ਹੁਸ਼ਿਆਰਪੁਰ, 9 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਦੇ 10 ਸਾਲ ਪੂਰੇ ਹੋਣ ਦੇ ਸੰਬੰਧ 'ਚ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਵਿਸ਼ੇਸ਼ ਜਾਗਰੂਕਤਾ ਅਤੇ ਸਿਹਤ ਜਾਂਚ ਕੈਂਪ ਲਗਾਇਆ ਗਿਆ | ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਪੀ.ਐੱਚ.ਸੀ., ਸੀ.ਐੱਚ.ਸੀ., ਸਬ-ਡਵੀਜ਼ਨਲ ਹਸਪਤਾਲਾਂ ਅਤੇ ਆਮ ਆਦਮੀ ਕਲੀਨਿਕਾਂ ਵਿਚ ਵੀ ਇਸ ਦਿਵਸ ਨੂੰ ਵਿਸ਼ੇਸ਼ ਤੌਰ 'ਤੇ ਮਨਾਇਆ ਗਿਆ ਅਤੇ ਗਰਭਵਤੀ ਮਹਿਲਾਵਾਂ ਨੂੰ ਯੋਜਨਾ ਅਧੀਨ ਮਿਲਣ ਵਾਲੀਆਂ ਮੁਫ਼ਤ ਸਿਹਤ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ | ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਐੱਸ.ਐਮ.ਓ. ਇੰਚਾਰਜ ਡਾ. ਨਵਜੋਤ ਸਿੰਘ ਅਤੇ ਐੱਸ.ਐਮ.ਓ. ਡਾ. ਨੇਹਾ ਪਾਲ ਦੀ ਅਗਵਾਈ ਵਿਚ ਲਗਾਏ ਕੈਂਪ ਵਿਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ | ਇਸ ਮੌਕੇ ਡਾ. ਰਣਜੀਤ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਗਰਭਵਤੀ ਮਹਿਲਾਵਾਂ ਦੀ ਸੁਰੱਖਿਅਤ ਗਰਭ ਅਵਸਥਾ ਅਤੇ ਸੁਰੱਖਿਅਤ ਜਣੇਪੇ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਦੀ ਇੱਕ ਮਹੱਤਵਪੂਰਨ ਪਹਿਲ ਹੈ | ਡਾ. ਨੇਹਾ ਪਾਲ ਨੇ ਗਰਭਵਤੀ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਗਰਭ ਅਵਸਥਾ ਦੌਰਾਨ ਨਿਯਮਿਤ ਜਾਂਚਾਂ ਕਰਵਾਉਣ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਪਲਬਧ ਸਾਰੀਆਂ ਮੁਫ਼ਤ ਸੇਵਾਵਾਂ ਦਾ ਲਾਭ ਲੈਣ | ਗਾਇਨੀ ਮਾਹਿਰ ਡਾ. ਪਰਵਾਜ਼ ਨੇ ਗਰਭਵਤੀ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਤਹਿਤ ਗਰਭਵਤੀ ਮਹਿਲਾਵਾਂ ਨੂੰ ਹਰ ਸਮੱਸਿਆ ਸੰਬੰਧੀ ਸਲਾਹ ਅਤੇ ਹੋਰ ਲੋੜੀਂਦੀਆਂ ਦਵਾਈਆਂ ਉਪਲਬਧ ਕਰਵਾਈਆਂ ਜਾਂਦੀਆਂ ਹਨ | ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤਰਸੇਮ ਲਾਲ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਵੱਧ ਤੋਂ ਵੱਧ ਗਰਭਵਤੀ ਮਹਿਲਾਵਾਂ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਉਣ ਲਈ ਨਿਰੰਤਰ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ | ਡਿਪਟੀ ਮਾਸ ਮੀਡੀਆ ਅਫ਼ਸਰ ਰਵਿੰਦਰ ਜੱਸਲ ਵੱਲੋਂ ਬਾਖ਼ੂਬੀ ਮੰਚ ਸੰਚਾਲਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਮਨਦੀਪ ਕੌਰ, ਬਲਾਕ ਐਕਸਟੈਨਸ਼ਨ ਐਜੂਕੇਟਰ ਰੋਹਿਤ ਸ਼ਰਮਾ, ਡਾ. ਤਰਨਪ੍ਰੀਤ ਫੈਸਿਲਿਟੀ ਮੈਨੇਜਰ, ਆਈ.ਸੀ.ਐਨ. ਹਰਪ੍ਰੀਤ ਕੌਰ ਅਤੇ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਹਾਜ਼ਰ ਸਨ |