08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸੰਭਾਲਿਆ ਅਹੁਦਾ

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸੰਭਾਲਿਆ ਅਹੁਦਾ

ਅਜੀਤ ਡੈਸਕ 08-09-2026

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੁਕਾਈ ਸਹੁੰ 

ਨਹੀਂ ਸ਼ਾਮਿਲ ਹੋਏ ਮੁੱਖ ਮੰਤਰੀ ਭਗਵੰਤ ਮਾਨ

ਪ੍ਰੋ. ਅਵਤਾਰ ਸਿੰਘ
ਚੰਡੀਗੜ੍ਹ, 7 ਸਤੰਬਰ - ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਜੋ ਕਿ 1 ਜੂਨ ਤੋਂ ਕਾਰਜਕਾਰੀ ਚੀਫ਼ ਜਸਟਿਸ ਵਜੋਂ ਸੇਵਾਵਾਂ ਨਿਭਾਅ ਰਹੇ ਸਨ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਥਾਈ ਚੀਫ਼ ਜਸਟਿਸ ਵਜੋਂ ਅਹੁਦਾ ਸੰਭਾਲ ਲਿਆ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਲੋਕ ਭਵਨ ਵਿਖੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਦੇ ਰੁਖ਼ ਕਾਰਨ ਕੇਂਦਰ ਅਤੇ ਸੂਬਾ ਸਰਕਾਰ ਦਰਮਿਆਨ ਵਿਵਾਦ ਦੀ ਸਥਿਤੀ ਵੀ ਬਣੀ ਰਹੀ ਸੀ। ਸਹੁੰ ਚੁੱਕ ਸਮਾਗਮ ’ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਸਮੇਤ ਹਾਈਕੋਰਟ ਦੇ ਮੌਜੂਦਾ ਤੇ ਸੇਵਾਮੁਕਤ ਜੱਜ, ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮਾਗਮ ’ਚ ਨਹੀਂ ਪੁੱਜੇ। ਸਹੁੰ ਚੁੱਕ ਸਮਾਗਮ ਦੀ ਕਾਰਵਾਈ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਵਲੋਂ ਚਲਾਈ ਗਈ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲੇ ਕਾਲਜੀਅਮ ਨੇ 6 ਅਗਸਤ ਨੂੰ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਇਸ ਤੋਂ ਪਹਿਲਾਂ 1 ਜੂਨ ਨੂੰ ਉਨ੍ਹਾਂ ਨੂੰ ਕਾਰਜਕਾਰੀ ਚੀਫ਼ ਜਸਟਿਸ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਤਤਕਾਲੀ ਚੀਫ਼ ਜਸਟਿਸ ਜਸਟਿਸ ਸ਼ੀਲ ਨਾਗੂ ਦੇ ਸੁਪਰੀਮ ਕੋਰਟ ਦੇ ਜੱਜ ਵਜੋਂ ਨਿਯੁਕਤ ਹੋਣ ਤੋਂ ਬਾਅਦ ਜਸਟਿਸ ਮਿਸ਼ਰਾ ਨੇ ਕਾਰਜਕਾਰੀ ਚੀਫ ਜਸਟਿਸ ਦਾ ਅਹੁਦਾ ਸੰਭਾਲਿਆ ਸੀ।
1993 ’ਚ ਵਕੀਲ ਵਜੋਂ ਕਰਵਾਈ ਸੀ ਰਜਿਸਟਰੇਸ਼ਨ 
16 ਨਵੰਬਰ,1968 ਨੂੰ ਜਨਮੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਦਿੱਲੀ ਯੂਨੀਵਰਸਿਟੀ ਦੇ ਕਿਰੋੜੀ ਮੱਲ ਕਾਲਜ ਤੋਂ ਅਰਥ-ਸ਼ਾਸਤਰ ’ਚ ਗ੍ਰੈਜੂਏਸ਼ਨ ਕਰਨ ਉਪਰੰਤ ਕੈਂਪਸ ਲਾਅ ਸੈਂਟਰ ਤੋਂ ਕਾਨੂੰਨ ਦੀ ਪੜ੍ਹਾਈ ਕੀਤੀ। 8 ਮਈ,1993 ਨੂੰ ਵਕੀਲ ਵਜੋਂ ਰਜਿਸਟਰੇਸ਼ਨ ਕਰਵਾਉਣ ਤੋਂ ਬਾਅਦ ਉਨ੍ਹਾਂ ਨੇ ਦੀਵਾਨੀ, ਸੰਵਿਧਾਨਕ ਅਤੇ ਸੇਵਾ ਮਾਮਲਿਆਂ ਦੀ ਪੈਰਵੀ ਕੀਤੀ। ਸਾਲ 2013 ’ਚ ਉਨ੍ਹਾਂ ਨੂੰ ਸੀਨੀਅਰ ਐਡਵੋਕੇਟ ਬਣਾਇਆ ਗਿਆ। 3 ਫਰਵਰੀ, 2014 ਨੂੰ ਜਸਟਿਸ ਮਿਸ਼ਰਾ ਨੂੰ ਇਲਾਹਾਬਾਦ ਹਾਈਕੋਰਟ ਦਾ ਵਧੀਕ ਜੱਜ ਨਿਯੁਕਤ ਕੀਤਾ ਗਿਆ ਅਤੇ 1 ਫਰਵਰੀ, 2016 ਨੂੰ ਉਨ੍ਹਾਂ ਨੂੰ ਸਥਾਈ ਜੱਜ ਬਣਾ ਦਿੱਤਾ ਗਿਆ। 20 ਜੁਲਾਈ,2025 ਤੱਕ ਇਲਾਹਾਬਾਦ ਹਾਈਕੋਰਟ ’ਚ ਸੇਵਾਵਾਂ ਨਿਭਾਉਣ ਤੋਂ ਬਾਅਦ ਉਨ੍ਹਾਂ ਦਾ ਤਬਾਦਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਰ ਦਿੱਤਾ ਗਿਆ। 21 ਜੁਲਾਈ, 2025 ਨੂੰ ਉਨ੍ਹਾਂ ਨੇ ਇਥੇ ਜੱਜ ਵਜੋਂ ਸਹੁੰ ਚੁੱਕੀ ਸੀ। ਇਲਾਹਾਬਾਦ ਹਾਈ ਕੋਰਟ ’ਚ ਆਪਣੇ ਕਾਰਜਕਾਲ ਦੌਰਾਨ ਨਿਠਾਰੀ ਕਤਲ ਕਾਂਡ ਨਾਲ ਸੰਬੰਧਿਤ ਮਾਮਲਿਆਂ ’ਚ ਅਕਤੂਬਰ 2023 ’ਚ ਸੁਣਾਇਆ ਗਿਆ ਫ਼ੈਸਲਾ ਵੀ ਉਨ੍ਹਾਂ ਦੀ ਬੈਂਚ ਦੇ ਮਹੱਤਵਪੂਰਨ ਫ਼ੈਸਲਿਆਂ ’ਚ ਸ਼ਾਮਿਲ ਰਿਹਾ।

ਅਗਲੀ ਖ਼ਬਰ ਕੋਲੇ ਦੀ ਕਮੀ ਕਾਰਨ ਪੰਜਾਬ ਦੇ ਥਰਮਲ ਪਲਾਂਟਾਂ ’ਚ ਉਤਪਾਦਨ ਘਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।