ਟਾਂਡਾ ਉੜਮੁੜ, 28 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)-ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ ਵਲੋਂ ਪਿੰਡ ਝਾਂਸ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਤਿਆਰ ਕੀਤੇ ਗਏ ਸਕੂਲ ਆਫ਼ ਹੈਪੀਨੈੱਸ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿਚ ਪਿੰਡ ਵਾਸੀ, ਅਧਿਆਪਕ ਵਰਗ ਤੇ ਵਿਦਿਆਰਥੀ ਹਾਜ਼ਰ ਸਨ | ਉਦਘਾਟਨ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਵਿਚ ਇਤਿਹਾਸਕ ਬਦਲਾਅ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਪਿੰਡ ਝਾਂਸ ਵਿਚ ਬਣਿਆ ਇਹ ਸਕੂਲ ਆਫ਼ ਹੈਪੀਨੈੱਸ ਲਗਪਗ 88 ਲੱਖ 76 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਜਿਸ ਵਿਚ ਵਿਦਿਆਰਥੀਆਂ ਲਈ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਇਸ ਸਕੂਲ ਵਿਚ ਵਧੀਆ ਕਲਾਸਰੂਮ, ਵਿਗਿਆਨ ਅਤੇ ਕੰਪਿਊਟਰ ਲੈਬਾਂ, ਸਾਫ਼-ਸੁਥਰਾ ਵਾਤਾਵਰਨ ਅਤੇ ਉੱਚ ਪੱਧਰੀ ਪੜ੍ਹਾਈ ਲਈ ਸਾਰੇ ਲੋੜੀਂਦੇ ਸਾਧਨ ਉਪਲਬਧ ਕਰਵਾਏ ਗਏ ਹਨ | ਇਸ ਨਾਲ ਵਿਦਿਆਰਥੀਆਂ ਨੂੰ ਨਿੱਜੀ ਸਕੂਲਾਂ ਦੇ ਸਮਾਨ ਮਿਆਰੀ ਸਿੱਖਿਆ ਮਿਲੇਗੀ ਅਤੇ ਉਹ ਭਵਿੱਖ ਵਿਚ ਵੱਡੀਆਂ ਉਪਲਬਧੀਆਂ ਹਾਸਲ ਕਰ ਸਕਣਗੇ | ਉਨ੍ਹਾਂ ਹੋਰ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਦੇ ਬੱਚਿਆਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਨ੍ਹਾਂ ਨੂੰ ਸਿੱਖਿਆ ਲਈ ਦੂਰ-ਦੂਰ ਨਾ ਜਾਣਾ ਪਵੇ | ਉਨ੍ਹਾਂ ਕਿਹਾ ਕਿ ਸਿੱਖਿਆ ਹੀ ਇੱਕ ਅਜਿਹਾ ਹਥਿਆਰ ਹੈ ਜੋ ਨੌਜਵਾਨ ਪੀੜ੍ਹੀ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਂਦਾ ਹੈ | ਇਸ ਮੌਕੇ ਸਕੂਲ ਸਟਾਫ਼ ਅਤੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਰਾਜਾ ਦਾ ਧੰਨਵਾਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਇਲਾਕੇ ਦੇ ਬੱਚਿਆਂ ਨੂੰ ਵੱਡਾ ਲਾਭ ਮਿਲੇਗਾ ਅਤੇ ਉਨ੍ਹਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਮਿਲੇਗੀ | ਇਸ ਮੌਕੇ ਉਨ੍ਹਾਂ ਨਾਲ ਡੀ.ਈ.ਓ. ਹਰਜਿੰਦਰ ਕੌਰ, ਬੀ.ਪੀ.ਈ.ਓ. ਜਸਵਿੰਦਰ ਬਾਸਲ, ਸੰਗਠਨ ਇੰਚਾਰਜ ਕੇਸ਼ਵ ਸਿੰਘ, ਇੰਦਰਜੀਤ ਸਿੰਘ, ਪ੍ਰਭਦੀਪ ਸਿੰਘ, ਨਰਿੰਦਰ ਅਰੋੜਾ, ਸਤੀਸ਼ ਕੁਮਾਰ, ਸਰਪੰਚ ਜਗਜੀਤ ਸਿੰਘ, ਰਾਜਵੰਤ ਕੌਰ, ਧਰਮਪਾਲ, ਮਨਜੀਤ ਅਰੋੜਾ, ਵਰਿੰਦਰ ਕੁਮਾਰ ਆਦਿ ਹਾਜ਼ਰ ਸਨ |