ਮੁਕੇਰੀਆਂ, 30 ਅਪ੍ਰੈਲ (ਰਾਮਗੜ੍ਹੀਆ)-ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਪ੍ਰਤੀ ਕੁਇੰਟਲ ਗੰਨੇ ਉੱਤੇ 68.50 ਪੈਸੇ ਦੇਣ ਦੇ ਕੀਤੇ ਐਲਾਨ ਪ੍ਰਤੀ ਮੁਕੇਰੀਆਂ ਦੀ ਗੰਨਾ ਮਿੱਲ ਨੂੰ ਗੰਨਾ ਵੇਚਣ ਵਾਲੇ ਕਿਸਾਨਾਂ ਦਾ ਲਗਭਗ 55 ਕਰੋੜ ਰੁਪਏ ਬਕਾਇਆ ਹੁਣ ਤੱਕ ਜਾਰੀ ਨਹੀਂ ਕੀਤਾ ਗਿਆ, ਇਸ ਗੰਭੀਰ ਮਸਲੇ ਨੂੰ ਲੈ ਕੇ ਅੱਜ ਮੁਕੇਰੀਆਂ ਤੋਂ ਕਾਂਗਰਸ ਦੇ ਸੀਨੀਅਰ ਆਗੂ ਸਰਬਜੋਤ ਸਿੰਘ ਸਾਬੀ ਦੀ ਅਗਵਾਈ ਵਿਚ ਇੱਕ ਵਫ਼ਦ ਨੇ ਗੰਨਾ ਮਿੱਲ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ, ਜਿਸ ਵਿਚ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ | ਇਸ ਮੌਕੇ ਸਰਬਜੋਤ ਸਿੰਘ ਸਾਬੀ ਨੇ ਮਿਲ ਪ੍ਰਬੰਧਕਾਂ ਅੱਗੇ ਕਿਸਾਨਾਂ ਦੀ ਮੰਗ ਰੱਖਦਿਆਂ ਕਿਹਾ ਕਿ ਗੰਨੇ ਦੀ ਫ਼ਸਲ ਕਿਸਾਨਾਂ ਲਈ ਨਕਦੀ ਫ਼ਸਲ ਹੈ ਅਤੇ ਇਸ ਦੀ ਅਦਾਇਗੀ ਵਿਚ ਹੋ ਰਹੀ ਦੇਰੀ ਕਾਰਨ ਉਹ ਭਾਰੀ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ, ਕਿਸਾਨਾਂ ਨੇ ਬੈਂਕਾਂ ਤੋਂ ਕਰਜ਼ੇ ਲਏ ਹੋਏ ਹਨ, ਖੇਤੀਬਾੜੀ ਦੇ ਖ਼ਰਚੇ ਵੱਧ ਰਹੇ ਹਨ ਅਤੇ ਘਰੇਲੂ ਜ਼ਰੂਰਤਾਂ ਨੂੰ ਪੂਰਾ ਕਰਨਾ ਮੁਸ਼ਕਿਲ ਹੋ ਗਿਆ ਹੈ | ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਵਾਅਦੇ ਸਿਰਫ਼ ਕਾਗ਼ਜ਼ਾਂ ਤੱਕ ਹੀ ਸੀਮਿਤ ਰਹਿ ਗਏ ਹਨ, ਜਦਕਿ ਜ਼ਮੀਨੀ ਹਕੀਕਤ ਇਹ ਹੈ ਕਿ ਕਿਸਾਨ ਆਪਣੀ ਹੀ ਕਮਾਈ ਲਈ ਦਰ-ਦਰ ਭਟਕਣ ਲਈ ਮਜਬੂਰ ਹਨ | ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਕਿਸਾਨਾਂ ਦੀ ਬਕਾਇਆ ਰਕਮ ਜਾਰੀ ਨਾ ਕੀਤੀ ਗਈ ਤਾਂ ਸੰਘਰਸ਼ ਕੀਤਾ ਜਾਵੇਗਾ ਅਤੇ ਇਸ ਸਬੰਧ ਵਿਚ 15 ਮਈ ਨੂੰ ਐੱਸ. ਡੀ. ਐੱਮ. ਦਫ਼ਤਰ ਮੁਕੇਰੀਆਂ ਅੱਗੇ ਪੰਜਾਬ ਸਰਕਾਰ ਦੇ ਖ਼ਿਲਾਫ਼ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨ ਅਤੇ ਆਮ ਲੋਕ ਸ਼ਮੂਲੀਅਤ ਕਰਨਗੇ | ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਅਦਾਇਗੀ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿਚ ਕਿਸਾਨ ਹੋਰ ਵੱਡੇ ਪੱਧਰ 'ਤੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਉਨ੍ਹਾਂ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ 15 ਮਈ ਨੂੰ ਹੋਣ ਵਾਲੇ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਆਪਣੀ ਆਵਾਜ਼ ਬੁਲੰਦ ਕਰਨ | ਉਨ੍ਹਾਂ ਕਿਹਾ ਕਿ ਇਹ ਧਰਨਾ ਸਿਰਫ਼ ਗੰਨੇ ਦੀ ਅਦਾਇਗੀ ਤੱਕ ਸੀਮਿਤ ਨਹੀਂ ਰਹੇਗਾ, ਸਗੋਂ ਇਲਾਕੇ ਨਾਲ ਜੁੜੀਆਂ ਹੋਰ ਗੰਭੀਰ ਸਮੱਸਿਆਵਾਂ ਨੂੰ ਵੀ ਉਠਾਇਆ ਜਾਵੇਗਾ | ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਮੁਕੇਰੀਆਂ ਹਲਕੇ ਵਿਚ ਨਾਜਾਇਜ਼ ਮਾਈਨਿੰਗ ਦਾ ਮਸਲਾ ਵੀ ਬਹੁਤ ਗੰਭੀਰ ਰੂਪ ਧਾਰ ਚੁੱਕਾ ਹੈ, ਜਿਸ ਕਾਰਨ ਕੁਦਰਤ ਨੂੰ ਨੁਕਸਾਨ ਪਹੁੰਚਣ ਦੇ ਨਾਲ-ਨਾਲ ਸਰਕਾਰੀ ਖ਼ਜ਼ਾਨੇ ਨੂੰ ਵੀ ਵੱਡਾ ਘਾਟਾ ਪਾਇਆ ਜਾ ਰਿਹਾ ਹੈ | ਇਸ ਤੋਂ ਇਲਾਵਾ ਇਲਾਕੇ ਦੀਆਂ ਸੜਕਾਂ ਦੀ ਹਾਲਤ ਵੀ ਬਹੁਤ ਖ਼ਰਾਬ ਹੋ ਚੁੱਕੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਆਵਾਜਾਈ ਵਿਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਕਈ ਪਿੰਡਾਂ ਵਿਚ ਸੜਕਾਂ ਟੁੱਟ ਚੁੱਕੀਆਂ ਹਨ ਤੇ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿਚ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਸਰਬਜੋਤ ਸਾਬੀ ਨੇ ਇਸ ਮੌਕੇ ਕਾਨੂੰਨ-ਵਿਵਸਥਾ ਦੀ ਵਿਗੜ ਰਹੀ ਸਥਿਤੀ 'ਤੇ ਵੀ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਇਲਾਕੇ ਵਿਚ ਅਪਰਾਧਿਕ ਗਤੀਵਿਧੀਆਂ ਵਿਚ ਵਾਧਾ ਹੋ ਰਿਹਾ ਹੈ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਸਾਰੇ ਮਸਲਿਆਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ ਅਤੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ | ਅੰਤ ਵਿਚ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਇਹ ਸੰਘਰਸ਼ ਕਿਸਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਲੜਿਆ ਜਾ ਰਿਹਾ ਹੈ ਤੇ ਜਦ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਤਦ ਤੱਕ ਇਹ ਲੜਾਈ ਜਾਰੀ ਰਹੇਗੀ | ਉਨ੍ਹਾਂ ਨੇ ਸਰਕਾਰ ਨੂੰ ਯਾਦ ਦਿਵਾਇਆ ਕਿ ਲੋਕਾਂ ਦੇ ਸਬਰ ਦੀ ਪਰਖ ਨਾ ਕੀਤੀ ਜਾਵੇ ਅਤੇ ਤੁਰੰਤ ਪ੍ਰਭਾਵ ਨਾਲ ਕਿਸਾਨਾਂ ਦੀ ਬਕਾਇਆ ਰਕਮ ਜਾਰੀ ਕੀਤੀ ਜਾਵੇ | ਇਸ ਮੌਕੇ ਕਿਸਾਨ ਆਗੂ ਬਲਜੀਤ ਸਿੰਘ ਨੀਟਾ ਨੌਸ਼ਹਿਰਾ ਪੱਤਣ, ਹਰਦੇਵ ਸਿੰਘ ਬੌਬੀ ਘਸੀਟਪੁਰ, ਅਵਤਾਰ ਸਿੰਘ ਕੋਟਲੀ, ਲਖਬੀਰ ਸਿੰਘ ਲੱਖੀ ਮਾਨਾ, ਕੁਲਬੀਰ ਸਿੰਘ ਬੱਬਾ ਨੌਸ਼ਹਿਰਾ ਪੱਤਣ, ਮਲਕੀਤ ਸਿੰਘ, ਸ਼ਮਿੰਦਰ ਸਿੰਘ ਮੰਝਪੁਰ ਤੇ ਹਰਦੀਪ ਸਿੰਘ ਸਾਬੀ ਦੇਵੀਦਾਸ ਆਦਿ ਮੌਜੂਦ ਸਨ |
ਗੰਨਾ ਉਤਪਾਦਕ ਕਿਸਾਨਾਂ ਦੇ 55 ਕਰੋੜ ਬਕਾਏ ਲਈ 15 ਤੋਂ ਸੰਘਰਸ਼ ਦੀ ਕਰਾਂਗੇ ਸ਼ੁਰੂਆਤ- ਸਰਬਜੋਤ ਸਾਬੀ
ਅਜੀਤ ਡੈਸਕ
01-05-2026