ਮੁਕੇਰੀਆਂ, 17 ਜੂਨ (ਰਾਮਗੜ੍ਹੀਆ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ.ਪੀ.ਐਫ ਯੂਨੀਅਨ ਪੰਜਾਬ ਵਲੋਂ ਆਪਣੀਆਂ ਹੱਕੀ ਮੰਗ ਸੂਬੇ ਦੇ ਲਗਭਗ 2 ਲੱਖ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਦੇ ਅੜੀਅਲ ਰਵੱਈਏ ਵਾਲੀ ਪੰਜਾਬ ਸਰਕਾਰ ਨੂੰ ਮਨਵਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਹੁਸ਼ਿਆਰਪੁਰ ਦੇ ਪਿੰਡ ਭਟਲਾ ਫੇਰੀ ‘ਤੇ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ, ਜਿਸ ਤੋਂ ਖ਼ਫ਼ਾ ਹੋ ਕੇ ਸੂਬਾ ਕਨਵੀਨਰ ਜਸਵੀਰ ਤਲਵਾੜਾ, ਜ਼ਿਲ੍ਹਾ ਪ੍ਰਧਾਨ ਸੰਜੀਵ ਧੂਤ, ਆਗੂ ਰਜਤ ਮਹਾਜਨ ਤੇ ਪ੍ਰਿੰਸ ਪਲਿਆਲ ਗੜ੍ਹਦੀਵਾਲ ਨੂੰ ਨਜ਼ਰਬੰਦ ਕੀਤਾ। ਜ਼ਿਕਰਯੋਗ ਹੈ ਕਿ 15 ਜੂਨ ਨੂੰ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਤੇ ਪੁਲਿਸ ਪ੍ਰਸ਼ਾਸਨ ਨੇ ਉਪਰੋਕਤ ਆਗੂਆਂ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ ਪਰ ਇਸ ਭਰੋਸੇ ਦੇ ਬਾਵਜੂਦ ਇਕ ਦਿਨ ਪਹਿਲਾਂ ਹੀ ਜ਼ਿਲੇ੍ਹ ਵਿਚ ਪੁਲਿਸ ਥਾਣੇ ਵਿਚ ਡੱਕਣਾ ਸ਼ੁਰੂ ਕਰ ਦਿੱਤਾ। ਸੀ. ਪੀ. ਐਫ. ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੁਖਜੀਤ ਸਿੰਘ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਦੇ ਆਗੂ ਗੁਰਜੰਟ ਸਿੰਘ ਕੋਕਰੀ ਤੇ ਸਕੱਤਰ ਜਰਨੈਲ ਸਿੰਘ ਪੱਟੀ ਤੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ, ਮੰਗ ਪ੍ਰਦਰਸ਼ਨ ਕਰਨਾ ਹਰੇਕ ਨਾਗਰਿਕ ਦਾ ਸੰਵਿਧਾਨਕ ਹੱਕ ਹੈ। ਪੰਜਾਬ ਸਰਕਾਰ ਦੇ ਇਸ਼ਾਰੇ ‘ਤੇ ਪੁਲਿਸ ਪ੍ਰਸ਼ਾਸਨ ਨੇ ਆਗੂਆਂ ਨੂੰ ਨਜ਼ਰਬੰਦ ਕੀਤਾ ਜਿਸ ਦੀ ਆਗੂਆਂ ਵਲੋਂ ਸਖ਼ਤ ਨਿਖੇਧੀ ਕੀਤੀ ਗਈ। ਆਗੂਆਂ ਕਿਹਾ ਕਿ ਸਰਕਾਰ ਪੁਰਾਣੀ ਪੈਨਸ਼ਨ ਦਾ 18 ਨਵੰਬਰ 2022 ਦਾ ਆਪਣਾ ਅਧੂਰਾ ਨੋਟੀਫ਼ਿਕੇਸ਼ਨ ਤੁਰੰਤ ਪੂਰਾ ਕਰੇ ਅਤੇ ਸੱਤਾ ਵਿਚ ਆਉਣ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਨਾਲ ਕੀਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਨਿਭਾਵੇ। ਉਨ੍ਹਾਂ ਕਿਹਾ ਹੁਣ 4 ਜੁਲਾਈ ਨੂੰ ਮੋਗਾ ਵਿਖੇ ਹੋਣ ਜਾ ਰਹੀ ਮੀਟਿੰਗ ਵਿਚ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨੂੰ ਵਿਸ਼ੇਸ਼ ਤੌਰ ‘ਤੇ ਸੱਦਾ ਦਿੱਤਾ ਜਾਵੇਗਾ ਜਿੱਥੇ ਉਹ ਪੰਜਾਬ ਦੇ 2 ਲੱਖ ਮੁਲਾਜ਼ਮਾਂ ਨੂੰ ਇਹ ਜਵਾਬ ਦੇਣ ਕਿ ਇਹ ਐਲਾਨ ਅਤੇ ਲਿਖਤੀ ਨੋਟੀਫ਼ਿਕੇਸ਼ਨ ਦੇ ਬਾਵਜੂਦ ਪੁਰਾਣੀ ਪੈਨਸ਼ਨ ਕਿਉਂ ਨਹੀਂ ਬਹਾਲ ਕੀਤੀ ਗਈ? ਉਨ੍ਹਾਂ ਕਿਹਾ ਪੰਜਾਬ ਸਰਕਾਰ ਦੀ ਇਸ ਧੱਕੇਸ਼ਾਹੀ ਦਾ ਵਿਰੋਧ ਜਾਰੀ ਰਹੇਗਾ।
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂ ਜਬਰੀ ਪੁਲਿਸ ਵਲੋਂ ਨਜ਼ਰਬੰਦ
ਅਜੀਤ ਡੈਸਕ
18-06-2026