20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਧਾਮੀ ਲਗਾਤਾਰ ਛੇਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਧਾਮੀ ਲਗਾਤਾਰ ਛੇਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਅਜੀਤ ਡੈਸਕ 21-11-2026


ਰਘੂਜੀਤ ਸੀਨੀਅਰ ਮੀਤ ਪ੍ਰਧਾਨ, ਖ਼ਾਲਸਾ ਜੂਨੀਅਰ ਮੀਤ ਪ੍ਰਧਾਨ ਤੇ ਝੱਬਰ ਜਨਰਲ ਸਕੱਤਰ ਬਣੇ -11 ਮੈਂਬਰੀ ਅੰਤਰਿੰਗ ਕਮੇਟੀ ਦੀ ਹੋਈ ਚੋਣ

ਜਸਵੰਤ ਸਿੰਘ ਜੱਸ ਹਰਮਿੰਦਰ ਸਿੰਘ
ਅੰਮ੍ਰਿਤਸਰ, 20 ਨਵੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸਾਲਾਨਾ ਜਨਰਲ ਇਜਲਾਸ ਦੌਰਾਨ ਵਿਰੋਧੀ ਧਿਰ ਦੀ ਗ਼ੈਰ-ਹਾਜ਼ਰੀ ਦੇ ਚੱਲਦਿਆਂ ਸ: ਹਰਜਿੰਦਰ ਸਿੰਘ ਧਾਮੀ ਦੀ ਕਾਰਜਸ਼ੈਲੀ ਤੇ ਕਾਰਗੁਜ਼ਾਰੀ ’ਤੇ ਭਰੋਸਾ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਹਾਜ਼ਰ ਮੈਂਬਰਾਂ ਵਲੋਂ ਮੁੜ ਛੇਵੀਂ ਵਾਰ ਵੀ ਸਾਲ 2026-27 ਲਈ ਸਰਬਸੰਮਤੀ ਨਾਲ ਤੇ ਬਿਨ੍ਹਾ ਮੁਕਾਬਲਾ ਪ੍ਰਧਾਨ ਚੁਣ ਲਿਆ ਗਿਆ। ਉਨ੍ਹਾਂ ਦਾ ਪ੍ਰਧਾਨਗੀ ਦੇ ਅਹੁਦੇ ਲਈ ਨਾਂਅ ਸਾਬਕਾ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵਲੋਂ ਪੇਸ਼ ਕੀਤਾ ਗਿਆ, ਜਿਸ ਦੀ ਤਾਈਦ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ ਅਤੇ ਤਾਈਦ ਮਜੀਦ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕੀਤੀ। ਇਸ ਦੌਰਾਨ ਸਿੱਖ ਪੰਥ, ਪੰਜਾਬ ਤੇ ਪੰਜਾਬੀ ਨਾਲ ਸੰਬੰਧਿਤ ਦੇ ਮਹੱਤਵਪੂਰਨ ਮਾਮਲਿਆਂ ਸੰਬੰਧੀ ਕਈ ਅਹਿਮ ਮਤੇ ਵੀ ਪਾਸ ਕੀਤੇ ਗਏ।  ਵਿਰੋਧੀ ਧਿਰ ਦੇ ਗ਼ੈਰ-ਹਾਜ਼ਰ ਰਹਿਣ ਕਾਰਨ ਕਰੀਬ ਇਕ ਘੰਟੇ ’ਚ ਹੀ ਸੰਪੰਨ ਹੋਏ ਇਸ ਇਜਲਾਸ ’ਚ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ 112 ਸ਼੍ਰੋਮਣੀ ਕਮੇਟੀ ਮੈਂਬਰ ਮੌਜੂਦ ਸਨ। ਇਸ ਜਨਰਲ ਇਜਲਾਸ ਦੌਰਾਨ ਸ. ਰਘੂਜੀਤ ਸਿੰਘ ਵਿਰਕ ਨੂੰ ਮੁੜ ਸੀਨੀਅਰ ਮੀਤ ਪ੍ਰਧਾਨ, ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਝੱਬਰ ਨੂੰ ਸਰਬਸੰਮਤੀ ਨਾਲ ਜਨਰਲ ਸਕੱਤਰ ਚੁਣਿਆ ਗਿਆ। ਇਸ ਸਾਲ ਲਈ ਬਿਨ੍ਹਾਂ ਮੁਕਾਬਲਾ ਚੁਣੀ ਗਈ 11 ਮੈਂਬਰੀ ਅੰਤਰਿੰਗ ਕਮੇਟੀ ’ਚ ਸ. ਮੋਹਨ ਸਿੰਘ ਬੰਗੀ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਰਣਜੀਤ ਸਿੰਘ ਕਾਹਲੋਂ, ਨਵਤੇਜ ਸਿੰਘ ਕਾਉਣੀ, ਬੀਬੀ ਪਰਮਜੀਤ ਕੌਰ ਮੂਣਕ, ਰਵਿੰਦਰ ਸਿੰਘ ਖ਼ਾਲਸਾ, ਦਰਸ਼ਨ ਸਿੰਘ ਬਰਾੜ ਮੋਠਾਂਵਾਲੀ, ਚਰਨ ਸਿੰਘ ਆਲਮਗੀਰ, ਗੁਰਿੰਦਰਪਾਲ ਸਿੰਘ ਗੋਰਾ, ਕੁਲਦੀਪ ਸਿੰਘ ਨੱਸੂਪੁਰ ਤੇ ਬੀਬੀ ਨਰਿੰਦਰ ਕੌਰ ਰਣੀਆ ਸ਼ਾਮਿਲ ਹਨ। 
ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਇਕ ਵਾਰ ਮੁੜ ਸਾਡੇ ’ਤੇ ਭਰੋਸਾ ਪ੍ਰਗਟਾਇਆ-ਧਾਮੀ 
 ਛੇਵੀਂ ਵਾਰ ਮੁੜ ਪ੍ਰਧਾਨ ਚੁਣੇ ਗਏ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਅਤੇ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਕੇ ਬੀਤੇ ਦਿਨ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਉਨ੍ਹਾਂ ਦੇ ਹੱਕ ’ਚ ਭੁਗਤਣ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਉਹ ਹਰ ਵਾਰ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਸਰਬਸੰਮਤੀ ਨਾਲ ਚੋਣ ਕਰਵਾਉਣ ਲਈ ਕਹਿੰਦੇ ਸਨ, ਪਰ ਕੁਝ ਜਥੇਬੰਦੀਆਂ ਵਲੋਂ ਆਪਣੀ ਹੋਂਦ ਰੱਖਣ ਲਈ ਚੋਣ ਕਰਵਾਈ ਜਾਂਦੀ ਸੀ ਪਰ ਇਸ ਵਾਰ ਸਰਬਸੰਮਤੀ ਨਾਲ ਚੋਣ ਹੋਈ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਤੋਂ ਇਲਾਵਾ ਧਰਮ ਪ੍ਰਚਾਰ ਦੇ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਨਾਲ ਵਿੱਦਿਅਕ ਖੇਤਰ ’ਚ ਸੁਧਾਰ ਲਿਆਂਦਾ ਜਾਵੇਗਾ, ਆਈ. ਪੀ. ਐੱਸ, ਆਈ. ਏ. ਐੱਸ. ਬਣਨ ਦੇ ਚਾਹਵਾਨ ਵਿਦਿਆਰਥੀਆਂ ਦੀ ਤਿਆਰੀ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ’ਚ ਜ਼ਮੀਨ ਲੈ ਕੇ ਉਥੇ ਗੁਰਦੁਆਰਾ ਸਾਹਿਬ ਸਥਾਪਿਤ ਕਰਨ ਦੇ ਕਾਰਜਾਂ ਨੂੰ ਅੱਗੇ ਵਧਾਇਆ ਜਾਵੇਗਾ ਤੇ ਉਥੇ ਪ੍ਰੈੱਸਾਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਪਸਾਰ ਨੂੰ ਰੋਕਣ ਲਈ ਪਿੰਡਾਂ ’ਚ ਮਾਰਚ ਕੱਢੇ ਗਏ ਸਨ ਅਤੇ ਇਹ ਉਪਰਾਲੇ ਨਿਰੰਤਰ ਜਾਰੀ ਰੱਖਦੇ ਹੋਏ ਅੰਮ੍ਰਿਤ ਸੰਚਾਰ ਸਮਾਗਮ ਵੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਭਗਤ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਗਟ ਦਿਵਸ ਸੰਬੰਧੀ ਸੈਮੀਨਾਰ ਕਰਵਾਏ ਜਾ ਰਹੇ ਹਨ ਤੇ ਗੁਰੂ ਨਗਰੀ ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਸ਼ਤਾਬਦੀ ਨੂੰ ਲੈ ਕੇ ਵੀ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਸੋਸ਼ਲ ਮੀਡਆ ਰਾਹੀਂ ਕੁਝ ਇਕ ਬੀਬੀਆਂ ਵਲੋਂ ਕੀਤੀਆਂ ਜਾ ਰਹੀਆਂ ਸ਼ਿਕਾਇਤਾਂ ਬਾਰੇ ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਿਕਾਇਤਾਂ ਦੀ ਪੜਤਾਲ ਲਈ ਔਰਤਾਂ ਦਾ ਕਮਿਸ਼ਨ ਬਣਾਇਆ ਜਾਵੇਗਾ ਜੋ ਔਰਤਾਂ ਨਾਲ ਸੰਬੰਧਿਤ ਮਾਮਲਿਆਂ ਦੀ ਪੜਤਾਲ ਕਰੇਗਾ ਤੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਅਧਿਕਾਰੀ ਅਤੇ ਮੈਂਬਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। 

ਅਹੁਦੇਦਾਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ
ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਅਹੁਦੇਦਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਨੂੰ ਕਾਰਜਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਨਤਮਸਤਕ ਹੋਏ।
ਧਾਮੀ ਨੇ ਮੁੜ ਸੰਭਾਲਿਆ ਅਹੁਦਾ
ਸ. ਧਾਮੀ ਨੇ ਦਫ਼ਤਰ ਵਿਖੇ ਰਸਮੀ ਤੌਰ ’ਤੇ ਆਪਣੇ ਅਹੁਦੇ ਦਾ ਕਾਰਜਭਾਰ ਮੁੜ ਸੰਭਾਲਿਆ। ਇਸ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਨੇ ਪ੍ਰਧਾਨ ਤੇ ਹੋਰਨਾਂ ਚੁਣੇ ਗਏ ਅਹੁਦੇਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਬੀਬੀ ਜਗੀਰ ਕੌਰ ਇਸ ਵਾਰ ‘ਆਪਣੀ ਧਿਰ’ ਵਲੋਂ ਇਜਲਾਸ ’ਚ ਹੋਏ ਸ਼ਾਮਿਲ- ਦਿਲਚਸਪ ਗੱਲ ਇਹ ਸੀ ਕਿ ਵਿਰੋਧੀ ਧਿਰ ਵਲੋਂ ਇਕ ਵਾਰ ਸ: ਧਾਮੀ ਨੂੰ ਪ੍ਰਧਾਨ ਦੇ ਅਹੁਦੇ ਲਈ ਟੱਕਰ ਦੇਣ ਵਾਲੇ ਬੀਬੀ ਜਗੀਰ ਕੌਰ ਵੀ ਇਜਲਾਸ ’ਚ ਸ਼ਾਮਿਲ ਹੋਏ, ਪਰ ਇਸ ਵਾਰ ਉਹ ‘ਵਿਰੋਧੀ ਧਿਰ’ ਵਜੋਂ ਨਹੀਂ ਬਲਕਿ ‘ਆਪਣੀ ਧਿਰ’ ਵਲੋਂ ਸ਼ਾਮਿਲ ਹੋਏ ਸਨ। ਚੋਣ ਇਜਲਾਸ ਵਿਚ ਭਾਗ ਲੈਣ ਉਪਰੰਤ ਉਹ ਮੀਡੀਆ ਨਾਲ ਗੱਲਬਾਤ ਕੀਤੇ ਬਿਨ੍ਹਾਂ ਚਲੇ ਗਏ। 
ਦੱਸਣਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਅੱਜ ਦੇ ਇਜਲਾਸ ’ਚ ਸ਼ਾਮਿਲ ਨਾ ਹੋਣ ਅਤੇ ਦਿੱਲੀ ਵਿਖੇ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਜਲਦ ਕਰਵਾਉਣ ਅਤੇ ਬੰਦੀ ਸਿੰਘਾਂ ਦੀ ਜਲਦ ਰਿਹਾਈ ਦੀ ਮੰਗ ਨੂੰ ਲੈ ਕੇ ਰੋਸ ਮਾਰਚ ਕਰਨ ਦਾ ਪ੍ਰੋਗਰਾਮ ਸੀ, ਜਿਸ ਕਾਰਨ ਅੱਜ ਸਾਰੇ ਅਹੁਦਿਆਂ ਲਈ ਬਿਨ੍ਹਾਂ ਮੁਕਾਬਲਾ ਤੇ ਸਰਬਸੰਮਤੀ ਨਾਲ ਹੀ ਚੋਣ ਹੋ ਗਈ। ਵਿਰੋਧੀ ਧਿਰ ਦੇ ਇਜਲਾਸ ’ਚ ਸ਼ਾਮਿਲ ਨਾ ਚੋਣ ਕਾਰਨ ਅੰਤਰਿੰਗ ਕਮੇਟੀ ’ਚ ਵਿਰੋਧੀ ਧਿਰ ਦਾ ਇਕ ਵੀ ਮੈਂਬਰ ਸ਼ਾਮਿਲ ਨਹੀਂ ਹੋ ਸਕਿਆ।
ਸ਼ਾਮਿਲ ਹੋਏ ਮੈਂਬਰ
ਅੱਜ ਦੇ ਜਨਰਲ ਇਜਲਾਸ ’ਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ ਤੇ ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਅਮਰੀਕ ਸਿੰਘ ਜਨੈਤਪੁਰ, ਹਰਪਾਲ ਸਿੰਘ ਪਾਲੀ, ਬਲਦੇਵ ਸਿੰਘ ਕਾਇਮਪੁਰ, ਹਰਭਜਨ ਸਿੰਘ ਮਸਾਣਾਂ, ਬੀਬੀ ਅਮਰਜੀਤ ਕੌਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਜਗਸੀਰ ਸਿੰਘ ਮਾਂਗੇਆਣਾ, ਬੀਬੀ ਕਿਰਨਵੀਰ ਕੌਰ, ਨਤਵੇਜ ਸਿੰਘ ਕਾਉਣੀ, ਕੌਰ ਸਿੰਘ ਬਹਾਵਵਾਲਾ, ਬੀਬੀ ਪਰਮਿੰਦਰ ਕੌਰ, ਦਰਸ਼ਨ ਸਿੰਘ ਬਰਾੜ, ਪ੍ਰੀਤਮ ਸਿੰਘ ਮਲਸੀਹਾਂ, ਦਰਸ਼ਨ ਸਿੰਘ ਸ਼ੇਰਖਾਂ, ਬਲਵਿੰਦਰ ਸਿੰਘ ਭੰਮਾਂ ਲੰਡਾ, ਸਤਪਾਲ ਸਿੰਘ ਤਲਵੰਡੀ ਭਾਈ, ਗੁਰਮੀਤ ਸਿੰਘ ਬੂਹ, ਬੀਬੀ ਨਰਿੰਦਰ ਕੌਰ, ਸੁਖਹਰਪ੍ਰੀਤ ਸਿੰਘ ਰੋਡੇ, ਤਰਸੇਮ ਸਿੰਘ ਰੱਤੀਆਂ, ਬੀਬੀ ਜਸਵਿੰਦਰ ਕੌਰ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ਼ੇਰ ਸਿੰਘ ਮੰਡਵਾਲਾ, ਫੁੰਮਣ ਸਿੰਘ, ਮੇਜਰ ਸਿੰਘ ਮਹਿਰਾਜ, ਅਮਰੀਕ ਸਿੰਘ ਕੋਟਸ਼ਮੀਰ, ਬੀਬੀ ਜੋਗਿੰਦਰ ਕੌਰ ਰਠੌਰ, ਮੋਹਨ ਸਿੰਘ ਬੰਗੀ, ਸੁਰਜੀਤ ਸਿੰਘ ਰਾਏਪੁਰ, ਬੂਟਾ ਸਿੰਘ, ਬੀਬੀ ਪਰਮਜੀਤ ਕੌਰ, ਇੰਦਰਮੋਹਨ ਸਿੰਘ ਲਖਮੀਰਵਾਲਾ, ਬੀਬੀ ਜਸਪਾਲ ਕੌਰ, ਪਰਮਜੀਤ ਸਿੰਘ ਖ਼ਾਲਸਾ, ਸੰਤ ਬਲਬੀਰ ਸਿੰਘ ਘੁੰਨਸ, ਬੀਬੀ ਸ਼ਰਨਜੀਤ ਕੌਰ, ਭੁਪਿੰਦਰ ਸਿੰਘ ਭਲਵਾਨ, ਕੁਲਦੀਪ ਸਿੰਘ ਨੱਸੂਪੁਰ, ਬੀਬੀ ਹਰਦੀਪ ਕੌਰ, ਜਰਨੈਲ ਸਿੰਘ ਕਰਤਾਰਪੁਰ, ਜਸਮੇਰ ਸਿੰਘ ਲਾਛੜੂ, ਸੁਰਜੀਤ ਸਿੰਘ ਗੜ੍ਹੀ, ਬਾਬਾ ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖ਼ਾਲਸਾ, ਦਵਿੰਦਰ ਸਿੰਘ ਖੱਟੜਾ, ਰਘਬੀਰ ਸਿੰਘ ਸਹਾਰਨ ਮਾਜਰਾ, ਚਰਨ ਸਿੰਘ ਆਲਮਗੀਰ, ਹਰਪਾਲ ਸਿੰਘ ਜੱਲਾ, ਹਰਪ੍ਰੀਤ ਸਿੰਘ ਗਰਚਾ, ਜਗਜੀਤ ਸਿੰਘ ਤਲਵੰਡੀ, ਕੇਵਲ ਸਿੰਘ ਬਾਦਲ, ਬਲਵਿੰਦਰ ਸਿੰਘ ਬੈਂਸ, ਬੀਬੀ ਰਜਿੰਦਰ ਕੌਰ, ਰਣਜੀਤ ਸਿੰਘ ਮੰਗਲੀ, ਸਰਬੰਸ ਸਿੰਘ ਮਾਣਕੀ, ਗੁਰਬਖ਼ਸ਼ ਸਿੰਘ ਖਾਲਸਾ, ਸੁਖਦੇਵ ਸਿੰਘ ਭੌਰ, ਬਲਦੇਵ ਸਿੰਘ ਕਲਿਆਣ, ਬੀਬੀ ਦਵਿੰਦਰ ਕੌਰ ਕਾਲੜਾ, ਕੁਲਵੰਤ ਸਿੰਘ ਮੰਨਣ, ਰਣਜੀਤ ਸਿੰਘ ਕਾਹਲੋਂ, ਬੀਬੀ ਗੁਰਮੀਤ ਕੌਰ ਭਟਨੂਰਾ, ਬੀਬੀ ਗੁਰਪ੍ਰੀਤ ਕੌਰ, ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਜਗੀਰ ਕੌਰ ਬੇਗੋਵਾਲ, ਬਲਜੀਤ ਸਿੰਘ ਜਲਾਲਉਸਮਾਂ, ਬਲਵਿੰਦਰ ਸਿੰਘ ਵੇਂਈਪੂਈਂ, ਗੁਰਬਚਨ ਸਿੰਘ ਕਰਮੂੰਵਾਲਾ, ਖੁਸ਼ਵਿੰਦਰ ਸਿੰਘ ਭਾਟੀਆ, ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਮੰਗਵਿੰਦਰ ਸਿੰਘ ਖਾਪੜਖੇੜੀ, ਗੁਰਿੰਦਰਪਾਲ ਸਿੰਘ ਰਣੀਕੇ, ਹਰਜਾਪ ਸਿੰਘ ਸੁਲਤਾਨਵਿੰਡ, ਬਾਵਾ ਸਿੰਘ ਗੁਮਾਨਪੁਰਾ, ਸੁਰਜੀਤ ਸਿੰਘ ਭਿੱਟੇਵੱਡ, ਬੀਬੀ ਬਲਵਿੰਦਰ ਕੌਰ ਲੋਪੋਕੇ, ਅਮਰੀਕ ਸਿੰਘ ਵਿਛੋਆ, ਜੋਧ ਸਿੰਘ ਸਮਰਾ, ਬੀਬੀ ਸਵਰਨ ਕੌਰ ਤੇੜਾ, ਅਮਰਜੀਤ ਸਿੰਘ ਬੰਡਾਲਾ, ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਤੁਗਲਵਾਲ, ਗੁਰਿੰਦਰਪਾਲ ਸਿੰਘ ਗੋਰਾ, ਗੁਰਨਾਮ ਸਿੰਘ ਜੱਸਲ, ਬੀਬੀ ਜੋਗਿੰਦਰ ਕੌਰ, ਬੀਬੀ ਜਸਵੀਰ ਕੌਰ ਜ਼ੱਫਰਵਾਲ, ਰਵਿੰਦਰ ਸਿੰਘ ਚੱਕ, ਤਾਰਾ ਸਿੰਘ ਤਲਵੰਡੀ, ਸੁਰਿੰਦਰ ਸਿੰਘ ਠੇਕੇਦਾਰ, ਜੰਗ ਬਹਾਦਰ ਸਿੰਘ ਰਾਏ, ਪਰਮਜੀਤ ਸਿੰਘ ਲੱਖੇਵਾਲ, ਅਜਮੇਰ ਸਿੰਘ ਖੇੜਾ, ਬੀਬੀ ਪਰਮਜੀਤ ਕੌਰ ਲਾਂਡਰਾਂ, ਜਗਤਾਰ ਸਿੰਘ ਰੋਡੇ, ਸੁਰਜੀਤ ਸਿੰਘ ਕੰਗ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸੁਖਮੀਤ ਸਿੰਘ ਕਾਦੀਆਂ, ਗੁਰਮਿੰਦਰ ਸਿੰਘ ਮਠਾਰੂ, ਗੁਰਿੰਦਰ ਸਿੰਘ, ਬੀਬੀ ਸੁਖਵਿੰਦਰ ਕੌਰ ਤੋਂ ਇਲਾਵਾ ਓ.ਐਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸੁਖਮਿੰਦਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਭਗਵੰਤ ਸਿੰਘ ਧੰਗੇੜਾ, ਬਿਜੈ ਸਿੰਘ, ਪ੍ਰੀਤਪਾਲ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਗੁਰਦਿਆਲ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਅਜ਼ਾਦਦੀਪ ਸਿੰਘ, ਮਨਜੀਤ ਸਿੰਘ ਤੇ ਗੁਰਮੀਤ ਸਿੰਘ ਆਦਿ ਵੀ ਮੌਜੂਦ ਸਨ।  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੀ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੌਜੂਦ ਸਨ ਪਰ ਉਹ ਜਨਰਲ ਇਜਲਾਸ ’ਚ ਸ਼ਾਮਿਲ ਨਹੀਂ ਹੋਏ। 

ਇਕ ਵਾਰ ਮੁੜ ਸ਼੍ਰੋਮਣੀ ਅਕਾਲੀ ਦਲ ’ਤੇ ਭਰੋਸਾ ਪ੍ਰਗਟ ਕੀਤਾ ਗਿਆ-ਡਾ. ਚੀਮਾ

ਹਰਜਿੰਦਰ ਸਿੰਘ ਧਾਮੀ ਨੂੰ ਸਰਬਸੰਮਤੀ ਨਾਲ ਮੁੜ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਬਾਕੀ ਅਹੁਦੇਦਾਰਾਂ ਦੀ ਵੀ ਸਰਬਸੰਮਤੀ ਨਾਲ ਚੋਣ ਹੋਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਗੁਰੂ ਸਾਹਿਬ ਨੇ ਇਕ ਵਾਰ ਮੁੜ ਸ਼੍ਰੋਮਣੀ ਕਮੇਟੀ ਦੀ ਸੇਵਾ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਾਈ ਹੈ ਤੇ ਮੈਂਬਰਾਂ ਨੇ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ’ਤੇ ਭਰੋਸਾ ਪ੍ਰਗਟ ਕੀਤਾ ਹੈ, ਜੋ ਯਕੀਨ ਦਿਵਾਉਂਦਾ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਦੀ ਹੀ ਸਰਕਾਰ ਬਣੇਗੀ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੇ ਜਾਣ ’ਤੇ ਧੰਨਵਾਦ ਕੀਤਾ।


ਪਾਸ ਕੀਤੇ ਗਏ ਮਤੇ


ਇਜਲਾਸ ਦੌਰਾਨ 12 ਮਤੇ ਪਾਸ ਕੀਤੇ ਗਏ, ਜਿਨ੍ਹਾਂ ’ਚ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਵਿਚਲੀਆਂ ਖ਼ਾਮੀਆਂ ਨੂੰ ਦੂਰ ਕਰਨ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਪ੍ਰਤੀ ਪੰਜਾਬ ਸਰਕਾਰ ਦੀ ਟਾਲ-ਮਟੋਲ ਵਾਲੀ ਤੇ ਗੁੰਮਰਾਹਕੁੰਨ ਨੀਤੀ ਦੀ ਸਖ਼ਤ ਨਿਖੇਧੀ ਕੀਤੀ ਗਈ।ਪੰਜਾਬ ਅੰਦਰ ਨਸ਼ਿਆਂ ਦੇ ਵੱਧ ਰਹੇ ਪ੍ਰਕੋਪ ਕਾਰਨ ਨਿੱਤ ਦਿਹਾੜੇ ਨੌਜਵਾਨਾਂ ਦੀਆਂ ਮੌਤਾਂ ’ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਗਈ। ਮਤੇ ਰਾਹੀਂ ਪਾਕਿ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਂਦੇ ਚਾਰ ਜਥਿਆਂ ਦੀ ਗਿਣਤੀ ’ਚ ਵਾਧਾ ਕਰਕੇ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ, ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਦਿਹਾੜੇ ਮੌਕੇ ਵੀ ਜਥੇ ਭੇਜਣ ਦੀ ਮੰਗ ਕੀਤੀ ਗਈ। ਸ਼ਰਧਾਲੂਆਂ ਦੀ ਗਿਣਤੀ ਵਿਚ ਵਾਧਾ ਕਰਨ ਤੇ ਗੁ: ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹੇ ਜਾਣ ਦੀ ਮੰਗ ਕੀਤੀ ਗਈ। ਇਕ ਹੋਰ ਮਤੇ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਵਲੋਂ ਪਾਈ ਗਈ ਪਟੀਸ਼ਨ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿਸ਼ਾ ਨਿਰਦੇਸ਼ ਦੇਣ ਲਈ ਕਿਹਾ ਗਿਆ। ਭਾਰਤ ਸਰਕਾਰ ਤੋਂ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਲਈ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਨਾਲ-ਨਾਲ ਹਰਿਆਣਾ ਨਾਲ ਸਬੰਧਿਤ ਹਲਕਿਆਂ ਵਿਚ ਵੀ ਵੋਟਾਂ ਬਣਾ ਕੇ ਚੋਣਾਂ ਕਰਵਾਉਣ ਦੀ ਮੰਗ ਕਰਦਿਆਂ ਪੰਜ ਸਾਲ ਬਾਅਦ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ। 2027 ’ਚ ਅੰਮ੍ਰਿਤਸਰ ਦੇ ਆ ਰਹੇ 450 ਸਥਾਪਨਾ ਦਿਵਸ ਨੂੰ ਸਮਰਪਿਤ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਦੀ ਮੰਗ ਕੀਤੀ ਗਈ। ਅਗਲੇ ਮਤੇ ’ਚ ਪੰਜਾਬੀ ਭਾਸ਼ਾ ਨਾਲ ਹੋ ਰਹੇ ਵਿਤਕਰੇ ਦੀ ਨਿਖੇਧੀ ਕੀਤੀ ਗਈ ਅਤੇ ਸਰਕਾਰੀ ਅਧਿਕਾਰੀਆਂ ਵਲੋਂ ਜਾਣ ਬੁੱਝ ਕੇ ਪੰਜਾਬੀ ਭਾਸ਼ਾ ਨੂੰ ਸਰਕਾਰੀ ਕੰਮਕਾਜ ਵਿਚ ਪੂਰੀ ਤਰ੍ਹਾਂ ਲਾਗੂ ਨਾ ਕਰਨ ’ਤੇ ਵੀ ਰੋਸ ਪ੍ਰਗਟ ਕੀਤਾ ਗਿਆ। ਕੇਂਦਰ ਸਰਕਾਰ ਵਲੋਂ ਪੰਜਾਬ ਤੇ ਸਿੱਖਾਂ ਦੇ ਸੰਵਿਧਾਨਕ, ਇਤਿਹਾਸਕ, ਰਾਜਨੀਤਕ ਤੇ ਆਰਥਿਕ ਅਧਿਕਾਰਾਂ ਨੂੰ ਲਗਾਤਾਰ ਸੀਮਤ ਕਰਨ ਤੇ ਪੰਜਾਬ ਨਾਲ ਸੰਬੰਧਿਤ ਅਹਿਮ ਮਸਲਿਆਂ ਉੱਤੇ ਇਕਪਾਸੜ ਫ਼ੈਸਲੇ ਲੈਣ ਦੀਆਂ ਨੀਤੀਆਂ ’ਤੇ ਡੂੰਘੀ ਚਿੰਤਾ ਅਤੇ ਰੋਸ ਪ੍ਰਗਟ ਕੀਤਾ ਗਿਆ। ਚੰਡੀਗੜ੍ਹ ਪੰਜਾਬ ਦੇ ਹਵਾਲੇ ਕਰਨ, ਬੀਬੀਐਮਬੀ ’ਚ ਪੰਜਾਬ ਦੀ ਬਣਦੀ ਨੁਮਾਇੰਦਗੀ ਤੇ ਅਧਿਕਾਰਾਂ ਦੀ ਪੂਰੀ ਬਹਾਲੀ, ਪੰਜਾਬ ਦੇ ਦਰਿਆਈ ਪਾਣੀਆਂ ਨਿਆਂ ਸੰਗਤ ਵੰਡ, ਪੰਜਾਬ ਦੇ ਖੇਤੀਬਾੜੀ ਤੇ ਆਰਥਿਕ ਹਿਤਾਂ ਤੇ ਪੰਜਾਬ ਤੇ ਖ਼ਾਸਕਰ ਸਿੱਖਾਂ ਦੇ ਹੱਕਾਂ ਨਾਲ ਸੰਬੰਧਿਤ ਮਸਲਿਆਂ ਨੂੰ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਗਈ। ਮਤੇ ਰਾਹੀਂ ਪੰਜਾਬ ਦੇ ਨੌਜੁਆਨਾਂ ਵਿਚ ਵਿਦੇਸ਼ ਜਾਣ ਦੇ ਲਗਾਤਾਰ ਵੱਧ ਰਹੇ ਰੁਝਾਨ ਅਤੇ ਇਸ ਕਾਰਨ ਸੂਬੇ ਵਿਚੋਂ ਪੰਜਾਬੀਆਂ ਦੀ ਘਟ ਰਹੀ ਗਿਣਤੀ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟ ਕੀਤੀ ਗਈ। ਹੋਰ ਮਤੇ ’ਚ ਪਾਕਿ ’ਚ ਸਿੱਖ ਇਤਿਹਾਸ ਨਾਲ ਸਬੰਧਿਤ ਬੰਦ ਪਏ ਗੁਰਦੁਆਰਾ ਸਾਹਿਬਾਨ ਨੂੰ ਖੋਲ੍ਹਣ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਯਕੀਨੀ ਬਣਾਏ ਜਾਣ ਦੀ ਮੰਗ ਕੀਤੀ ਗਈ। ਸ਼ੌਕ ਮਤਿਆਂ ਰਾਹੀਂ ਪਿਛਲੇ ਸਮੇਂ ’ਚ ਅਕਾਲ ਚਲਾਣਾ ਕਰ ਗਏ ਸ਼੍ਰੋਮਣੀ ਕਮੇਟੀ ਮੈਂਬਰਾਂ ਗੁਰਮੇਲ ਸਿੰਘ ਸੰਗਤਪੁਰਾ, ਭੁਪਿੰਦਰ ਸਿੰਘ ਅਨੰਦ, ਅਮਰਜੀਤ ਸਿੰਘ ਭਲਾਈਪੁਰ, ਜਥੇਦਾਰ ਸੂਬਾ ਸਿੰਘ ਡੱਬਵਾਲਾ ਤੇ ਬਲਦੇਵ ਸਿੰਘ ਚੂੰਘਾਂ ਸੰਬੰਧੀ ਸ਼ੋਕ ਮਤਾ ਪਾਸ ਕਰਦਿਆਂ ਵਿੱਛੜੀਆਂ ਰੂਹਾਂ ਨਮਿਤ ਮੂਲ-ਮੰਤਰ ਤੇ ਗੁਰਮੰਤਰ ਦਾ ਪਾਠ ਕਰਕੇ ਸਤਿਕਾਰ ਭੇਟ ਕੀਤਾ ਗਿਆ।

ਪਿਛਲੀ ਖ਼ਬਰ ਚੜ੍ਹਤ ਸਿੰਘ ਬਣੇ ਐਫ. ਆਈ. ਐਚ. ਅੰਤਰਰਾਸ਼ਟਰੀ ਪੈਨਲ ਦੇ ਤਕਨੀਕੀ ਅਧਿਕਾਰੀ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸਜਾਏ ਜਾਣ ਵਾਲੇ ਨਗਰ ਕੀਰਤਨ ਦੌਰਾਨ ਆਵਾਜਾਈ ਦੇ ਕੀਤੇ ਬਦਲਵੇਂ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।