ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਧੀ ਕੁਮੁਦ ਬੰਬਾਹ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ‘ਚ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਸੋਧੇ ਹੋਏ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ। ਉਨ੍ਹਾਂ ਰਾਜਨੀਤਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਇਸ ਮਹੱਤਵਪੂਰਨ ਕੰਮ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਵਿਭਾਗ ਦਾ ਪੂਰਾ ਸਹਿਯੋਗ ਦਿੱਤਾ ਜਾਵੇ। ਮੀਟਿੰਗ ਦੌਰਾਨ ਨਿਧੀ ਕੁਮੁਦ ਬੰਬਾਹ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਲਈ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਦਾ ਸੋਧਿਆ ਹੋਇਆ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ ਜ਼ਿਲ੍ਹੇ ‘ਚ ਵੋਟਰ ਸੂਚੀਆਂ ਦਾ ਡਰਾਫ਼ਟ ਹੁਣ 3 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ ਅਤੇ ਦਾਅਵੇ ਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ ਤੱਕ ਪ੍ਰਾਪਤ ਕੀਤੇ ਜਾਣਗੇ। ਇਸੇ ਤਰ੍ਹਾਂ ਨੋਟਿਸ ਪੜਾਅ/ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ 3 ਅਗਸਤ ਤੋਂ 28 ਸਤੰਬਰ ਤੱਕ ਚੱਲੇਗੀ। ਅੰਤਿਮ ਵੋਟਰ ਸੂਚੀ ਦਾ ਪ੍ਰਕਾਸ਼ਨ 1 ਅਕਤੂਬਰ ਨੂੰ ਕੀਤਾ ਜਾਵੇਗਾ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ 18 ਮਈ ਨੂੰ ਹੋਈ ਮੀਟਿੰਗ ‘ਚ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਆਪਣੇ-ਆਪਣੇ ਬੂਥ ਲੈਵਲ ਏਜੰਟ (ਬੀ.ਐਲ.ਏ.) ਨਿਯੁਕਤ ਕਰਨ ਦੀ ਬੇਨਤੀ ਕੀਤੀ ਗਈ ਸੀ। ਉਨ੍ਹਾਂ ਅਪੀਲ ਕੀਤੀ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਜਲਦ ਤੋਂ ਜਲਦ ਆਪਣੇ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਕਰਕੇ ਸਬੰਧਿਤ ਬੂਥਾਂ ਦੇ ਬੂਥ ਲੈਵਲ ਅਫ਼ਸਰਾਂ (ਬੀ.ਐਲ.�.) ਨੂੰ ਇਸ ਦੀ ਜਾਣਕਾਰੀ ਦੇਣ ਅਤੇ ਇਸ ਦੀ ਇੱਕ ਕਾਪੀ ਚੋਣ ਰਜਿਸਟਰੇਸ਼ਨ ਅਫ਼ਸਰਾਂ ਅਤੇ ਜ਼ਿਲ੍ਹਾ ਚੋਣ ਦਫ਼ਤਰ ਨੂੰ ਵੀ ਭੇਜਣ। ਨਿਧੀ ਕੁਮੁਦ ਬੰਬਾਹ ਨੇ ਦੱਸਿਆ ਕਿ ਇਸ ਵੇਲੇ ਜ਼ਿਲ੍ਹੇ ਵਿਚ ਪ੍ਰੀ-ਐੱਸ.ਆਈ.ਆਰ. ਮੈਪਿੰਗ ਦਾ ਕੰਮ ਚੱਲ ਰਿਹਾ ਹੈ, ਜਿਸ ਤਹਿਤ ਸਾਲ 2025 ਦੀ ਵੋਟਰ ਸੂਚੀ ‘ਚ ਦਰਜ ਵੋਟਰਾਂ ਦਾ ਮਿਲਾਨ ਸਾਲ 2003 ਦੀ ਵੋਟਰ ਸੂਚੀ ਨਾਲ ਕੀਤਾ ਜਾ ਰਿਹਾ ਹੈ। ਇਸ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਲਈ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ 7 ਜੂਨ 2026 ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਦੌਰਾਨ ਬੂਥ ਲੈਵਲ ਅਫ਼ਸਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਪੋਲਿੰਗ ਸਟੇਸ਼ਨਾਂ ‘ਤੇ ਮੌਜੂਦ ਰਹਿ ਕੇ ਵੋਟਰ ਮੈਪਿੰਗ ਦਾ ਕੰਮ ਕਰਨਗੇ। ਮੀਟਿੰਗ ਦੌਰਾਨ ਉਨ੍ਹਾਂ ਜਾਣਕਾਰੀ ਦਿੱਤੀ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਕੁੱਲ 12,68,739 ਰਜਿਸਟਰਡ ਵੋਟਰਾਂ ਵਿਚੋਂ ਹੁਣ ਤੱਕ 11,21,711 ਵੋਟਰਾਂ ਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਪੂਰੀ ਕੀਤੀ ਜਾ ਚੁੱਕੀ ਹੈ, ਜੋ ਕਿ ਕੁੱਲ ਵੋਟਰਾਂ ਦਾ 88.41 ਫ਼ੀਸਦੀ ਬਣਦਾ ਹੈ। ਇਸ ਮੌਕੇ ਚੋਣ ਕਾਨੂੰਗੋ ਦੀਪਕ ਕੁਮਾਰ, ਲਖਬੀਰ ਸਿੰਘ, ਆਮ ਆਦਮੀ ਪਾਰਟੀ ਤੋਂ ਜਸਪਾਲ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਭਾਜਪਾ ਤੋਂ ਭੂਸ਼ਨ ਕੁਮਾਰ ਸ਼ਰਮਾ, ਸ਼੍ਰੋਮਣੀ ਅਕਾਲੀ ਦਲ ਤੋਂ ਗੁਰਿੰਦਰ ਸਿੰਘ ਗੋਲਡੀ ਅਤੇ ਜਗਤਾਰ ਸਿੰਘ ਵੀ ਹਾਜ਼ਰ ਸਨ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਅਜੀਤ ਡੈਸਕ
04-06-2026