ਟਾਂਡਾ ਉੜਮੁ, 29 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ ਵਲੋਂ ਹਲਕਾ ਟਾਂਡਾ ਦੇ ਵੱਖ-ਵੱਖ 22 ਪਿੰਡਾਂ ਦੇ ਵਿਕਾਸ ਲਈ ਲਗਭਗ 30 ਲੱਖ ਰੁਪਏ ਦੀਆਂ ਗ੍ਰਾਂਟਾਂ ਵੰਡੀਆਂ ਗਈਆਂ | ਇਸ ਮੌਕੇ ਵਿਧਾਇਕ ਰਾਜਾ ਨੇ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਗਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਗ੍ਰਾਂਟਾਂ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਦਿੱਤੀਆਂ ਗਈਆਂ ਹਨ, ਜਿਸ ਵਿਚ ਸੜਕਾਂ ਦੀ ਮੁਰੰਮਤ, ਗਲੀ-ਮੁਹੱਲਿਆਂ ਦੀ ਸਫ਼ਾਈ, ਪੀਣ ਵਾਲੇ ਪਾਣੀ ਦੀ ਸੁਵਿਧਾ ਅਤੇ ਹੋਰ ਜ਼ਰੂਰੀ ਵਿਕਾਸ ਕਾਰਜ ਸ਼ਾਮਲ ਹਨ | ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੇ ਕਿਹਾ ਕਿ ਇਸ ਰਕਮ ਨਾਲ ਪਿੰਡਾਂ ਵਿੱਚ ਕਾਫੀ ਸਮੇਂ ਤੋਂ ਪੈਂਡਿੰਗ ਕੰਮਾਂ ਨੂੰ ਪੂਰਾ ਕੀਤਾ ਜਾ ਸਕੇਗਾ | ਉਨ੍ਹਾਂ ਹੋਰ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦੇ ਸਮੂਹਿਕ ਵਿਕਾਸ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੀਆਂ ਗ੍ਰਾਂਟਾਂ ਜਾਰੀ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਪਿੰਡਾਂ ਦੀ ਤਰੱਕੀ ਹੀ ਦੇਸ਼ ਦੀ ਤਰੱਕੀ ਦੀ ਨੀਂਹ ਹੁੰਦੀ ਹੈ, ਇਸ ਲਈ ਸਰਕਾਰ ਪਿੰਡ ਪੱਧਰ 'ਤੇ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਪੰਚਾਂ ਵਲੋਂ ਵਿਧਾਇਕ ਜਸਬੀਰ ਸਿੰਘ ਰਾਜਾ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਕੇਸ਼ਵ ਸਿੰਘ, ਲਖਵਿੰਦਰ ਸਿੰਘ ਸੇਠੀ, ਸਰਪੰਚ ਗੁਰਮੇਲ ਸਿੰਘ, ਸਰਪੰਚ ਸੁਰਜੀਤ ਸਿੰਘ ਗੁਰਾਲਾ, ਸਰਪੰਚ ਮਨਪ੍ਰੀਤ ਸਿੰਘ, ਸਰਪੰਚ ਜਰਨੈਲ ਸਿੰਘ, ਅੰਮਿ੍ਤਪਾਲ ਸਿੰਘ, ਸੁਖਵਿੰਦਰਜੀਤ ਝਾਵਰ ਆਦ ਹਾਜ਼ਰ ਸਨ |