ਟਾਂਡਾ ਉੜਮੁੜ, 17 ਮਈ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਦਿਨ ਰਾਤ ਇਕ ਕੀਤਾ ਜਾਵੇਗਾ ਅਤੇ 26 ਮਈ ਨੂੰ ਆ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਹਲਕਾ ਉੜਮੁੜ ਦੇ ਸ਼ਹਿਰ ਟਾਂਡਾ ਤੇ ਗੜ੍ਹਦੀਵਾਲਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਦਿਨ ਰਾਤ ਇਕ ਕੀਤਾ ਜਾਵੇਗਾ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਅਤੇ ਸੀਨੀਅਰ ਅਕਾਲੀ ਆਗੂ ਸਤਪਾਲ ਸਿੰਘ ਮੁਲਤਾਨੀ ਨੇ ਟਾਂਡਾ ਵਿਖੇ ਨਗਰ ਕੌਂਸਲ ਟਾਂਡਾ ਸ਼ਹਿਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਕਾਗ਼ਜ਼ ਦਾਖਲ ਕਰਵਾਉਣ ਮੌਕੇ ਕੀਤਾ | ਉਕਤ ਅਕਾਲੀ ਆਗੂਆਂ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਦੌਰਾਨ ਘਰ-ਘਰ ਜਾ ਕੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ | ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਿਨੋਂ ਦਿਨ ਮਜ਼ਬੂਤੀ ਵੱਲ ਵੱਧ ਰਿਹਾ ਹੈ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਘਰ-ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਨੁੱਕੜ ਮੀਟਿੰਗਾਂ ਕੀਤੀਆਂ ਜਾਣਗੀਆਂ | ਉਕਤ ਅਕਾਲੀ ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਸੂਬਾ ਪੰਜਾਬ ਵਿਕਾਸ ਪੱਖੋਂ ਪੂਰੀ ਤਰ੍ਹਾਂ ਪਛੜ ਚੁੱਕਾ ਹੈ ਤੇ ਸਰਕਾਰ ਦੇ ਨੁਮਾਇੰਦਿਆਂ ਵਲੋਂ ਝੂਠਾ ਪ੍ਰਚਾਰ ਕਰਕੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ | ਇਸ ਮੌਕੇ ਸਰਬਜੀਤ ਮੋਮੀ ਤੇ ਵਰਕਰ ਦੀ ਹਾਜ਼ਰ ਸਨ |