ਬਹਿਬਲ ਕਲਾਂ ਗੋਲੀ ਕਾਂਡ
ਪ੍ਰੋ. ਅਵਤਾਰ ਸਿੰਘ
ਚੰਡੀਗੜ੍ਹ, 20 ਜੁਲਾਈ–ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਸਾਹਮਣੇ ਪੇਸ਼ ਹੋਏ। ਕਰੀਬ ਦੋ ਘੰਟਿਆਂ ਤੱਕ ਚੱਲੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੇ ਐਸ.ਆਈ.ਟੀ ਦੀ ਕਾਰਵਾਈ ਨੂੰ ਸਿਆਸੀ ਮਕਸਦਾਂ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਕਿਹਾ ਕਿ ਅਸਲ ਦੋਸ਼ੀਆਂ ਨੂੰ ਫ਼ੜਨ ਦੀ ਬਜਾਏ ਸਿਰਫ਼ ਸਿਆਸੀ ਬਿਰਤਾਂਤ ਘੜਿਆ ਜਾ ਰਿਹਾ ਹੈ। ਸੁਖਬੀਰ ਸਿੰਘ ਬਾਦਲ ਜਿਸ ਗੱਡੀ ’ਚ ਜਾਂਚ ਟੀਮ ਅੱਗੇ ਪੇਸ਼ ਹੋਣ ਲਈ ਪਹੁੰਚੇ ਉਸ ਨੂੰ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਚਲਾ ਰਹੇ ਸਨ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ, ਪਰਮਜੀਤ ਸਿੰਘ ਸਰਨਾ, ਹੀਰਾ ਸਿੰਘ ਗਾਬੜੀਆ, ਡਾ. ਦਲਜੀਤ ਸਿੰਘ ਚੀਮਾ, ਸੁੱਚਾ ਸਿੰਘ ਲੰਗਾਹ, ਐਨ.ਕੇ ਸ਼ਰਮਾ, ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਅਮਿਤ ਸਿੰਘ ਰਾਠੀ, ਪਰਮਬੰਸ ਸਿੰਘ ਬੰਟੀ ਰੋਮਾਣਾ, ਸਰਬਜੀਤ ਸਿੰਘ ਝਿੰਜਰ, ਵਿਨਰਜੀਤ ਸਿੰਘ ਗੋਲਡੀ, ਜਤਿੰਦਰ ਸਿੰਘ ਲਾਲੀ ਬਾਜਵਾ, ਕਰਮਬੀਰ ਸਿੰਘ ਗੁੱਲੂ ਗੁਰਾਇਆ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ। ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ ਦੇ ਸੈਕਟਰ-32 ਸਥਿਤ ਪੰਜਾਬ ਪੁਲਿਸ ਆਫੀਸਰਜ਼ ਇੰਸਟਿਚਿਊਟ ਵਿਖੇ ਐਸ.ਆਈ.ਟੀ. ਸਾਹਮਣੇ ਪੇਸ਼ ਹੋਏ। ਲਗਭਗ ਦੋ ਘੰਟੇ ਤੱਕ ਚੱਲੀ ਪੁੱਛਗਿੱਛ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਹੋਣ ਦੇ ਨਾਤੇ ਉਹ ਹਰ ਜਾਂਚ ਵਿਚ ਪੂਰਾ ਸਹਿਯੋਗ ਦੇ ਰਹੇ ਹਨ ਅਤੇ ਉਨ੍ਹਾਂ ਦੀ ਹਮੇਸ਼ਾ ਇਹੀ ਇੱਛਾ ਰਹੀ ਹੈ ਕਿ ਅਸਲ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ’ਚ ਲਿਆਂਦਾ ਜਾਵੇ। ਉਨ੍ਹਾਂ ਦੋਸ਼ ਲਗਾਇਆ ਕਿ ਐਸ.ਆਈ.ਟੀ. ਦਾ ਗਠਨ ਦੋਸ਼ੀਆਂ ਨੂੰ ਬੇਨਕਾਬ ਕਰਨ ਲਈ ਨਹੀਂ, ਸਗੋਂ ਸਿਆਸੀ ਲੜਾਈ ਲੜਨ ਲਈ ਕੀਤਾ ਗਿਆ ਹੈ। ਇਸ ਮਾਮਲੇ ਨੂੰ 11 ਸਾਲ ਬੀਤ ਚੁੱਕੇ ਹਨ, ਪਰ ਜਾਂਚ ਅਜੇ ਤੱਕ ਮੁਕੰਮਲ ਨਹੀਂ ਹੋਈ। ਉਨ੍ਹਾਂ ਦੇ ਅਨੁਸਾਰ ਆਮ ਕਤਲ ਦੇ ਮਾਮਲਿਆਂ ਵਿਚ ਪੁਲਿਸ ਥੋੜ੍ਹੇ ਸਮੇਂ ਵਿਚ ਹੀ ਦੋਸ਼ੀਆਂ ਤੱਕ ਪਹੁੰਚ ਜਾਂਦੀ ਹੈ, ਪਰ ਇਸ ਮਾਮਲੇ ’ਚ ਜਾਂਚ ਲਗਾਤਾਰ ਲੰਮੀ ਖਿੱਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਪੇਸ਼ੀ ਦੌਰਾਨ ਕੋਈ ਵਿਸ਼ੇਸ਼ ਸਵਾਲ-ਜਵਾਬ ਨਹੀਂ ਕੀਤਾ ਗਿਆ। ਸਿਰਫ਼ ਮੀਡੀਆ ਅੱਗੇ ਇਹ ਪ੍ਰਭਾਵ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਵਾਰ-ਵਾਰ ਪੁੱਛਗਿੱਛ ਲਈ ਬੁਲਾਇਆ ਜਾ ਰਿਹਾ ਹੈ। ਉਨ੍ਹਾਂ ਇਸ ਸਾਰੀ ਕਾਰਵਾਈ ਨੂੰ ਸਿਆਸੀ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਨਾ ਸ਼੍ਰੋਮਣੀ ਅਕਾਲੀ ਦਲ (ਬ) ਡਰਨ ਵਾਲਾ ਹੈ ਅਤੇ ਨਾ ਹੀ ਝੁਕਣ ਵਾਲਾ ਹੈ। ਜ਼ਿਕਰਯੋਗ ਹੈ ਕਿ ਅਕਤੂਬਰ 2015 ’ਚ ਫ਼ਰੀਦਕੋਟ ਜ਼ਿਲ੍ਹੇ ਦੇ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿਚ ਚੱਲ ਰਹੇ ਧਰਨੇ ਦੌਰਾਨ ਪੁਲਿਸ ਵਲੋਂ ਕੀਤੀ ਗਈ ਗੋਲੀਬਾਰੀ ’ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ, ਜਦਕਿ ਕਈ ਹੋਰ ਜ਼ਖ਼ਮੀ ਹੋਏ ਸਨ। ਉਸ ਸਮੇਂ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ ਅਤੇ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ ਵੀ ਉਨ੍ਹਾਂ ਕੋਲ ਸੀ। ਇਸ ਕਾਰਨ ਵਿਰੋਧੀ ਪਾਰਟੀਆਂ, ਪੀੜਤ ਪਰਿਵਾਰਾਂ ਅਤੇ ਵੱਖ-ਵੱਖ ਸੰਗਠਨਾਂ ਨੇ ਉਸ ਵੇਲੇ ਦੀ ਸਰਕਾਰ ਦੀ ਭੂਮਿਕਾ ’ਤੇ ਸਵਾਲ ਉਠਾਏ ਸਨ। ਇਸ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ ਵਲੋਂ ਸੁਖਬੀਰ ਸਿੰਘ ਬਾਦਲ ਤੋਂ ਪਹਿਲਾਂ ਵੀ ਕਈ ਵਾਰ ਪੁੱਛਗਿੱਛ ਕੀਤੀ ਜਾ ਚੁੱਕੀ ਹੈ ਅਤੇ ਜਾਂਚ ਅਜੇ ਵੀ ਜਾਰੀ ਹੈ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਤਾਰ ਸਿੰਘ ਬਰਾੜ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਤੇ ਕੌਮੀ ਐਸ.ਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਨੇ ਵੀ ਐਸ.ਆਈ.ਟੀ ਸਾਹਮਣੇ ਆਪਣੇ ਆਪਣੇ ਬਿਆਨ ਦਰਜ ਕਰਵਾਏ ਸਨ। ਐਸ.ਆਈ.ਟੀ. ਨੂੰ ਦਿੱਤੇ ਆਪਣੇ ਬਿਆਨ ’ਚ ਗਿਆਨੀ ਰਘਬੀਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਸਵੀਕਾਰ ਕੀਤੀ ਸੀ ਅਤੇ ਇਸ ਸੰਬੰਧੀ ਵੀਡੀਓ ਰਿਕਾਰਡਿੰਗ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਮੌਜੂਦ ਹੈ। ਗਿਆਨੀ ਰਘਬੀਰ ਸਿੰਘ ਨੇ ਇਹ ਵੀ ਕਿਹਾ ਸੀ ਕਿ ਨਿਹੱਥੇ ਅਤੇ ਨਿਰਦੋਸ਼ ਪ੍ਰਦਰਸ਼ਨਕਾਰੀਆਂ ’ਤੇ ਪੁਲਿਸ ਵਲੋਂ ਕੀਤੀ ਗਈ ਗੋਲੀਬਾਰੀ ਇਕ ਸਾਜ਼ਿਸ਼ ਤਹਿਤ ਹੋਈ ਸੀ। ਇਸ ਸੰਬੰਧੀ ਐਸ.ਆਈ.ਟੀ ਵਲੋਂ ਜਾਂਚ ਜਾਰੀ ਹੈ। ਸੁਖਬੀਰ ਸਿੰਘ ਬਾਦਲ ਦੇ ਜਾਂਚ ਟੀਮ ਅੱਗੇ ਪੇਸ਼ ਹੋਣ ਤੋਂ ਪਹਿਲਾਂ ਭਾਰੀ ਮੀਂਹ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਤੇ ਆਗੂ ਵੱਡੀ ਗਿਣਤੀ ’ਚ ਸੈਕਟਰ-32 ਪਹੁੰਚੇ ਹੋਏ ਸਨ। ਜਿਨ੍ਹਾਂ ਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਸ਼ੇਸ਼ ਤੌਰ ’ਤੇ ਧੰਨਵਾਦ ਵੀ ਕੀਤਾ। ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰਾਂ ਦੇ ਭਾਰੀ ਇੱਕਠ ਦੇ ਚਲਦਿਆਂ ਚੰਡੀਗੜ੍ਹ ਪੁਲਿਸ ਵਲੋਂ ਸਰੱਖਿਆ ਦੇ ਮੱਦੇਨਜ਼ਰ ਸੈਕਟਰ-32 ’ਚ ਵਾਧੂ ਪੁਲਿਸ ਫ਼ੋਰਸ ਤਾਇਨਾਤ ਕੀਤੀ ਗਈ ਸੀ ਅਤੇ ਬੈਰੀਕੇਡਿੰਗ ਲਗਾ ਕੇ ਵਰਕਰਾਂ ਤੇ ਹੋਰਨਾਂ ਪਾਰਟੀ ਆਗੂਆਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ ਗਿਆ।
ਐਸ.ਆਈ.ਟੀ. ਅੱਗੇ ਪੇਸ਼ ਹੋਏ ਸੁਖਬੀਰ ਜਾਂਚ ਨੂੰ ਦੱਸਿਆ ਸਿਆਸੀ ਡਰਾਮਾ
ਅਜੀਤ ਡੈਸਕ
21-07-2026