ਸ੍ਰੀ ਅਨੰਦਪੁਰ ਸਾਹਿਬ, 28 ਫਰਵਰੀ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਸਿੱਖ ਪੰਥ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਕੌਮੀ ਜੋੜ ਮੇਲਾ ਅਤੇ ਤਿਉਹਾਰ ਹੋਲਾ ਮਹੱਲਾ ਸੰਬੰਧੀ ਗੁਰਦੁਆਰਾ ਅਜੀਤਗੜ੍ਹ ਸਾਹਿਬ, ਨਵੀਂ ਆਬਾਦੀ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਹਰੀਆ ਵੇਲਾਂ ਵਿਖੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਬਾਬਾ ਨਾਗਰ ਸਿੰਘ ਨੇ ਦੱਸਿਆ ਕਿ ਗੁਰੂ ਕੇ ਲੰਗਰਾਂ ਦੀ ਸੇਵਾ ਆਰੰਭ ਕਰ ਦਿੱਤੀ ਗਈ ਹੈ | ਉਕਤ ਅਸਥਾਨ 'ਤੇ 1 ਮਾਰਚ ਤੋਂ 5 ਮਾਰਚ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਅੰਮਿ੍ਤ ਸੰਚਾਰ ਵੀ ਕਰਵਾਏ ਜਾਣਗੇ | ਹੋਲਾ ਮਹੱਲਾ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਬਾਬਾ ਨਾਗਰ ਸਿੰਘ, ਬਾਬਾ ਮਾਨ ਸਿੰਘ, ਮਾ. ਬਾਬਾ ਗੁਰਪਾਲ ਸਿੰਘ ਆਦਿ ਨੇ ਦੱਸਿਆ ਕਿ ਅੱਜ ਤੋਂ ਧੁਰ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੀ ਲੜੀ ਦੀ ਆਰੰਭਤਾ ਹੋ ਚੁੱਕੀ ਹੈ | ਜਿਸ ਦੀ ਸੰਪੂਰਨਤਾ 5 ਮਾਰਚ ਨੂੰ ਹੋਵੇਗੀ | ਇਨ੍ਹਾਂ ਸਮਾਗਮਾਂ 'ਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਥਾ ਵਾਚਕ ਅਤੇ ਹੋਰ ਨਾਮਵਰ ਸ਼ਖ਼ਸੀਅਤਾਂ ਵਲੋਂ ਗੁਰਬਾਣੀ ਅਤੇ ਗੁਰੂ ਇਤਿਹਾਸ ਸਬੰਧੀ ਵਿਚਾਰਾਂ ਦੀ ਸੰਗਤਾਂ ਨਾਲ ਸਾਂਝ ਪਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਅੰਮਿ੍ਤ ਅਭਿਲਾਸ਼ੀ ਸੰਗਤਾਂ ਲਈ ਅੰਮਿ੍ਤ ਦਾ ਬਾਟਾ ਵੀ ਤਿਆਰ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ 4 ਮਾਰਚ ਨੂੰ ਪੁਰਾਤਨ ਸਿੱਖ ਪਰੰਪਰਾਵਾਂ ਅਤੇ ਰਵਾਇਤਾਂ ਅਨੁਸਾਰ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਵਲੋਂ ਮਹੱਲਾ ਸਜਾਇਆ ਜਾਵੇਗਾ | ਜਿਸ 'ਚ ਦਲ ਪੰਥ ਦੇ ਸਿੰਘ ਘੋੜਸਵਾਰੀ, ਨੇਜ਼ੇਬਾਜ਼ੀ ਅਤੇ ਗਤਕੇਬਾਜ਼ੀ ਦੇ ਜੌਹਰ ਦਿਖਾਉਣਗੇ |