07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਵਿੱਤ ਮੰਤਰੀ ਨੇ ਪੰਜਾਬ ਸਰਕਾਰ ਨਾਲ ਸਲਾਹ-ਮਸ਼ਵਰੇ ਤੋਂ ਬਿਨਾਂ ਹਾਈ ਕੋਰਟ ਦੇ ਮੁੱਖ ਜੱਜ ਦੀ ਨਿਯੁਕਤੀ ’ਤੇ ਚੁੱਕੇ ਸਵਾਲ

ਜਲੰਧਰ, 6 ਸਤੰਬਰ (ਜਤਿੰਦਰ ਪੰਮੀ)-ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਪੰਜਾਬ ਸਰਕਾਰ ਨਾਲ ਸਲਾਹ-ਮਸ਼ਵਰਾ ਕੀਤੇ ਬਿਨਾਂ ਕੀਤੇ ਜਾਣ ’ਤੇ ਸਖ਼ਤ ..

ਅਜੀਤ ਡੈਸਕ 07-09-2026

ਜਲੰਧਰ, 6 ਸਤੰਬਰ (ਜਤਿੰਦਰ ਪੰਮੀ)-ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਪੰਜਾਬ ਸਰਕਾਰ ਨਾਲ ਸਲਾਹ-ਮਸ਼ਵਰਾ ਕੀਤੇ ਬਿਨਾਂ ਕੀਤੇ ਜਾਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ। ਇਥੇ ਸਰਕਟ ਹਾਊਸ ਵਿਖੇ ਗੱਲਬਾਤ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਨਿਯੁਕਤੀ ਦੇ ਢੰਗ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਸੰਵਿਧਾਨਕ ਹੱਕਾਂ ਅਤੇ ਦੇਸ਼ ਦੇ ਸੰਘੀ ਢਾਂਚੇ ਪ੍ਰਤੀ ਅਪਣਾਏ ਜਾ ਰਹੇ ਰਵੱਈਏ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਮੌਕੇ ‘ਆਪ’ ਆਗੂ ਤਰਨਪ੍ਰੀਤ ਸਿੰਘ ਸੰਨੀ ਵੀ ਹਾਜ਼ਰ ਸਨ।

ਵਿੱਤ ਮੰਤਰੀ ਨੇ ਕਿਹਾ ਕਿ ਨਿਯੁਕਤੀ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਆਪਣੇ ਵਿਚਾਰ ਰੱਖਣ ਦਾ ਮੌਕਾ ਹੀ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਨਿਯੁਕਤੀਆਂ ਸੰਬੰਧੀ ਲਾਗੂ ਮੈਮੋਰੈਂਡਮ ਆਫ਼ ਪ੍ਰੋਸੀਜਰ (ਐੱਮ.ਓ.ਪੀ.) ਵਿਚ ਸੰਬੰਧਿਤ ਸੂਬਾ ਸਰਕਾਰ ਦੇ ਵਿਚਾਰਾਂ ਨੂੰ ਧਿਆਨ ਵਿਚ ਰੱਖਣ ਦੀ ਵਿਵਸਥਾ ਹੈ। ਉਨ੍ਹਾਂ ਨੇ ਕਿਹਾ ਕਿ ਰਾਜਪਾਲ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ 12 ਅਗਸਤ ਨੂੰ ਭੇਜੇ ਪੱਤਰ ਅਤੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਵਲੋਂ ਕੀਤੇ ਗਏ ਪੱਤਰ-ਵਿਹਾਰ ਵਿਚ ਵੀ ਇਸ ਪ੍ਰਕਿਰਿਆ ਦਾ ਹਵਾਲਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਨਿਰਧਾਰਿਤ ਪ੍ਰਕਿਰਿਆ ਵਿਚ ਸੂਬਾ ਸਰਕਾਰ ਦੇ ਵਿਚਾਰ ਲੈਣ ਦੀ ਵਿਵਸਥਾ ਹੈ ਤਾਂ ਮੁੱਖ ਜੱਜ ਦੀ ਨਿਯੁਕਤੀ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਸਲਾਹ ਕਿਉਂ ਨਹੀਂ ਕੀਤੀ ਗਈ। 

ਜਸਟਿਸ ਸੰਧਾਵਾਲੀਆ ਦੀ ਨਿਯੁਕਤੀ ਲੰਬਿਤ ਰੱਖਣ ’ਤੇ ਵੀ ਚੁੱਕੇ ਸਵਾਲ
ਵਿੱਤ ਮੰਤਰੀ ਨੇ ਇਸ ਤੋਂ ਪਹਿਲਾਂ ਜਸਟਿਸ ਜੀ.ਐੱਸ. ਸੰਧਾਵਾਲੀਆ ਦੀ ਨਿਯੁਕਤੀ ਦੇ ਮਾਮਲੇ ਨੂੰ ਲੈ ਕੇ ਵੀ ਕੇਂਦਰ ਸਰਕਾਰ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਜੁਲਾਈ 2024 ਵਿਚ ਸੁਪਰੀਮ ਕੋਰਟ ਕਾਲੇਜੀਅਮ ਵਲੋਂ ਉਸ ਸਮੇਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਜੱਜ ਜਸਟਿਸ ਸੰਧਾਵਾਲੀਆ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦਾ ਮੁੱਖ ਜੱਜ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ ਪਰ ਇਹ ਨਿਯੁਕਤੀ ਦੋ ਮਹੀਨਿਆਂ ਤੋਂ ਵੱਧ ਸਮੇਂ ਤੱਕ ਲੰਬਿਤ ਰਹੀ ਅਤੇ ਬਾਅਦ ਵਿਚ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦਾ ਮੁੱਖ ਜੱਜ ਨਿਯੁਕਤ ਕੀਤਾ ਗਿਆ।
ਕੈਬਨਿਟ ਮੰਤਰੀ ਨੇ ਸਵਾਲ ਕੀਤਾ ਕਿ ਕਾਲੇਜੀਅਮ ਦੀ ਸਿਫ਼ਾਰਸ਼ ਦੇ ਬਾਵਜੂਦ ਜਸਟਿਸ ਸੰਧਾਵਾਲੀਆ ਦੀ ਮੱਧ ਪ੍ਰਦੇਸ਼ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਨਿਯੁਕਤੀ ਨੂੰ ਲੰਬਿਤ ਕਿਉਂ ਰੱਖਿਆ ਗਿਆ, ਜਦਕਿ ਜਸਟਿਸ ਮਿਸ਼ਰਾ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਨਿਯੁਕਤੀ ਦੀ ਪ੍ਰਕਿਰਿਆ ਪੰਜਾਬ ਸਰਕਾਰ ਨਾਲ ਸਲਾਹ ਕੀਤੇ ਬਿਨਾਂ ਹੀ ਪੂਰੀ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਸੂਬੇ ਦੇ ਸੰਵਿਧਾਨਕ ਹੱਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।
ਪਿਛਲੀ ਖ਼ਬਰ ਰੂਸ ਅਤੇ ਅਮਰੀਕਾ ਤੋਂ ਸਪਲਾਈ ਘਟਣ ਕਾਰਨ ਭਾਰਤ ਯੂਰਪ ਨੂੰ ਡੀਜ਼ਲ ਦਾ ਮੁੱਖ ਸਪਲਾਇਰ ਬਣਿਆ ਅਗਲੀ ਖ਼ਬਰ ਕਾਂਗਰਸ ਨੇ ਵਿਧਾਇਕ ਕੋਟਲੀ ਨੂੰ ਰਾਜਸਥਾਨ ਸਟੇਟ ਲਈ ਦਿੱਤੀ ਵੱਡੀ ਜ਼ਿੰਮੇਵਾਰੀ, ਲੀਡਰਸ਼ਿਪ ਡਿਵੈੱਲਪਮੈਂਟ ਮਿਸ਼ਨ ਦੇ ਇੰਚਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।