ਦਸੂਹਾ, 28 ਫਰਵਰੀ (ਭੁੱਲਰ)- ਵਿਧਾਨ ਸਭਾ ਹਲਕਾ ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਧਾਰਮਿਕ ਯਾਤਰਾ ਲਈ ਅੰਮਿ੍ਤਸਰ ਲਈ ਰਵਾਨਾ ਕੀਤੀ | ਵਿਧਾਇਕ ਨੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਹ ਯੋਜਨਾ ਨਾ ਸਿਰਫ਼ ਬਜ਼ੁਰਗ ਨਾਗਰਿਕਾਂ ਅਤੇ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਦੇ ਯੋਗ ਬਣਾਉਂਦੀ ਹੈ ਬਲਕਿ ਸਮਾਜਿਕ ਸਦਭਾਵਨਾ ਅਤੇ ਅਧਿਆਤਮਿਕ ਬੰਧਨ ਨੂੰ ਵੀ ਮਜ਼ਬੂਤ ਕਰਦੀ ਹੈ | ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ, ਖਾਣ-ਪੀਣ ਅਤੇ ਆਵਾਜਾਈ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਪਹਿਲੇ ਦਿਨ ਦੁਰਗਿਆਣਾ ਮੰਦਿਰ ਦੇ ਦਰਸ਼ਨ ਕਰਵਾਏ ਜਾਣਗੇ | ਦੂਜੇ ਦਿਨ ਉਨ੍ਹਾਂ ਨੂੰ ਪਾਰਟੀਸ਼ਨ ਮਿਊਜ਼ੀਅਮ, ਜਲਿ੍ਹਆਂਵਾਲਾ ਬਾਗ਼ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਅਤੇ ਲੰਗਰ ਸੇਵਾ ਮੌਕਾ ਮਿਲੇਗਾ | ਇਸ ਤੋਂ ਇਲਾਵਾ ਵਾਹਗਾ ਬਾਰਡਰ 'ਤੇ ਬੀਟਿੰਗ ਰਿਟਰੀਟ ਸਮਾਰੋਹ ਦਿਖਾਇਆ ਜਾਵੇਗਾ | ਤੀਜੇ ਦਿਨ ਸ਼ਰਧਾਲੂ ਭਗਵਾਨ ਵਾਲਮੀਕਿ ਜੀ ਤੀਰਥ ਦਰਸ਼ਨ ਕਰਨ ਤੋਂ ਬਾਅਦ ਵਾਪਸ ਪਰਤਣਗੇ | ਵਿਧਾਇਕ ਨੇ ਕਿਹਾ ਕਿ ਭਵਿੱਖ ਵਿਚ ਵੀ ਇਸ ਯੋਜਨਾ ਤਹਿਤ ਧਾਰਮਿਕ ਯਾਤਰਾਵਾਂ ਕਰਵਾਈਆਂ ਜਾਣਗੀਆਂ | ਬੱਸ ਦੇ ਰਵਾਨਾ ਹੋਣ ਤੋਂ ਪਹਿਲਾਂ ਸ਼ਰਧਾਲੂਆਂ ਵਿਚ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ | ਇਸ ਸਮੇਂ ਬਲਾਕ ਪ੍ਰਧਾਨ ਅਮਨਦੀਪ ਸਿੰਘ ਘੁੰਮਣ, ਲਾਡੀ ਘੋਗਰਾ, ਨਿਰਮਲ ਸਿੰਘ ਮੀਆਂ ਪਿੰਡ, ਗੁਰਮੇਲ ਸਿੰਘ ਭੋਲਾ ਸਾਬਕਾ ਸਰਪੰਚ ਸਮੇਤ ਯਾਤਰੀ ਸ਼ਾਮਿਲ ਸਨ |