![]()
ਅਮਰਜੀਤ ਕੋਮਲ, ਸੁਖਜਿੰਦਰ ਸਿੰਘ
ਬੇਗੋਵਾਲ (ਕਪੂਰਥਲਾ), 15 ਨਵੰਬਰ-ਅੱਜ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਬੇਗੋਵਾਲ ਵਿਖੇ ਭੁਲੱਥ ਹਲਕੇ ਦੇ ਵਰਕਰਾਂ ਨਾਲ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਮੂਲੀਅਤ ਕਰ ਲਈ ਹੈ। ਇਸ ਮੌਕੇ ਇਕੱਠ ਨੂੰ ਸੰਬੋਧਨ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੁਝ ਕਾਰਨਾਂ ਕਰਕੇ ਬੀਬੀ ਜਗੀਰ ਕੌਰ ਪਾਰਟੀ ਨਾਲੋਂ ਕੁਝ ਸਮੇਂ ਲਈ ਵੱਖ ਹੋਏ ਸਨ, ਪਰ ਅੱਜ ਉਨ੍ਹਾਂ ਵਲੋਂ ਆਪਣੇ ਵੱਡੀ ਗਿਣਤੀ ਸਮਰਥਕਾਂ ਨਾਲ ਪਾਰਟੀ ’ਚ ਸ਼ਮੂਲੀਅਤ ਕਰਨ ਨਾਲ ਪਾਰਟੀ ਨੂੰ ਦੁਆਬਾ ਖੇਤਰ ’ਚ ਵੱਡਾ ਬਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਭਾਵਨਾ ਹੈ ਕਿ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਅਗਵਾਈ ਵਾਲੀ ਸਰਕਾਰ ਬਣੇ, ਇਸ ਲਈ ਮੈਂ ਪਾਰਟੀ ਛੱਡ ਕੇ ਗਏ ਅਕਾਲੀ ਆਗੂਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਮੁਡ਼ ਪੰਥ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ ਹੋਣ ਤਾਂ ਜੋ ਪੰਥ ਦੁਸ਼ਮਣਾਂ ਨੂੰ ਪੰਜਾਬ ਤੋਂ ਬਾਹਰ ਦਾ ਰਸਤਾ ਦਿਖਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਪਹਿਲਾਂ ਦੀ ਤਰ੍ਹਾਂ ਪਾਰਟੀ ’ਚ ਪੂਰਾ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਮੌਕੇ ’ਤੇ ਹੀ ਬੀਬੀ ਜਗੀਰ ਕੌਰ ਨੂੰ ਭੁਲੱਥ ਵਿਧਾਨ ਸਭਾ ਹਲਕੇ ਦੀ ਇੰਚਾਰਜ ਨਿਯੁਕਤ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਬੀਬੀ ਜਗੀਰ ਕੌਰ ਨੂੰ ਕਿਹਾ ਕਿ ਉਹ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਬਹੁਤ ਹੀ ਨਾਜ਼ੁਕ ਦੌਰ ’ਚੋਂ ਗੁਜ਼ਰ ਰਿਹਾ ਹੈ। ਰਾਜ ’ਚ ਬੇਰੁਜ਼ਗਾਰੀ, ਨਸ਼ਿਆਂ ਦੇ ਕਾਰੋਬਾਰ, ਗੈਂਗਸਟਰਵਾਦ ਤੇ ਗੁੰਡਾਗਰਦੀ ’ਚ ਵੱਡਾ ਵਾਧਾ ਹੋਇਆ ਹੈ, ਪਰ ਸਰਕਾਰ ਇਸ ਨੂੰ ਠੱਲ੍ਹ ਪਾਉਣ ’ਚ ਨਾਕਾਮ ਰਹੀ ਹੈ। ਇਸ ਮੌਕੇ ਬੀਬੀ ਜਗੀਰ ਕੌਰ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਜਨੀਤ ਕੌਰ ਬਾਵਾ ਨੇ ਸੁਖਬੀਰ ਸਿੰਘ ਬਾਦਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਸੁਖਬੀਰ ਸਿੰਘ ਬਾਦਲ ਨੂੰ ਜੀ ਆਇਆਂ ਕਿਹਾ। ਉਨ੍ਹਾਂ ਪਿਛਲੇ ਅਰਸੇ ਦੌਰਾਨ ਹੋਈਆਂ ਆਪਣੀਆਂ ਗ਼ਲਤੀਆਂ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ ਹੋ ਕੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਸਮਰਪਣ ਦੀ ਭਾਵਨਾ ਨਾਲ ਕੰਮ ਕਰਨਗੇ। ਉਨ੍ਹਾਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਲਹਿਰ ਦਾ ਸਮਰਥਨ ਕੀਤਾ ਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਲਹਿਰ ’ਚ ਆਪਣੇ ਸਮਰਥਕਾਂ ਸਮੇਤ ਸ਼ਾਮਿਲ ਹੋ ਕੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣਗੇ। ਸਮਾਗਮ ’ਚ ਸੁਖਬੀਰ ਨੇ ਬੀਬੀ ਜਗੀਰ ਕੌਰ, ਯੁਵਰਾਜ ਭੁਪਿੰਦਰ ਸਿੰਘ ਤੇ ਰਜਨੀਤ ਕੌਰ ਬਾਵਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸੀਨੀਅਰ ਯੂਥ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ, ਕੰਵਲਜੀਤ ਸਿੰਘ ਰੋਜ਼ੀ ਬਰਕੰਦੀ, ਸਤਪਾਲ ਸਿੰਘ ਮੁਲਤਾਨੀ, ਟਾਂਡਾ ਹਲਕੇ ਦੇ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਕਪੂਰਥਲਾ ਹਲਕੇ ਦੇ ਇੰਚਾਰਜ ਐਚ.ਐਸ. ਵਾਲੀਆ, ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਸਾਬਕਾ ਚੇਅਰਮੈਨ ਲਖਵਿੰਦਰ ਸਿੰਘ ਵਿਜੋਲਾ, ਰੁਪਿੰਦਰ ਕੌਰ ਬ੍ਰਹਮਪੁਰਾ, ਕੁਲਦੀਪ ਸਿੰਘ ਟਾਂਡੀ, ਐਡਵੋਕੇਟ ਕੁਲਵੰਤ ਸਹਿਗਲ, ਹਰਪਿੰਦਰ ਸਿੰਘ ਭਿੰਦਾ, ਗੁਰਿੰਦਰਜੀਤ ਸਿੰਘ ਭੁੱਲਰ, ਹਰਪ੍ਰੀਤ ਸਿੰਘ ਟੀਟੂ, ਗੁਰਮੀਤ ਸਿੰਘ ਚੀਮਾ, ਸੁਰਜੀਤ ਸਿੰਘ ਬੱਲਾ, ਸ਼ਰਨਜੀਤ ਸਿੰਘ ਲੱਖਣ ਕੇ ਪੱਡੇ, ਯਾਦਵਿੰਦਰ ਸਿੰਘ ਬੰਟੀ, ਨੰਬਰਦਾਰ ਰਣਜੀਤ ਸਿੰਘ ਰਿੰਪੀ, ਐਡਵੋਕੇਟ ਮਨਿੰਦਰ ਸਿੰਘ, ਪਰਵਿੰਦਰ ਸਿੰਘ ਬੰਟੀ, ਮਲਕੀਤ ਸਿੰਘ ਠੁਣੀਆ, ਸਰੂਪ ਸਿੰਘ ਖਾਸਰੀਆ, ਕਾਲਾ ਬਾਗਡ਼ੀਆ ਆਦਿ ਹਾਜ਼ਰ ਸਨ।