16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਅਧਿਆਪਕ ਜਥੇਬੰਦੀਆਂ ਨੇ 'ਟੈੱਟ' ਦੀ ਪ੍ਰੀਖਿਆ ਖ਼ਿਲਾਫ਼ ਕੀਤਾ ਸੰਘਰਸ਼ ਦਾ ਐਲਾਨ

ਅਜੀਤ ਡੈਸਕ 19-02-2026
ਮੁਕੇਰੀਆ, 18 ਫਰਵਰੀ (ਰਾਮਗੜ੍ਹੀਆ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਪਹਿਲੀ ਅਧਿਆਪਕ ਯੋਗਤਾ ਪ੍ਰੀਖਿਆ (ਟੀ.ਈ.ਟੀ.) ਹੋਣ ਤੋਂ ਪਹਿਲਾ ਨਿਯੁਕਤ ਹੋਏ ਅਧਿਆਪਕਾਂ ਉੱਪਰ ਟੀ.ਈ.ਟੀ. ਦੀ ਲੱਗੀ ਸ਼ਰਤ ਨੂੰ ਹਟਵਾਉਣ ਲਈ ਸੁਹਿਰਦ ਯਤਨ ਕਰਨ ਦੀ ਥਾਂ ਟੀ.ਈ.ਟੀ. ਤੋਂ ਬਿਨਾਂ ਅਧਿਆਪਕਾਂ ਦੀਆਂ ਤਰੱਕੀਆਂ ਨਾ ਕਰਨ ਦੇ ਫੈਸਲੇ ਦੀ ਸਮੂਹ ਅਧਿਆਪਕ ਜਥੇਬੰਦੀਆਂ ਨੇ ਸਖ਼ਤ ਨਿਖੇਧੀ ਕੀਤੀ ਹੈ | ਅਧਿਆਪਕਾਂ ਦੇ ਹਿੱਤਾਂ 'ਤੇ ਕੁਦਰਤੀ ਨਿਆਂ ਦੀ ਅਣਦੇਖੀ ਕਰਕੇ ਹੋਏ ਕਾਨੂੰਨੀ ਫੈਸਲੇ ਨੂੰ ਪੰਜਾਬ ਵਿੱਚ 'ਆਪ' ਸਰਕਾਰ ਵਲੋਂ ਲਾਗੂ ਕਰਨ ਦਾ ਡੱਟਵਾਂ ਵਿਰੋਧ ਕਰਨ ਲਈ 22 ਫਰਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਚੋਣ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ 15 ਅਧਿਆਪਕ ਜਥੇਬੰਦੀਆਂ ਦੀ ਸਾਂਝੀ ਸੂਬਾਈ ਰੈਲੀ ਦਾ ਵੱਡੀ ਗਿਣਤੀ ਨਾਲ ਹਿੱਸਾ ਬਣਨ ਦਾ ਐਲਾਨ ਵੀ ਕੀਤਾ ਹੈ | ਇਸ ਸੰਬੰਧੀ ਬਲਾਕ ਦਸੂਹਾ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੀ ਮੀਟਿੰਗ ਦਸੂਹਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਬਾਜਵਾ, ਮਾਸਟਰ ਕੇਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਕਾਜਲ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ਼.) ਦੇ ਜ਼ਿਲ੍ਹਾ ਜਨਰਲ ਸਕੱਤਰ ਇੰਦਰ ਸੁਖਦੀਪ ਸਿੰਘ ਓਢਰਾ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ (ਪੀ.ਪੀ.ਪੀ.ਐੱਫ਼.) ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਦੱਸਿਆ ਕਿ ਸਿੱਖਿਆ ਅਧਿਕਾਰ ਕਾਨੂੰਨ ਤਹਿਤ ਪਹਿਲੀ ਵਾਰ ਸਾਲ 2011 ਵਿੱਚ ਸ਼ੁਰੂ ਕੀਤੇ ਗਏ ਟੀ.ਈ.ਟੀ. ਨੂੰ ਉਸ ਤੋਂ ਪਹਿਲਾਂ ਦੀਆਂ ਭਰਤੀਆਂ 'ਤੇ ਥੋਪਣਾ ਨਿਆ-ਸੰਗਤ ਨਹੀਂ ਹੈ, ਕਿਉਂਕਿ ਭਰਤੀ ਤੋਂ ਪਹਿਲਾਂ 'ਟੈੱਟ' ਪਾਸ ਕਰਨ ਦੀ ਸ਼ਰਤ ਦੇ ਹੋਣ ਦਾ ਮਤਲਬ ਉਨ੍ਹਾਂ ਦੇ ਅਧਿਆਪਕ ਬਣਨ ਦੀ ਯੋਗਤਾ ਦੀ ਪ੍ਰੀਖਿਆ ਹੈ, ਦਹਾਕਿਆਂ ਤੋਂ ਅਧਿਆਪਨ ਕਿੱਤੇ ਨਾਲ ਜੁੜੇ ਹੋਏ ਅਧਿਆਪਕਾਂ ਦੀ ਅਜਿਹੀ ਪ੍ਰੀਖਿਆ ਲੈਣ ਦਾ ਕੋਈ ਮਤਲਬ ਨਹੀਂ ਬਣਦਾ ਹੈ | ਅਧਿਆਪਕ ਆਗੂਆਂ ਵਲੋਂ ਮੰਗ ਕੀਤੀ ਕਿ ਸੁਪਰੀਮ ਕੋਰਟ ਦੇ ਅਧਿਆਪਕ ਵਿਰੋਧੀ ਫੈਸਲੇ ਨੂੰ ਤਬਦੀਲ ਕਰਵਾਉਣ ਲਈ ਪੰਜਾਬ ਸਰਕਾਰ ਇਸ ਮਸਲੇ ਵਿੱਚ ਦਖ਼ਲ ਅੰਦਾਜ਼ੀ ਕਰਕੇ ਲੰਬੇ ਸਮੇਂ ਤੋਂ ਤਰੱਕੀਆਂ ਉਡੀਕ ਰਹੇ ਅਧਿਆਪਕਾਂ ਦੇ ਹੱਕ 'ਚ ਫੈਸਲਾ ਲਵੇ ਅਤੇ ਟੀ.ਈ.ਟੀ. ਪਾਸ ਦੀ ਸ਼ਰਤ ਤੋਂ ਪਹਿਲਾਂ ਨੌਕਰੀ 'ਚ ਆਏ ਅਧਿਆਪਕਾਂ ਨੂੰ ਇਸ ਸ਼ਰਤ ਤੋਂ ਛੋਟ ਦੇਵੇ ਅਤੇ ਇਸ ਮਾਰੂ ਫ਼ੈਸਲੇ ਵਿਰੁੱਧ ਫੌਰੀ ਆਪਣੀ ਸਿਆਸੀ ਸਥਿਤੀ ਜ਼ਰੂਰ ਸਪਸ਼ਟ ਕਰੇ, ਨਹੀਂ ਤਾਂ ਪੰਜਾਬ ਵਿੱਚ ਰਾਜ ਕਰ ਚੁੱਕੀ ਕੈਪਟਨ ਸਰਕਾਰ ਵਾਂਗ ਅਧਿਆਪਕਾਂ ਦੇ ਇਤਿਹਾਸਕ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ | ਇਸ ਮੌਕੇ ਮੈਡਮ ਰਸਨਾ ਦੇਵੀ, ਜਸਵੀਰ ਕੌਰ ਠੱਕਰ, ਰੁਪਿੰਦਰ ਕੌਰ, ਸੁਮਨ ਕੁਮਾਰੀ, ਰਜਿੰਦਰ ਕੁਮਾਰੀ, ਪ੍ਰਵੀਨ ਬਾਲਾ ਸ਼ਰਮਾ, ਚਰਨਜੀਤ ਕੌਰ, ਈ.ਟੀ.ਯੂ. ਦੇ ਜ਼ਿਲ੍ਹਾ ਜਨਰਲ ਸਕੱਤਰ ਮਨਜੀਤ ਸਿੰਘ ਕਠਾਣਾ, ਡੀ.ਟੀ.ਐੱਫ਼. ਦੇ ਬਲਾਕ ਪ੍ਰਧਾਨ ਨਿਰਮਲ ਸਿੰਘ ਨਿਹਾਲਪੁਰ, ਬਲਾਕ ਸਕੱਤਰ ਵਰਿੰਦਰ ਸੈਣੀ, ਰਾਕੇਸ਼ ਕੁਮਾਰ, ਰਾਜਨ ਕੁਮਾਰ ਅਤੇ ਮੁਨੀਸ਼ ਕੁਮਾਰ ਸ਼ਰਮਾ ਆਦਿ ਮੌਜੂਦ ਸਨ |
18ਐਮਯੂਕੇ03
ਪਿਛਲੀ ਖ਼ਬਰ 'ਰਾਸ਼ਟਰੀ ਹਿਤ ਵਿਚ ਵੋਟਿੰਗ' ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਤਲਵਾੜਾ ਵਿਖੇ ਅਰਥੀ ਫੂਕ ਮੁਜ਼ਾਹਰਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।