ਟਾਂਡਾ ਉੜਮੁੜ, 28 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)-ਪੰਜਾਬ ਵਿਚ ਗਰਮੀ ਦੇ ਮੌਸਮ ਦੀ ਸ਼ੁਰੂਆਤ ਨਾਲ ਹੀ ਬਿਜਲੀ ਦੇ ਵੱਡੇ ਪੱਧਰ 'ਤੇ ਕੱਟਾਂ ਨੇ ਲੋਕਾਂ ਦੀ ਜ਼ਿੰਦਗੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ | ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਕਾਰਨ ਘਰੇਲੂ ਵਰਤੋਂ, ਖੇਤੀਬਾੜੀ ਅਤੇ ਛੋਟੇ ਵਪਾਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਲੱਖੀ ਨੇ ਕਿਹਾ ਕਿ ਸਰਕਾਰ ਵੱਲੋਂ ਬਿਜਲੀ ਸਪਲਾਈ ਨੂੰ ਲੈ ਕੇ ਕੀਤੇ ਗਏ ਦਾਅਵੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੇ ਹਨ | ਉਨ੍ਹਾਂ ਦਾ ਦੋਸ਼ ਹੈ ਕਿ ਪਾਵਰ ਕੰਪਨੀਆਂ ਦੀ ਲਾਪਰਵਾਹੀ ਅਤੇ ਸਰਕਾਰ ਦੀ ਬੇਧਿਆਨੀ ਕਾਰਨ ਲੋਕਾਂ ਨੂੰ ਤਪਦੇ ਗਰਮੀ ਦੇ ਮੌਸਮ ਵਿਚ ਲੰਬੇ ਸਮੇਂ ਤੱਕ ਬਿਜਲੀ ਤੋਂ ਵਾਂਝਾ ਰਹਿਣਾ ਪੈ ਰਿਹਾ ਹੈ, ਜਿਸ ਨਾਲ ਹਾਲਾਤ ਕਾਫ਼ੀ ਗੰਭੀਰ ਬਣ ਗਏ ਹਨ | ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਦੇ ਸਮੇਂ ਰਾਤ ਦੇ ਵੇਲੇ ਵੀ ਲੰਬੇ-ਲੰਬੇ ਬਿਜਲੀ ਕੱਟ ਲੱਗ ਰਹੇ ਹਨ, ਜਿਸ ਨਾਲ ਬੱਚਿਆਂ ਦੀ ਪੜ੍ਹਾਈ ਅਤੇ ਬਜ਼ੁਰਗਾਂ ਦੀ ਸਿਹਤ 'ਤੇ ਵੀ ਅਸਰ ਪੈ ਰਿਹਾ ਹੈ | ਕਿਸਾਨਾਂ ਨੂੰ ਆਪਣੇ ਫ਼ਸਲਾਂ ਲਈ ਸਿੰਚਾਈ ਕਰਨ ਵਿਚ ਦਿੱਕਤਾਂ ਆ ਰਹੀਆਂ ਹਨ ਅਤੇ ਉਦਯੋਗਿਕ ਇਕਾਈਆਂ ਨੂੰ ਵੀ ਨੁਕਸਾਨ ਝੱਲਣਾ ਪੈ ਰਿਹਾ ਹੈ | ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੇ ਅਕਾਲੀ ਦਲ ਨੇ ਅਪੀਲ ਕੀਤੀ ਕਿ ਹੈ ਕਿ 30 ਅਪ੍ਰੈਲ ਨੂੰ ਪੂਰੇ ਜ਼ਿਲ੍ਹੇ ਵਿਚ 11 ਵਜੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਆਗੂਆਂ ਨੇ ਕਿਹਾ ਕਿ ਇਹ ਪ੍ਰਦਰਸ਼ਨ ਲੋਕਾਂ ਦੀ ਆਵਾਜ਼ ਨੂੰ ਉੱਪਰ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰ ਨੂੰ ਆਪਣੀਆਂ ਨਾਕਾਮੀਆਂ ਦਾ ਅਹਿਸਾਸ ਹੋ ਸਕੇ | ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਵਰਕਰਾਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਇਨ੍ਹਾਂ ਰੋਸ ਪ੍ਰਦਰਸ਼ਨਾਂ ਵਿਚ ਸ਼ਮੂਲੀਅਤ ਕਰਨ ਅਤੇ ਬਿਜਲੀ ਸੰਕਟ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨ |