ਦਸੂਹਾ, 15 ਮਈ (ਕੌਸ਼ਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਦਯਾਨੰਦ ਆਦਰਸ਼ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੀ ਹੋਣਹਾਰ ਵਿਦਿਆਰਥਣ ਪ੍ਰਾਚੀ ਨੇ 97 ਫ਼ੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਪੱਧਰੀ ਮੈਰਿਟ ਸੂਚੀ ਵਿਚ ਅੱਠਵਾਂ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਵਿਦਿਆਰਥਣ ਪ੍ਰਭਦੀਪ ਕੌਰ ਨੇ 96 ਫ਼ੀਸਦੀ ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿਚ ਆਪਣਾ ਵਿਸ਼ੇਸ਼ ਸਥਾਨ ਬਣਾਇਆ | ਦੋਨਾਂ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਨਾਲ ਸਕੂਲ, ਮਾਪਿਆਂ ਅਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਇਸ ਤੋਂ ਇਲਾਵਾ ਅਮਨਦੀਪ ਕੌਰ ਨੇ 89 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਪੱਧਰ 'ਤੇ ਤੀਸਰਾ ਸਥਾਨ ਹਾਸਲ ਕੀਤਾ, ਜਦਕਿ ਰਿਧਿਮਾ ਨੇ 88 ਫ਼ੀਸਦੀ ਅੰਕਾਂ ਨਾਲ ਚੌਥਾ ਅਤੇ ਕਰਨ ਸੰਧੂ ਨੇ 87 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਵਾਂ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਚੈਨ ਸਿੰਘ, ਮੈਨੇਜਰ ਰਾਕੇਸ਼ ਬੱਸੀ ਅਤੇ ਸੈਕਟਰੀ ਪੁਨੀਤ ਬੱਸੀ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਉਨ੍ਹਾਂ ਵਿਦਿਆਰਥੀਆਂ ਦੇ ਚਮਕਦਾਰ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ | ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀ ਹੀ ਸਕੂਲ ਦਾ ਅਸਲ ਮਾਣ ਹਨ ਅਤੇ ਮੈਰਿਟ ਸੂਚੀ ਵਿਚ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਦਾ ਸਾਰਾ ਸਿਹਰਾ ਸਕੂਲ ਪ੍ਰਬੰਧਕੀ ਕਮੇਟੀ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਨੂੰ ਜਾਂਦਾ ਹੈ |