ਹੁਸ਼ਿਆਰਪੁਰ, 10 ਮਈ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਭਾਜਪਾ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਦਾ ਪੁਤਲਾ ਫੁਕਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਕਰਮਵੀਰ ਸਿੰਘ ਘੁੰਮਣ, ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਚੇਚੀ, ਚੇਅਰਪਰਸਨ ਕਰਮਜੀਤ ਕੌਰ ਵੀ ਹਾਜ਼ਰ ਸਨ | ਇਸ ਮੌਕੇ ਬੋਲਦਿਆਂ ਵਿਧਾਇਕ ਜਿੰਪਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਹਮੇਸ਼ਾ ਪੰਜਾਬ ਨਾਲ ਮਤਰੇਈ ਵਾਲਾ ਸਲੂਕ ਕੀਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਪੰਜਾਬ ਪ੍ਰਤੀ ਨੀਤੀਆਂ ਜੱਗ ਜ਼ਾਹਿਰ ਹਨ | ਉਨ੍ਹਾਂ ਕਿਸਾਨ ਅੰਦੋਲਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ, ਸੰਜੇ ਸਿੰਘ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਖ਼ਿਲਾਫ਼ ਕੇਂਦਰ ਵਲੋਂ ਸਾਜ਼ਿਸ਼ ਕੀਤੀ ਗਈ, ਉਹ ਪੂਰੀ ਤਰ੍ਹਾਂ ਜੱਗ ਜ਼ਾਹਿਰ ਹੈ | ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਹੁਣ ਪੰਜਾਬ 'ਚ ਵੀ ਈ. ਡੀ. ਤੇ ਸੀ. ਬੀ. ਆਈ. ਵਰਗੀਆਂ ਕੇਂਦਰੀ ਏਜੰਸੀਆਂ ਦਾ ਕੇਂਦਰ ਸਰਕਾਰ ਵਲੋਂ ਦਰ ਪ੍ਰਯੋਗ ਕੀਤਾ ਜਾ ਰਿਹਾ ਹੈ | ਕੈਬਨਿਟ ਮੰਤਰੀ ਸੰਜੀਵ ਅਰੋੜਾ 'ਤੇ ਲਗਾਏ ਜਾ ਰਹੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਲੋਟਸ ਤਹਿਤ ਬੀ. ਜੇ. ਪੀ. ਰਾਜਸੀ ਦਬਾਅ ਬਣਾਉਣਾ ਚਾਹੁੰਦੀ ਹੈ ਪਰ ਲੋਕ ਹੁਣ ਪੂਰੀ ਤਰ੍ਹਾਂ ਜਾਗਰੂਕ ਹੋ ਚੁੱਕੇ ਹਨ | ਵਿਧਾਇਕ ਘੁੰਮਣ ਨੇ ਕਿਹਾ ਕਿ ਹੁਣ ਕੇਂਦਰ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਆਮ ਆਦਮੀ ਪਾਰਟੀ ਦੇ ਹਰੇਕ ਵਰਕਰ ਵਲੋਂ ਇਸ ਦਾ ਵਿਰੋਧ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ 'ਆਪ' ਵਰਕਰ ਸੜਕਾਂ 'ਤੇ ਉੱਤਰ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ 'ਚ ਸੰਘਰਸ਼ ਨੂੰ ਹੋਰ ਤੇਜ਼ ਕਰਕੇ ਸਹੀ ਤੱਥਾਂ ਨੂੰ ਲੋਕਾਂ ਸਾਹਮਣੇ ਲਿਆਂਦਾ ਜਾਵੇਗਾ | ਇਸ ਮੌਕੇ ਵੱਡੀ ਗਿਣਤੀ 'ਚ 'ਆਪ' ਦੇ ਵਰਕਰ ਹਾਜ਼ਰ ਸਨ |