02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਭਾਜਪਾ ਵਲੋਂ ਪੰਜਾਬ ਦੇ 16 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਅਜੀਤ ਡੈਸਕ 19-07-2026

ਚੰਡੀਗੜ੍ਹ, 18 ਜੁਲਾਈ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਪੰਜਾਬ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਆਪਣੇ ਸੰਗਠਨ ਨੂੰ ਨਵੀਂ ਮਜ਼ਬੂਤੀ ਦੇਣ ਦੀ ਦਿਸ਼ਾ ਵਿਚ ਅਹਿਮ ਕਦਮ ਚੁੱਕਿਆ ਹੈ। ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੇ 16 ਜ਼ਿਲ੍ਹਾ ਪ੍ਰਧਾਨਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਦਾ ਮੰਨਣਾ ਹੈ ਕਿ ਨਵੇਂ ਅਹੁਦੇਦਾਰ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ।ਪਾਰਟੀ ਦੇ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਵਲੋਂ ਜਾਰੀ ਅਧਿਕਾਰਕ ਪੱਤਰ ਅਨੁਸਾਰ ਇਹ ਨਿਯੁਕਤੀਆਂ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਸਹਿਮਤੀ ਨਾਲ ਕੀਤੀਆਂ ਗਈਆਂ ਹਨ। ਪਾਰਟੀ ਨੇ ਜਥੇਬੰਦਕ ਢਾਂਚੇ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਹਰ ਜ਼ਿਲ੍ਹੇ ’ਚ ਪਾਰਟੀ ਵਰਕਰਾਂ ਨੂੰ ਨਵੀਂ ਊਰਜਾ ਨਾਲ ਜੋੜਨ ਦੇ ਉਦੇਸ਼ ਨਾਲ ਇਹ ਫ਼ੈਸਲਾ ਲਿਆ ਹੈ। ਪਾਰਟੀ ਵਲੋਂ ਜਾਰੀ ਸੂਚੀ ਅਨੁਸਾਰ ਅੰਮ੍ਰਿਤਸਰ ਦਿਹਾਤੀ (ਮਜੀਠਾ) ਤੋਂ ਕਨਵਰਬੀਰ ਸਿੰਘ ਮੰਜ਼ਿਲ, ਅੰਮ੍ਰਿਤਸਰ ਸ਼ਹਿਰੀ ਤੋਂ ਸਲਿਲ ਕਪੂਰ, ਬਰਨਾਲਾ ਤੋਂ ਨਰਿੰਦਰ ਗਰਗ ਨੀਟਾ, ਫ਼ਰੀਦਕੋਟ ਤੋਂ ਗੌਰਵ ਕੱਕੜ, ਫ਼ਾਜ਼ਿਲਕਾ ਤੋਂ ਸੁਖਵਿੰਦਰ ਸਿੰਘ ਕਾਕਾ ਕੰਬੋਜ, ਹੁਸ਼ਿਆਰਪੁਰ ਦਿਹਾਤੀ ਤੋਂ ਯੋਗੇਸ਼ ਸਪਰਾ, ਹੁਸ਼ਿਆਰਪੁਰ ਸ਼ਹਿਰੀ ਤੋਂ ਸਤੀਸ਼ ਠਾਕੁਰ ਬਾਵਾ, ਜਲੰਧਰ ਸ਼ਹਿਰੀ ਤੋਂ ਅਸ਼ੋਕ ਸਰੀਨ ਹਿੱਕੀ, ਜਲੰਧਰ ਦਿਹਾਤੀ ਉੱਤਰੀ ਤੋਂ ਮਨਮੀਤ ਸਿੰਘ ਵਿੱਕੀ, ਜਲੰਧਰ ਦਿਹਾਤੀ ਦੱਖਣੀ ਤੋਂ ਜਗਬੀਰ ਸਿੰਘ ਬਰਾੜ, ਕਪੂਰਥਲਾ ਤੋਂ ਚੇਤਨ ਸੂਰੀ, ਲੁਧਿਆਣਾ ਸ਼ਹਿਰੀ ਤੋਂ ਸੁਨੀਲ ਮੌਦਗਿੱਲ, ਸ੍ਰੀ ਮੁਕਤਸਰ ਸਾਹਿਬ ਤੋਂ ਸਤੀਸ਼ ਅਸੀਜਾ, ਰੂਪਨਗਰ (ਰੋਪੜ) ਤੋਂ ਅਜੈਵੀਰ ਸਿੰਘ ਲਾਲਪੁਰਾ, ਸੰਗਰੂਰ-1 ਤੋਂ ਮਤਿੰਦਰ ਸਿੰਘ ਅਤੇ ਤਰਨ ਤਾਰਨ ਤੋਂ ਸਤਨਾਮ ਸਿੰਘ ਭੁੱਲਰ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਪਾਰਟੀ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਪਾਰਟੀ ਵਲੋਂ ਸੰਗਠਨਾਤਮਕ ਢਾਂਚੇ ਨੂੰ ਨਵਾਂ ਰੂਪ ਦੇਣ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ। ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਤੋਂ ਬਾਅਦ ਹੁਣ ਮੰਡਲ, ਸ਼ਕਤੀ ਕੇਂਦਰ ਅਤੇ ਬੂਥ ਪੱਧਰ ਦੀਆਂ ਇਕਾਈਆਂ ਨੂੰ ਹੋਰ ਸਰਗਰਮ ਬਣਾਉਣ ’ਤੇ ਜ਼ੋਰ ਦਿੱਤਾ ਜਾਵੇਗਾ। ਨਵੇਂ ਅਹੁਦੇਦਾਰਾਂ ਨੂੰ ਮੈਂਬਰਸ਼ਿਪ ਮੁਹਿੰਮ ਨੂੰ ਤੇਜ਼ ਕਰਨ, ਨੌਜਵਾਨਾਂ ਅਤੇ ਔਰਤਾਂ ਨੂੰ ਪਾਰਟੀ ਨਾਲ ਜੋੜਨ ਅਤੇ ਕੇਂਦਰ ਸਰਕਾਰ ਦੀਆਂ ਵਿਕਾਸ ਅਤੇ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।ਭਾਰਤੀ ਜਨਤਾ ਪਾਰਟੀ ਵਲੋਂ ਜਾਰੀ ਇਸ ਸੂਚੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਪੁਨਰਗਠਨ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ। ਪਾਰਟੀ ਸੂਬੇ ’ਚ ਆਪਣਾ ਜਨਾਧਾਰ ਵਧਾਉਣ ਲਈ ਲਗਾਤਾਰ ਸੰਗਠਨ ਨੂੰ ਮਜ਼ਬੂਤ ਕਰਨ ਦੀ ਰਣਨੀਤੀ ’ਤੇ ਕੰਮ ਕਰ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਬਾਕੀ ਜ਼ਿਲ੍ਹਿਆਂ ਦੇ ਪ੍ਰਧਾਨਾਂ ਅਤੇ ਹੋਰ ਸੰਗਠਨਾਤਮਕ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਵੀ ਆਉਣ ਵਾਲੇ ਦਿਨਾਂ ਵਿਚ ਕੀਤੀਆਂ ਜਾ ਸਕਦੀਆਂ ਹਨ, ਜਿਸ ਨਾਲ ਪਾਰਟੀ ਦਾ ਸੂਬਾ ਪੱਧਰੀ ਨਵਾਂ ਜਥੇਬੰਦਕ ਢਾਂਚਾ ਪੂਰੀ ਤਰ੍ਹਾਂ ਹੋਂਦ ਵਿਚ ਆ ਜਾਵੇਗਾ।

ਪਿਛਲੀ ਖ਼ਬਰ ਸੀ.ਬੀ.ਐਸ.ਈ. 10ਵੀਂ ਜਮਾਤ ਦੀ ਦੂਜੀ ਬੋਰਡ ਪ੍ਰੀਖਿਆ ਦੇ ਨਤੀਜੇ ਐਲਾਨੇ ਅਗਲੀ ਖ਼ਬਰ ਟਾਂਡਾ ਥਾਣੇ ਦਾ ਸਾਬਕਾ ਐੱਸ.ਐੱਚ.ਓ. ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।