ਹੁਸ਼ਿਆਰਪੁਰ, 15 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ 16 ਅਤੇ 17 ਫਰਵਰੀ ਦੇ ਪ੍ਰੋਗਰਾਮਾਂ ਦੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ | ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਹੁਣ ਸਮਾਗਮ ਲਈ ਸਿਰਫ਼ ਦੋ ਦਿਨ ਬਾਕੀ ਹਨ, ਇਸ ਲਈ ਸਾਰੇ ਵਿਭਾਗ ਆਪਣੀਆਂ ਜ਼ਿੰਮੇਵਾਰੀਆਂ ਨੂੰ ਗੰਭੀਰਤਾ ਨਾਲ ਨਿਭਾਉਣ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਫਰਵਰੀ ਨੂੰ ਹੋਣ ਵਾਲੇ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਸਟਾਰ ਨਾਈਟ ਨੂੰ ਲੈ ਕੇ ਵੱਡੀ ਗਿਣਤੀ ਵਿਚ ਦਰਸ਼ਕਾਂ ਦੇ ਆਉਣ ਦੀ ਉਮੀਦ ਹੈ | ਇਸ ਤੋਂ ਇਲਾਵਾ ਇਸੇ ਦਿਨ ਪੰਜਾਬੀ ਫ਼ਿਲਮ 'ਬੰਬੂਘਾਟ-2' ਦੀ ਸਟਾਰ ਕਾਸਟ ਵੀ ਵਿਸ਼ੇਸ਼ ਰੂਪ ਵਿਚ ਮੌਜੂਦ ਰਹੇਗੀ, ਜਿਸ ਵਿਚ ਸਿੰਮੀ ਚਾਹਲ, ਐਮੀ ਵਿਰਕ ਅਤੇ ਕਰਮਜੀਤ ਅਨਮੋਲ ਦਰਸ਼ਕਾਂ ਨਾਲ ਰੂ-ਬ-ਰੂ ਹੋਣਗੇ | ਉਨ੍ਹਾਂ ਕਿਹਾ ਕਿ ਪ੍ਰੋਗਰਾਮਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਆਯੋਜਿਤ ਕਰਨਾ ਪ੍ਰਸ਼ਾਸਨ ਦੀ ਪਹਿਲਕਦਮੀ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ ਅਤੇ ਸਾਰੇ ਅਧਿਕਾਰੀ ਇੱਕ ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ , ਤਾਂ ਜੋ ਦਰਸ਼ਕਾਂ ਨੂੰ ਸੁਰੱਖਿਅਤ ਅਤੇ ਸੁਹਾਵਣਾ ਮਾਹੌਲ ਮਿਲ ਸਕੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਐਸ.ਡੀ.ਐਮ ਮੁਕੇਰੀਆਂ ਓਇਸ਼ੀ ਮੰਡਲ, ਆਰ.ਟੀ.ਓ ਅਮਨਦੀਪ ਕੌਰ ਘੁੰਮਣ, ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ, ਡੀ.ਐਸ.ਪੀ. ਦੇਵ ਦੱਤ, ਵਧੀਕ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ |