29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਵਿਸ਼ਾਲ ਧਾਰਮਿਕ ਸਮਾਗਮ

ਅਜੀਤ ਡੈਸਕ 18-06-2026

* ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਲਿਆ ਆਨੰਦ
ਟਾਂਡਾ ਉੜਮੁੜ, 15 ਜੂਨ (ਭਗਵਾਨ ਸਿੰਘ ਸੈਣੀ)- ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰਿਆ ਵੇਲਾਂ ਵਾਲਿਆਂ ਦੀ ਰਹਿਨੁਮਾਈ, ਆਸ਼ੀਰਵਾਦ ਸਦਕਾ ਬਾਬਾ ਹਰਪ੍ਰੀਤ ਸਿੰਘ, ਬਾਬਾ ਕੁਲਦੀਪ ਸਿੰਘ ਦੀ ਅਗਵਾਈ ਹੇਠ ਇੱਕ ਵਿਸ਼ਾਲ ਧਾਰਮਿਕ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿਚ ਇਲਾਕੇ ਦੀਆਂ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੀ ਸ਼ੁਰੂਆਤ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਹੋਈ। ਇਸ ਤੋਂ ਬਾਅਦ ਸਜੇ ਖੁੱਲ੍ਹੇ ਦੀਵਾਨਾ ਵਿਚ ਰਾਗੀ, ਢਾਡੀ ਅਤੇ ਕਥਾਵਾਚਕ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਅਤੇ ਗੁਰੂ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ ਗਿਆ। ਇਸ ਮੌਕੇ ਬਾਬਾ ਹਰਭਜਨ ਸਿੰਘ ਸੋਤਲੇ ਵਾਲਿਆਂ ਦੇ ਜਥੇ, ਭਾਈ ਕੁਲਵਿੰਦਰ ਸਿੰਘ ਕੰਗ ਮਾਈ ਵਾਲਿਆਂ ਦੇ ਜਥੇ ਅਤੇ ਹੋਰ ਪ੍ਰਸਿੱਧ ਢਾਡੀ ਜਥਿਆਂ ਨੇ ਹਾਜ਼ਰੀ ਭਰਦਿਆਂ ਗੁਰਬਾਣੀ ਕੀਰਤਨ ਅਤੇ ਵੀਰ ਰਸ ਭਰੀਆਂ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ ਸਿੱਖ ਕੌਮ ਦੇ ਸ਼ਹੀਦੀ ਇਤਿਹਾਸ, ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਅਤੇ ਗੁਰਮਤਿ ਜੀਵਨ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੇ ਧਾਰਮਿਕ ਅਤੇ ਸਭਿਆਚਾਰਕ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਿਆ ਗਿਆ, ਜਿਸ ਵਿਚ ਸੰਗਤਾਂ ਨੇ ਵੱਡੀ ਸ਼ਰਧਾ ਨਾਲ ਸੇਵਾ ਨਿਭਾਈ ਅਤੇ ਲੰਗਰ ਛਕ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਵੇਵਜ ਹਸਪਤਾਲ ਟਾਂਡਾ ਦੀ ਟੀਮ ਵਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਪ ਲਗਾਇਆ ਗਿਆ ਜਿਸ ਵਿਚ 150 ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਇਲਾਕੇ ਦੀਆਂ ਧਾਰਮਿਕ, ਸਮਾਜਿਕ ਅਤੇ ਪੰਥਕ ਸ਼ਖ਼ਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਪਿਛਲੀ ਖ਼ਬਰ ਕਿਸਾਨ ਕਾਰਪੋਰੇਟ ਪੱਖੀ ਨੀਤੀਆਂ ਦਾ ਡਟ ਕੇ ਵਿਰੋਧ ਕਰਨਗੇ- ਆਗੂ ਅਗਲੀ ਖ਼ਬਰ ਡੀ.ਸੀ. ਨੇ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਟਰੇਨਿੰਗ ਪ੍ਰੋਗਰਾਮ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।