ਹੁਸ਼ਿਆਰਪੁਰ, 9 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਟਰੱਸਟ ਦੀ ਸਕੀਮ ਨੰਬਰ-2 (ਰਾਜੀਵ ਗਾਂਧੀ ਐਵੇਨਿਊ) ਦਾ ਦੌਰਾ ਕਰਕੇ ਵਿਕਾਸ ਕਾਰਜਾਂ ਅਤੇ ਪ੍ਰਸਤਾਵਿਤ ਰਿਹਾਇਸ਼ੀ ਪਲਾਟਾਂ ਦੀ ਸਥਿਤੀ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਟਰੱਸਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲਗਭਗ 8 ਏਕੜ ਖੇਤਰ 'ਚ ਵਿਕਸਤ ਕੀਤੇ ਜਾ ਰਹੇ ਰਿਹਾਇਸ਼ੀ ਪਲਾਟਾਂ ਦੀ ਨਿਸ਼ਾਨਦੇਹੀ ਦਾ ਕੰਮ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ | ਗੁਰਵਿੰਦਰ ਸਿੰਘ ਪਾਬਲਾ ਨੇ ਦੱਸਿਆ ਕਿ ਸਰਕਾਰ ਵੱਲੋਂ ਗਠਿਤ ਪ੍ਰਾਈਸ ਐਂਡ ਰੈਂਟ ਫਿਕਸੇਸ਼ਨ ਕਮੇਟੀ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕਰਦੇ ਹਨ, ਨੇ ਟਰੱਸਟ ਦੀਆਂ ਵੱਖ-ਵੱਖ ਸਕੀਮਾਂ ਲਈ ਸਾਲ 2026-27 ਦੀਆਂ ਰਾਖਵੀਂਆਂ ਕੀਮਤਾਂ ਨਿਰਧਾਰਿਤ ਕਰਕੇ ਸਰਕਾਰ ਨੂੰ ਭੇਜੀਆਂ ਸਨ | ਸਰਕਾਰ ਵੱਲੋਂ ਇਨ੍ਹਾਂ ਕੀਮਤਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ | ਇਸ ਦੇ ਨਤੀਜੇ ਵਜੋਂ ਸਕੀਮ ਨੰਬਰ-2 (ਰਾਜੀਵ ਗਾਂਧੀ ਐਵੇਨਿਊ) ਵਿਚ ਲਗਭਗ 8 ਏਕੜ ਜ਼ਮੀਨ 'ਤੇ ਵਿਕਸਤ ਕੀਤੇ ਗਏ ਰਿਹਾਇਸ਼ੀ ਪਲਾਟਾਂ ਦੀ ਡਰਾਅ ਜਾਂ ਨੀਲਾਮੀ ਪ੍ਰਕਿਰਿਆ ਜਲਦੀ ਸ਼ੁਰੂ ਹੋਣ ਦੀ ਸੰਭਾਵਨਾ ਹੈ | ਚੇਅਰਮੈਨ ਨੇ ਉਸ ਖੇਤਰ ਦਾ ਵੀ ਨਿਰੀਖਣ ਕੀਤਾ, ਜਿੱਥੇ ਪਹਿਲਾਂ ਵਿਕਾਸ ਕਾਰਜ ਨਹੀਂ ਕੀਤੇ ਗਏ ਸਨ ਅਤੇ ਇਸ ਵੇਲੇ ਵੱਖ-ਵੱਖ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ | ਪਾਬਲਾ ਨੇ ਦੱਸਿਆ ਕਿ ਰਾਜੀਵ ਗਾਂਧੀ ਐਵੇਨਿਊ ਵਿਖੇ ਕੁੱਝ ਸਮੱਸਿਆਵਾਂ ਦੇ ਸਥਾਈ ਹੱਲ ਲਈ ਸੜਕ ਨੂੰ ਉੱਚਾ ਕਰਨ ਸਬੰਧੀ ਟੈਂਡਰ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ ਅਤੇ ਜਲਦ ਹੀ ਮਨਜ਼ੂਰੀ ਉਪਰੰਤ ਸੜਕ ਦੇ ਨਿਰਮਾਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਜਾਵੇਗਾ |