ਹੁਸ਼ਿਆਰਪੁਰ, 29 ਅਪ੍ਰੈਲ (ਬਲਜਿੰਦਰਪਾਲ ਸਿੰਘ)-ਡੀ. ਪੀ. ਆਈ. (ਸੈਕੰਡਰੀ) ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ 3 ਮਾਰਚ ਨੂੰ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਵੱਖ-ਵੱਖ ਸਕੂਲਾਂ 'ਚ ਕੰਮ ਕਰ ਰਹੇ 245 ਕਾਮਰਸ ਲੈਕਚਰਾਰਾਂ ਨੂੰ ਰਿਵਰਸ਼ਨ ਦੇ ਆਰਡਰ ਜਾਰੀ ਕੀਤੇ ਗਏ ਸਨ, ਜਿਸ ਕਾਰਨ ਪ੍ਰਭਾਵਿਤ ਲੈਕਚਰਾਰਾਂ 'ਚ ਰੋਸ ਪਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਸੰਜੀਵ ਧੂਤ ਅਤੇ ਜਨਰਲ ਸਕੱਤਰ ਤਿਲਕ ਰਾਜ ਨੇ ਦੱਸਿਆ ਕਿ ਇਹ ਲੈਕਚਰਾਰ 10-15 ਸਾਲਾਂ ਤੋਂ ਸਕੂਲਾਂ ਵਿਚ ਬਤੌਰ ਕਾਮਰਸ ਲੈਕਚਰਾਰ ਕੰਮ ਕਰ ਰਹੇ ਹਨ | ਇਸ ਤਰ੍ਹਾਂ ਇਨ੍ਹਾਂ ਲੈਕਚਰਾਰਾਂ ਨੂੰ ਰਿਵਰਟ ਕਰਨਾ ਕਿਸੇ ਵੀ ਤਰ੍ਹਾਂ ਸਹੀ ਨਹੀਂ ਹੈ | ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਦੇ ਸਮਾਜਿਕ ਮਾਨ ਸਨਮਾਨ 'ਤੇ ਵੱਡੀ ਸੱਟ ਹੈ ਅਤੇ ਨਾਲ ਹੀ ਪੰਜਾਬ ਦੇ ਸਕੂਲਾਂ ਵਿਚ ਪੜ੍ਹਦੇ ਲੱਖਾਂ ਬੱਚਿਆਂ ਦੇ ਹੱਥੋਂ ਸਿੱਖਿਆ ਖੋਹਣ ਦੀ ਕੋਝੀ ਚਾਲ ਹੈ, ਜਿਸ ਦਾ ਜਥੇਬੰਦੀ ਵਿਰੋਧ ਕਰਦੀ ਹੈ | ਉਨ੍ਹਾਂ ਕਿਹਾ ਕੀ ਇਹੋ ਜਿਹੇ ਨਾਦਰਸ਼ਾਹੀ ਫ਼ਰਮਾਨਾਂ ਨੂੰ ਕਦੇ ਵੀ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਸਮੇਂ ਵਿਚ ਪੰਜਾਬ ਸਰਕਾਰ ਨੇ ਪ੍ਰਭਾਵਿਤ ਕਾਮਰਸ ਲੈਕਚਰਾਰਾਂ ਦੀਆਂ ਰਿਵਰਸਨਾਂ ਦੇ ਹੁਕਮਾਂ ਨੂੰ ਵਾਪਸ ਨਾ ਲਿਆ ਤੇ ਇਨ੍ਹਾਂ ਨੂੰ ਬਣਦੀ ਸਿਨੀਓਰਟੀ ਨਾ ਦਿੱਤੀ ਤਾਂ ਜਥੇਬੰਦੀ ਨੂੰ ਸੰਘਰਸ਼ ਕਰੇਗੀ |