ਨਵੀਂ ਦਿੱਲੀ, 31 ਜੁਲਾਈ (ਉਪਮਾ ਡਾਗਾ ਪਾਰਥ)- ‘ਪਹਿਲਗਾਮ ਹਮਲੇ ਤੋਂ ਬਾਅਦ ਬਣ ਆਏ ਸੁਰੱਖਿਆ ਹਾਲਾਤਾਂ ਨੂੰ ਧਿਆਨ ’ਚ ਰੱਖਦਿਆਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਫਿਲਹਾਲ ਨਹੀਂ ਖੋਲ੍ਹਿਆ ਜਾ ਸਕਦਾ।’ ਇਹ ਸਪੱਸ਼ਟੀਕਰਨ ਕੇਂਦਰੀ ਵਿਦੇਸ਼ ਮੰਤਰਾਲੇ ਵਲੋਂ ਪੰਜਾਬ ਦੇ ਦੋ ਸੰਸਦ ਮੈਂਬਰਾਂ ਵਲੋਂ ਕਰਤਾਰਪੁਰ ਲਾਂਘੇ ਦੇ ਖੋਲ੍ਹੇ ਜਾਣ ਸੰਬੰਧੀ ਪੁੱਛੇ ਸਵਾਲਾਂ ਦੇ ਜਵਾਬ ’ਚ ਦਿੱਤਾ ਗਿਆ। ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਵਲੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਪੁੱਛੇ ਸਵਾਲਾਂ ਦੇ ਜਵਾਬ ’ਚ ਕਿਹਾ ਕਿ ਵੱਖ-ਵੱਖ ਸਿੱਖ ਧਾਰਮਿਕ ਜਥੇਬੰਦੀਆਂ ਵਲੋਂ ਲਾਂਘਾ ਮੁੜ ਸ਼ੁਰੂ ਕਰਨ ਲਈ ਅਪੀਲਾਂ ਅਤੇ ਚਿੱਠੀਆਂ ਹਾਸਿਲ ਹੋਈਆਂ, ਜਿਨ੍ਹਾਂ ’ਤੇ ਸਰਕਾਰ ਨੇ ਵਿਚਾਰ ਕੀਤਾ। ਮੰਤਰਾਲੇ ਨੇ ਕਿਹਾ ਕਿ ਸਰਕਾਰ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ, ਪਰ ਸਰਹੱਦ ਨਾਲ ਜੁੜੇ ਮੌਜੂਦਾ ਸੁਰੱਖਿਆ ਹਾਲਾਤਾਂ ਨੂੰ ਵੇਖਦਿਆਂ ਲਾਂਘਾ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਹਾਲਾਂਕਿ ਸਰਕਾਰ ਨੇ ਭਰੋਸਾ ਦੁਆਉਂਦਿਆਂ ਕਿਹਾ ਕਿ ਜਦੋਂ ਹਾਲਾਤ ਅਨੁਕੂਲ ਹੋਣਗੇ ਤਾਂ ਇਸ ਮਾਮਲੇ ਦੀ ਦੁਬਾਰਾ ਸਮੀਖਿਆ ਕੀਤੀ ਜਾ ਸਕਦੀ ਹੈ। ਵਿਦੇਸ਼ ਰਾਜ ਮੰਤਰੀ ਨੇ ਇਸ ਸੰਬੋਧਨ ’ਚ ਸਰਕਾਰ ਦੀ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਮੌਜੂਦਾ ਹਾਲਾਤਾਂ ’ਚ ਲਾਂਘਾ ਖੋਲ੍ਹਣਾ ਸੰਭਵ ਨਹੀਂ ਹੈ। ਜ਼ਿਕਰਯੋਗ ਹੈ ਕਿ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਉਥੇ ਬਿਤਾਏ ਸਨ, ਜਿਸ ਕਾਰਨ ਇਸ ਲਾਂਘੇ ਦੀ ਧਾਰਮਿਕ ਅਤੇ ਇਤਿਹਾਸ ਮਹੱਤਤਾ ਸਿੱਖ ਭਾਈਚਾਰੇ ਲਈ ਬਹੁਤ ਜ਼ਿਆਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਭਾਰਤ ਅਤੇ ਪਾਕਿਸਤਾਨ ਦਰਮਿਆਨ 24 ਅਕਤੂਬਰ, 2019 ਨੂੰ ਹੋਏ ਸਮਝੌਤੇ ਤੋਂ ਬਾਅਦ ਇਹ ਲਾਂਘਾ ਖੋਲ੍ਹਿਆ ਗਿਆ ਸੀ। ਕੋਰੋਨਾ ਮਹਾਂਮਾਰੀ ਦੇ ਸਮੇਂ ਇਹ ਲਾਂਘਾ ਆਰਜ਼ੀ ਤੌਰ ’ਤੇ ਬੰਦ ਕਰ ਦਿੱਤਾ ਗਿਆ ਸੀ ਅਤੇ ਮੁੜ 17 ਨਵੰਬਰ, 2021 ਨੂੰ ਲਾਂਘਾ ਖੋਲ੍ਹ ਦਿੱਤਾ ਗਿਆ ਸੀ। ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਕਰਤਾਰਪੁਰ ਲਾਂਘਾ 7 ਮਈ, 2025 ਨੂੰ ਬੰਦ ਕਰ ਦਿੱਤਾ ਗਿਆ ਸੀ। ਇਹ ਲਾਂਘਾ ਤਕਰੀਬਨ ਸਵਾ ਸਾਲ ਤੋਂ ਬੰਦ ਹੈ ਅਤੇ ਹੁਣ ਵੀ ਕੇਂਦਰ ਨੇ ਫਿਲਹਾਲ ਇਹ ਲਾਂਘਾ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਹੈ।
ਕੇਂਦਰ ਵਲੋਂ ਕਰਤਾਰਪੁਰ ਲਾਂਘਾ ਫ਼ਿਲਹਾਲ ਖੋਲ੍ਹਣ ਤੋਂ ਇਨਕਾਰ
ਅਜੀਤ ਡੈਸਕ
01-08-2026