ਹੁਸ਼ਿਆਰਪੁਰ, 17 ਫਰਵਰੀ (ਬਲਜਿੰਦਰਪਾਲ ਸਿੰਘ)-ਲੁਧਿਆਣਾ 'ਚ ਹੋਏ 45ਵੇਂ ਅੰਤਰ ਜ਼ਿਲ੍ਹਾ ਪ੍ਰਾਇਮਰੀ ਫੁੱਟਬਾਲ ਟੂਰਨਾਮੈਂਟ 'ਚ ਜ਼ਿਲ੍ਹਾ ਹੁਸ਼ਿਆਰਪੁਰ ਦੀ ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤ ਕੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ | ਇਸ ਮਹਾਨ ਉਪਲਬਧੀ 'ਤੇ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਖਿਡਾਰਨਾਂ ਨੂੰ ਆਪਣੇ ਨਿਵਾਸ ਸਥਾਨ 'ਤੇ ਸੱਦਿਆ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਜੇਤੂ ਖਿਡਾਰਨਾਂ ਨੂੰ ਵਿਸ਼ੇਸ਼ ਬ੍ਰੇਕਫਾਸਟ ਟਰੀਟ ਵੀ ਦਿੱਤੀ | ਇਸ ਮੌਕੇ ਉਨ੍ਹਾਂ ਖਿਡਾਰਨਾਂ ਨੂੰ ਮਿਹਨਤ, ਅਨੁਸ਼ਾਸਨ ਅਤੇ ਖੇਡ ਭਾਵਨਾ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਬੱਚੀਆਂ ਨਾਲ ਸਮਾਂ ਬਿਤਾ ਕੇ ਉਨ੍ਹਾਂ ਨੂੰ ਵੀ ਸਕਾਰਾਤਮਿਕ ਊਰਜਾ ਪ੍ਰਾਪਤ ਹੋਈ | ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਮੁਕਾਬਲੇ ਵਿਚ ਗੋਲਡ ਮੈਡਲ ਜਿੱਤਣਾ ਪੂਰੇ ਜ਼ਿਲ੍ਹੇ ਲਈ ਮਾਣ ਦੀ ਗੱਲ ਹੈ | ਇਸ ਉਪਲਬਧੀ ਲਈ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ, ਖੇਡ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿੱਤੀ | ਵਿਧਾਇਕ ਡਾ: ਇਸ਼ਾਂਕ ਕੁਮਾਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਯਤਨਾਂ ਨਾਲ ਪੰਜਾਬ ਵਿਚ ਖੇਡ ਗਤੀਵਿਧੀਆਂ ਨੂੰ ਨਵੀਂ ਰਫ਼ਤਾਰ ਮਿਲੀ ਹੈ, ਖ਼ਾਸ ਕਰਕੇ ਲੜਕੀਆਂ ਦੀ ਭਾਗੀਦਾਰੀ 'ਚ ਮਹੱਤਵਪੂਰਨ ਵਾਧਾ ਹੋਇਆ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ ਨੇ ਵੀ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਮਿਹਨਤ, ਕੋਚਾਂ ਦੇ ਮਾਰਗਦਰਸ਼ਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਸਤੀਸ਼ ਕੁਮਾਰ, ਜ਼ਿਲ੍ਹਾ ਕੋਆਰਡੀਨੇਟਰ ਰਜਨੀਸ਼ ਕੁਮਾਰ ਗੁਲਿਆਨੀ, ਸੈਂਟਰ ਹੈੱਡ ਟੀਚਰ ਸੰਗੀਤਾ, ਪ੍ਰਵੀਨ ਕੁਮਾਰ, ਮੁਨੀਤ ਖੰਨਾ, ਕਰਨੈਲ ਸਿੰਘ, ਰਜਨੀ ਆਦਿ ਹਾਜ਼ਰ ਸਨ |