਤੇ ਸਮਾਜ ਦੇ ਹਰ ਵਰਗ ਦੀ ਪ੍ਰਤੀਨਿਧਤਾ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਰਦਰਸ਼ੀ ਪ੍ਰਕਿਰਿਆ ਤਹਿਤ 633 ਅਨੁਸੂਚਿਤ ਜਾਤੀ ਵਰਗ ਦੇ ਪਰਿਵਾਰਾਂ, 199 ਹੋਰ ਪਛੜੀਆਂ ਸ਼੍ਰੇਣੀਆਂ ਨਾਲ ਸੰਬੰਧਿਤ ਪਰਿਵਾਰਾਂ, 181 ਸਾਬਕਾ ਸੈਨਿਕਾਂ, 39 ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, 156 ਦਿਵਿਆਂਗ ਵਿਅਕਤੀਆਂ ਅਤੇ 17 ਦੰਗਾ ਪੀੜਤ ਪਰਿਵਾਰਾਂ ਨੂੰ ਡਿਪੂ ਅਲਾਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਮਾਰਟ ਰਾਸ਼ਨ ਕਾਰਡ ਯੋਜਨਾ ਤਹਿਤ ਸੂਬਾ ਸਰਕਾਰ ਵਲੋਂ ਪੰਜਾਬ ਭਰ ਦੇ 40 ਲੱਖ ਪਰਿਵਾਰਾਂ ਨੂੰ ਮੁਫ਼ਤ ਕਣਕ ਅਤੇ ਰਾਸ਼ਨ ਕਿੱਟਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਫ਼ਾਰਸ਼ਾਂ ਦੇ ਆਧਾਰ ’ਤੇ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਵੰਡੇ ਸਨ ਪਰ ਅਸੀਂ ਪੱਖਪਾਤ ਨੂੰ ਖ਼ਤਮ ਕਰਨ ਅਤੇ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇੰਟਰਵਿਊ-ਆਧਾਰਿਤ ਚੋਣ ਪ੍ਰਣਾਲੀ ਸ਼ੁਰੂ ਕਰਕੇ ਇਸ ਰਿਵਾਇਤ ਨੂੰ ਖ਼ਤਮ ਕੀਤੀ ਹੈ। ਮੁੱਖ ਮੰਤਰੀ ਨੇ ਨਵੇਂ ਡਿੱਪੂ ਹੋਲਡਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਲਾਇਸੈਂਸਾਂ ਨੇ ਹਜ਼ਾਰਾਂ ਪਰਿਵਾਰਾਂ ਲਈ ਰੋਜ਼ੀ-ਰੋਟੀ ਦਾ ਨਵਾਂ ਰਸਤਾ ਖੋਲ੍ਹਿਆ ਹੈ ਅਤੇ ਨਾਲ ਹੀ ਉਨ੍ਹਾਂ ਨੂੰ ਸਮਾਜ ਦੀ ਸੇਵਾ ਕਰਨ ਦਾ ਮੌਕਾ ਵੀ ਦਿੱਤਾ ਹੈ। ਉਨ੍ਹਾਂ ਇਸ ਮੌਕੇ ਨੂੰ ਇਤਿਹਾਸਕ ਦੱਸਦਿਆਂ ਕਿਹਾ ਕਿ ਇਸ ਪਹਿਲਕਦਮੀ ਨਾਲ ਪੰਜਾਬ ਦੇ ਲੋਕਾਂ ਨੂੰ ਬੇਹੱਦ ਲਾਭ ਹੋਵੇਗਾ ਅਤੇ ਨਾਲ ਹੀ ਜ਼ਮੀਨੀ ਪੱਧਰ ‘ਤੇ ਜ਼ਰੂਰੀ ਸੇਵਾਵਾਂ ਦੀ ਸਪਲਾਈ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਲੋਂ ਸਿਰਫ਼ ਲੋਕਾਂ ਦੀ ਭਲਾਈ ਨੀਤੀਆਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨਵੇਂ ਡਿਪੂ ਹੋਲਡਰਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਹਰੇਕ ਲਾਭਪਾਤਰੀ ਨਾਲ ਨਿਰਪੱਖਤਾ, ਇਮਾਨਦਾਰੀ ਅਤੇ ਹਮਦਰਦੀ ਨਾਲ ਪੇਸ਼ ਆਉਣ। ਉਨ੍ਹਾਂ ਕਿਹਾ ਕਿ ਡਿਪੂ ਨੂੰ ਸਿਰਫ਼ ਇਕ ਕਾਰੋਬਾਰ ਨਾ ਸਮਝਿਆ ਜਾਵੇ, ਸਗੋਂ ਇਕ ਪਵਿੱਤਰ ਜ਼ਿੰਮੇਵਾਰੀ ਵਜੋਂ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਹਰ ਫ਼ੈਸਲਾ ਸਿਰਫ਼ ਤੇ ਸਿਰਫ਼ ਲੋਕਾਂ ਦੀ ਭਲਾਈ ਤੋਂ ਪ੍ਰੇਰਿਤ ਹੁੰਦਾ ਹੈ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਪ੍ਰਿੰ. ਬੁੱਧ ਰਾਮ ਵਿਧਾਇਕ, ਬਾਲ ਮੁਕੰਦ ਸ਼ਰਮਾ ਚੇਅਰਮੈਨ ਪੰਜਾਬ ਫੂਡ ਕਮਿਸ਼ਨਰ, ਤੇਜਪਾਲ ਸਿੰਘ ਗਿੱਲ ਚੇਅਰਮੈਨ ਪਨਗ੍ਰੇਨ, ਵਰਿੰਦਰ ਸ਼ਰਮਾ ਡਾਇਰੈਕਟਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਕਮਲ ਗਰਗ ਵਿਸ਼ੇਸ਼ ਸਕੱਤਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੁੱਖ ਮੰਤਰੀ ਨੇ ਮੁਹਾਲੀ ਵਿਖੇ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੰਸ ਸੌਂਪੇ
ਅਜੀਤ ਡੈਸਕ
17-07-2026