ਟਾਂਡਾ ਉੜਮੁੜ, 7 ਜੂਨ (ਭਗਵਾਨ ਸਿੰਘ ਸੈਣੀ)-ਇਕ ਪਾਸੇ ਪੰਜਾਬ ਸਰਕਾਰ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਦੂਜੇ ਪਾਸੇ ਸੂਬੇ 'ਚ ਬੇਰੁਜ਼ਗਾਰੀ, ਨਸ਼ਾ, ਕਾਨੂੰਨ-ਵਿਵਸਥਾ ਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਹੋ ਰਹੇ ਸੰਘਰਸ਼ਾਂ ਦੌਰਾਨ ਪੁਲਿਸ ਵਲੋਂ ਕੀਤੀਆਂ ਜਾ ਰਹੀਆਂ ਸਖ਼ਤ ਕਾਰਵਾਈਆਂ ਸਰਕਾਰ ਦੇ ਦਾਅਵਿਆਂ 'ਤੇ ਸਵਾਲ ਖੜ੍ਹੇ ਕਰਦੀਆਂ ਹਨ | ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਨੌਜਵਾਨ ਜਦੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸਰਕਾਰ, ਮੁੱਖ ਮੰਤਰੀ ਪੰਜਾਬ ਜਾਂ ਬਿਜਲੀ ਮੰਤਰੀ ਕੋਲ ਪਹੁੰਚਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਪੁਲਿਸ ਰਾਹੀਂ ਦਬਾਉਣ ਦੀ ਨੀਤੀ ਅਪਣਾਈ ਜਾਂਦੀ ਹੈ | ਪਟਿਆਲਾ 'ਚ ਬੇਰੁਜ਼ਗਾਰ ਲਾਈਨਮੈਨਾਂ ਨਾਲ ਹੋਇਆ ਅਣਮਨੁੱਖੀ ਤਸ਼ੱਦਦ ਬਹੁਤ ਹੀ ਮੰਦਭਾਗਾ ਤੇ ਨਿੰਦਣਯੋਗ ਹੈ | ਇਹ ਪ੍ਰਗਟਾਵਾ ਸਰਦਾਰ ਅਰਵਿੰਦਰ ਸਿੰਘ ਰਸੂਲਪੁਰ ਕੌਮੀ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਟਾਂਡਾ ਸ਼੍ਰੋਮਣੀ ਅਕਾਲੀ ਦਲ ਅਰਵਿੰਦਰ ਸਿੰਘ ਰਸੂਲਪੁਰ ਨੇ 'ਅਜੀਤ' ਨਾਲ ਕਰਦੇ ਹੋਏ ਕਿਹਾ ਕੀਤਾ | ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਬਹੁਤ ਘੱਟ ਹੈ | ਲੋਕਤੰਤਰ ਵਿਚ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਨੌਜਵਾਨਾਂ ਨਾਲ ਇਸ ਤਰ੍ਹਾਂ ਦਾ ਵਰਤਾਓ ਕਿਸੇ ਵੀ ਹਾਲਾਤ ਵਿਚ ਸਵੀਕਾਰ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਆਖਿਆ ਕਿ ਦੋਸ਼ੀ ਅਧਿਕਾਰੀਆਂ ਦੀ ਜਵਾਬਦੇਹੀ ਤਹਿ ਕਰਕੇ ਉਨ੍ਹਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣ |