15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਜ਼ਿਲ੍ਹੇ 'ਚ ਜਨਗਣਨਾ ਦੀ ਸ਼ੁਰੂਆਤ, ਵਿਧਾਇਕ ਜਿੰਪਾ ਤੇ ਡਾ. ਇਸ਼ਾਂਕ ਕੁਮਾਰ ਨੇ ਕੀਤੀ ਆਨਲਾਈਨ ਰਜਿਸਟਰੇਸ਼ਨ

ਅਜੀਤ ਡੈਸਕ 01-05-2026
ਹੁਸ਼ਿਆਰਪੁਰ, 30 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ ਵਿਚ ਜਨਗਣਨਾ-2026-27 ਦੀ ਪ੍ਰਕਿਰਿਆ ਨੂੰ ਸ਼ੁਰੂ ਕਰਵਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੀ ਅਤੇ ਆਪਣੇ ਪਰਿਵਾਰਾਂ ਦੀ ਜਾਣਕਾਰੀ ਆਨਲਾਈਨ ਪੋਰਟਲ 'ਤੇ 14 ਮਈ ਤੱਕ ਭਰ ਸਕਦੇ ਹਨ, ਜਿਸ ਨਾਲ ਮਰਦਮਸ਼ੁਮਾਰੀ ਦੀ ਪ੍ਰਕਿਰਿਆ ਉਨ੍ਹਾਂ ਲਈ ਬਹੁਤ ਸੁਖਾਲੀ ਹੋ ਜਾਵੇਗੀ | ਜਨਗਣਨਾ ਦੀ ਸ਼ੁਰੂਆਤ ਮੌਕੇ ਆਪਣੀ ਰਜਿਸਟਰੇਸ਼ਨ ਕਰਵਾਉਂਦਿਆਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਨਗਣਨਾ ਵਿਚ ਲੋਕਾਂ ਦੀ ਭਰਵੀਂ ਹਿੱਸੇਦਾਰੀ ਬਹੁਤ ਲਾਜ਼ਮੀ ਹੈ ਜਿਸ ਲਈ ਸਾਰਿਆਂ ਨੂੰ ਇਸ ਪ੍ਰਕਿਰਿਆ ਵਿਚ ਸ਼ਾਮਲ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ 14 ਮਈ ਤੱਕ ਜ਼ਿਲ੍ਹਾ ਵਾਸੀ ਆਪਣੀ ਜਾਣਕਾਰੀ ਆਨਲਾਈਨ ਭਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਜੇਕਰ ਕੋਈ ਪਰਿਵਾਰ ਆਪਣੀ ਜਾਣਕਾਰੀ ਆਨਲਾਈਨ ਨਹੀਂ ਸਾਂਝੀ ਕਰ ਸਕਦਾ ਤਾਂ ਉਹ 15 ਮਈ ਤੋਂ 13 ਜੂਨ ਤੱਕ ਘਰ-ਘਰ ਆ ਕੇ ਸਰਵੇਖਣ ਕਰਨ ਵਾਲੇ ਗਿਣਤੀਕਾਰਾਂ ਰਾਹੀਂ ਆਪਣੇ ਪਰਿਵਾਰਾਂ ਦੀ ਜਾਣਕਾਰੀ ਦਰਜ ਕਰਵਾ ਸਕਦੇ ਹਨ | ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਬਹੁਤ ਹੀ ਸੁਖਾਲੀ ਅਤੇ ਸੌਖੇ ਹੀ ਸਮਝ ਆ ਜਾਣ ਵਾਲੀ ਹੈ ਜਿਸ ਨੂੰ ਲੋਕਾਂ ਵਲੋਂ ਆਸਾਨੀ ਨਾਲ ਆਨਲਾਈਨ ਮੁਕੰਮਲ ਕੀਤਾ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਉਪਰੰਤ ਫਰਵਰੀ 2027 ਵਿਚ ਇਕ ਵਿਸਥਾਰ ਸਰਵੇਖਣ ਵੀ ਕੀਤਾ ਜਾਵੇਗਾ | ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਆਪਣੀ ਰਜਿਸਟਰੇਸ਼ਨ ਆਨਲਾਈਨ ਕਰਵਾਉਂਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਵੱਧ ਚੜ੍ਹ ਕੇ ਪੋਰਟਲ ਜਾਂ ਗਿਣਤੀਕਾਰਾਂ ਰਾਹੀਂ ਜਨਗਣਨਾ ਵਿਚ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਮੁਕੰਮਲ ਜਾਣਕਾਰੀ ਹਾਸਲ ਹੋ ਸਕੇ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਨਗਣਨਾ ਟੀਮ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਲੋਕਾਂ ਲਈ ਆਨਲਾਈਨ ਅਤੇ ਗਿਣਤੀਕਾਰਾਂ ਰਾਹੀਂ ਜਾਣਕਾਰੀ ਮੁਹੱਈਆ ਕਰਵਾਉਣ ਦੀ ਸਹੂਲਤ ਹੈ | ਉਨ੍ਹਾਂ ਦੱਸਿਆ ਕਿ ਹਰ ਘਰ ਲਈ ਇਕ ਮੋਬਾਈਲ ਨੰਬਰ ਰਜਿਸਟਰਡ ਕੀਤਾ ਜਾਵੇਗਾ, ਜਿਸ ਲਈ ਪਰਿਵਾਰ ਦੇ ਮੁਖੀ ਵਲੋਂ ਐਂਟਰੀ ਕੀਤੀ ਜਾਵੇਗੀ ਅਤੇ ਇਸ ਪ੍ਰਕਿਰਿਆ ਦੌਰਾਨ ਪਰਿਵਾਰ ਦੇ ਮੁਖੀ ਦਾ ਨਾਂਅ ਬਦਲਿਆ ਨਹੀਂ ਜਾ ਸਕੇਗਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਸਬੰਧੀ ਲੋੜੀਂਦੇ ਇੰਤਜ਼ਾਮ ਤੇ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਤਾਂ ਜੋ ਸਮੁੱਚੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਸਕੇ | ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਦੀ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਤੇ ਸੁਰੱਖਿਅਤ ਰਹੇਗੀ |
ਪਿਛਲੀ ਖ਼ਬਰ ਵੁੱਡਬਰੀ ਵਰਲਡ ਸਕੂਲ ਵਿਖੇ ਅੰਤਰਰਾਸ਼ਟਰੀ ਡਾਂਸ ਦਿਵਸ ਮਨਾਇਆ ਅਗਲੀ ਖ਼ਬਰ ਪਾਵਰਕਾਮ ਠੇਕਾ ਕਾਮਿਆਂ ਨੇ ਮੰਨੀਆਂ ਮੰਗਾਂ ਲਾਗੂ ਨਾ ਕਰਨ 'ਤੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।