ਦਸੂਹਾ 1 ਮਾਰਚ (ਭੁੱਲਰ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਗਾਤਾਰ ਲੋਕ ਪੱਖੀ ਸਕੀਮਾਂ ਚਲਾ ਕੇ ਆਮ ਲੋਕਾਂ ਤੱਕ ਸਹੂਲਤਾਂ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ | ਇਸ ਸੰਬੰਧੀ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ, 'ਆਪ' ਆਗੂ ਕਮਲਦੀਪ ਸਿੰਘ ਵਿਰਦੀ ਅਤੇ ਨੰਬਰਦਾਰ ਹਰਵਿੰਦਰ ਸਿੰਘ ਕਾਹਲੋ ਨੇ ਕਿਹਾ ਕਿ ਸਿਹਤ ਬੀਮਾ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਵਿਚ ਲੱਖਾਂ ਲੋਕਾਂ ਨੂੰ ਲਾਭ ਮਿਲੇਗਾ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਸਿਹਤ ਸਹੂਲਤਾਂ ਦੇਣ ਲਈ ਕ੍ਰਾਂਤੀਕਾਰੀ ਬਦਲਾਅ ਕੀਤੇ ਗਏ ਹਨ, ਹੁਣ ਹਰ ਇੱਕ ਬਿਮਾਰੀ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚ ਉਪਲਬਧ ਹੈ ਜਿਸ ਨਾਲ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਦੇ ਮੁਫ਼ਤ ਇਲਾਜ ਦੇ ਕਾਰਡ ਬਣਨ ਨਾਲ ਲੋਕਾਂ ਨੂੰ ਵੱਡੇ ਵੱਡੇ ਪੱਧਰ ਤੇ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਸਿਹਤ ਕਾਰਡ ਆਪ ਦੇ ਯੂਥ ਵਿੰਗ ਦੇ ਆਗੂਆਂ ਵਲੋਂ ਹਰ ਹਲਕੇ ਦੇ ਪਿੰਡ-ਪਿੰਡ ਪਹੁੰਚ ਕਰਕੇ ਖ਼ੁਦ ਬਣਾਏ ਜਾ ਰਹੇ ਹਨ | ਘੁੰਮਣ ਨੇ ਦੱਸਿਆ ਕਿ ਹਰ ਇਕ ਵਿਧਾਨ ਸਭਾ ਹਲਕੇ ਨਾਲ ਸੰਬੰਧਿਤ ਯੂਥ ਵਿੰਗ ਦੇ ਆਗੂ ਆਪਣੇ-ਆਪਣੇ ਹਲਕੇ ਵਿਚ ਪੈਂਦੇ ਪਿੰਡਾਂ ਵਿਚ ਪਹੁੰਚ ਕਰ ਰਹੇ ਹਨ ਤੇ ਪਰਿਵਾਰਾਂ ਤੋਂ ਜ਼ਰੂਰੀ ਦਸਤਾਵੇਜ਼ ਪ੍ਰਾਪਤ ਕਰਕੇ ਉਨ੍ਹਾਂ ਨੂੰ ਸਲਿਪ ਦੇ ਰਹੇ ਹਨ, ਜਿਸ ਪਿੱਛੋਂ ਲਾਭਪਾਤਰੀ ਪਰਿਵਾਰ ਆਪਣੇ ਨਜ਼ਦੀਕ ਪੈਂਦੇ ਕਿਸੇ ਵੀ ਛੋਟੇ-ਵੱਡੇ ਸਰਕਾਰੀ ਹਸਪਤਾਲ ਵਿਚ ਪਹੁੰਚ ਕੇ ਇਸ ਸਲਿਪ ਨੂੰ ਜਮਾਂ ਕਰਵਾਉਣਗੇ ਤੇ ਹਸਪਤਾਲ ਵਿਚੋਂ ਸੰਬੰਧਿਤ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਸਿਹਤ ਕਾਰਡ ਮੁਹੱਈਆ ਕਰਵਾ ਦਿੱਤੇ ਜਾਣਗੇ | ਇਸ ਮੌਕੇ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |