02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਪੰਜਾਬ ਸਕੂਲ ਸਿੱਖਿਆ ’ਚ ਦੇਸ਼ ਦਾ ਮੋਹਰੀ ਸੂਬਾ ਬਣਿਆ-ਮੁੱਖ ਮੰਤਰੀ

ਅਜੀਤ ਡੈਸਕ 28-07-2026

ਡਾਬਾ/ਲੁਹਾਰਾ (ਲੁਧਿਆਣਾ), 27 ਜੁਲਾਈ (ਕੁਲਵੰਤ ਸਿੰਘ ਸੱਪਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ, ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਅਤੇ ਅਧਿਆਪਕਾਂ ਦੀ ਸਿਖਲਾਈ ਵਿਚ ਨਿਵੇਸ਼ ਕਰਨ ’ਤੇ ਦਿੱਤੇ ਜਾ ਰਹੇ ਲਗਾਤਾਰ ਧਿਆਨ ਨੇ ਸੂਬੇ ਨੂੰ ਸਕੂਲੀ ਸਿੱਖਿਆ ਦੇ ਖੇਤਰ ’ਚ ਦੇਸ਼ ਦਾ ਸਭ ਤੋਂ ਮੋਹਰੀ ਸੂਬਾ ਬਣਾ ਦਿੱਤਾ ਹੈ। ਇਥੇ ਸਰਕਾਰੀ ਪ੍ਰਾਇਮਰੀ ਸਕੂਲ ਲੋਹਾਰਾ ਵਿਖੇ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਧਮਾਨ ਬਲਾਕ’ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੀਟ, ਜੇ.ਈ.ਈ. ਅਤੇ ਪੰਜਾਬ ਰਾਜ ਟੇਲੈਂਟ ਸਰਚ ਪ੍ਰੀਖਿਆ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਸਫ਼ਲਤਾ ਸਰਕਾਰ ਦੇ ਸਿੱਖਿਆ ਸੁਧਾਰਾਂ ਨੂੰ ਦਰਸਾਉਂਦੀ ਹੈ। ਉਨ੍ਹਾਂ ਦੁਹਰਾਇਆ ਕਿ ਗਰੀਬੀ ਖ਼ਤਮ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਮਰੱਥ ਬਣਾਉਣ ਲਈ ਸਿੱਖਿਆ ਹੀ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਵਰਧਮਾਨ ਟੈਕਸਟਾਈਲਜ਼ ਗਰੁੱਪ ਖ਼ਾਸ ਤੌਰ ’ਤੇ ਸਰਕਾਰੀ ਸਕੂਲਾਂ ਦੇ ਵਿੱਦਿਅਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ’ਚ ਅਹਿਮ ਯੋਗਦਾਨ ਪਾ ਰਿਹਾ ਹੈ। ਇਸ ਗਰੁੱਪ ਨੇ ਲੋਹਾਰਾ, ਗਿਆਸਪੁਰਾ, ਕਾਸਾਬਾਦ, ਲਾਡੋਵਾਲ, ਸੇਖੇਵਾਲ ਅਤੇ ਹੋਰ ਸਰਕਾਰੀ ਸਕੂਲਾਂ ਵਿਚ ਵੀ ਇਮਾਰਤਾਂ ਦੀ ਉਸਾਰੀ ਕਰਵਾਈ ਹੈ। ਕੋਈ ਵੀ ਮੁਫ਼ਤ ਸਹੂਲਤ ਜਾਂ ਛੋਟ ਸੂਬੇ ’ਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਨਹੀਂ ਕਰ ਸਕਦੀ, ਸਗੋਂ ਸਿੱਖਿਆ ਹੀ ਉਹ ਕੁੰਜੀ ਹੈ, ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਗਰੀਬੀ ਦੀ ਦਲਦਲ ’ਚੋਂ ਬਾਹਰ ਕੱਢ ਸਕਦੀ ਹੈ। ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲੇ ਸਥਾਨ ’ਤੇ ਪਹੁੰਚ ਗਿਆ ਹੈ। ਸੂਬਾ ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਹੈ, ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਹਨ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ਚ ਲਗਭਗ ਤਿੰਨ ਲੱਖ ਵਿਦਿਆਰਥੀ ਪੜ੍ਹ ਰਹੇ ਹਨ, ਜਿੱਥੇ 16 ਸਕੂਲਜ਼ ਆਫ਼ ਐਮੀਨੈਂਸ, 11 ਸਕੂਲਜ਼ ਆਫ਼ ਬ੍ਰਿਲਿਐਂਸ ਅਤੇ 35 ਸਕੂਲਜ਼ ਆਫ਼ ਹੈਪੀਨੈੱਸ ਹਨ। ਮਿਲਰਗੰਜ ਅਤੇ ਡਿਵੀਜ਼ਨ ਨੰਬਰ 3 ਲੁਧਿਆਣਾ ਵਿਖੇ ਦੋ ਹੋਰ ਸਕੂਲ ਆਫ਼ ਐਮੀਨੈਂਸ ਬਣ ਕੇ ਤਿਆਰ ਹੋ ਚੁੱਕੇ ਹਨ ਅਤੇ ਜਲਦੀ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ 146 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ, 33 ਵਿਦਿਆਰਥੀਆਂ ਨੇ ਜੇ.ਈ.ਈ. ਮੇਨ ਪ੍ਰੀਖਿਆ, 9 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਅਤੇ 47 ਵਿਦਿਆਰਥੀਆਂ ਨੇ ਪੀ.ਐੱਸ.ਟੀ.ਐੱਸ.ਈ. ਪਾਸ ਕੀਤੀ ਹੈ।

ਪਿਛਲੀ ਖ਼ਬਰ ਆਸਟ੍ਰੇਲੀਆ ’ਚ ਗੁਰਦੁਆਰੇ ਨੂੰ ਲੱਗੀ ਭਿਆਨਕ ਅੱਗ ਅਗਲੀ ਖ਼ਬਰ ਭਾਰਤੋਲਕ ਰਾਜਾ ਮੁੱਥੂਪਾਂਡੀ ਤੇ ਗਿਆਨੇਸ਼ਵਰੀ ਨੇ ਚਾਂਦੀ ਦਾ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।