ਹੁਸ਼ਿਆਰਪੁਰ, 14 ਫਰਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਦੇ ਸਿੱਖਿਆ ਵਿਭਾਗ ਅਧੀਨ ਕੰਮ ਕਰ ਰਹੇ ਦਫ਼ਤਰੀ ਮੁਲਾਜ਼ਮਾਂ ਦੀਆਂ 20 ਸਾਲਾਂ ਦੀ ਸੇਵਾ ਦੇ ਬਾਵਜੂਦ ਤਨਖ਼ਾਹਾਂ 50 ਹਜ਼ਾਰ ਰੁਪਏ ਤੋਂ ਘਟਾ ਕੇ 19 ਹਜ਼ਾਰ ਰੁਪਏ ਕਰਨ ਦੀ ਤਿਆਰੀ ਨੂੰ ਲੈ ਕੇ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਵ ਸਿੱਖਿਆ ਅਭਿਆਨ/ ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਆਗੂ ਸੰਜੀਵ ਕੁਮਾਰ ਅਤੇ ਡਾਟਾ ਐਂਟਰੀ ਆਪ੍ਰੇਟਰ ਯੂਨੀਅਨ ਦੇ ਆਗੂ ਵਰੁਣ ਜੈਨ ਨੇ ਦੱਸਿਆ ਕਿ ਸਰਕਾਰ ਵਲੋਂ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਨਾ ਤਾਂ 1 ਅਪ੍ਰੈਲ 2018 ਤੋਂ ਰੈਗੂਲਰ ਕਰਨ ਦੇ ਆਰਡਰ ਜਾਰੀ ਹੋਏ ਹਨ ਅਤੇ ਨਾ ਹੀ ਤਨਖ਼ਾਹਾਂ ਘਟਾਉਣ ਦੇ ਫ਼ੈਸਲੇ 'ਤੇ ਰੋਕ ਲਗਾਈ ਗਈ ਹੈ | ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਵਲੋਂ 17 ਫਰਵਰੀ ਨੂੰ ਸਮੂਹਿਕ ਛੁੱਟੀ ਲੈ ਕੇ ਸਿੱਖਿਆ ਭਵਨ ਮੁਹਾਲੀ ਅਤੇ ਡੀ.ਪੀ.ਆਈ. ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਜੇਕਰ ਇਸ ਤੋਂ ਬਾਅਦ ਵੀ ਮੰਗਾਂ 'ਤੇ ਠੋਸ ਕਾਰਵਾਈ ਨਾ ਹੋਈ ਤਾਂ ਮੁੱਖ ਮੰਤਰੀ ਦੀ ਚੰਡੀਗੜ੍ਹ ਰਿਹਾਇਸ਼ ਵੱਲ ਰੋਸ ਮਾਰਚ ਵੀ ਕੱਢਿਆ ਜਾਵੇਗਾ |