ਹੁਸ਼ਿਆਰਪੁਰ, 27 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਇਕ ਬੰਦੀ ਤੋਂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਵਿਚ ਬਹੁਤ ਹੀ ਸੁਖਾਲੇ ਢੰਗ ਨਾਲ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਵਿਚ ਨਵੇਂ ਮਾਅਰਕੇ ਮਾਰ ਰਹੀ ਹੈ ਜਿਸ ਨਾਲ ਆਮ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਮੁੱਢਲੇ ਟੈੱਸਟਾਂ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਵਿਚ 1090 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ ਜਿੱਥੇ ਮਾਹਿਰ ਸਟਾਫ਼ ਵਲੋਂ ਮੁੱਢਲੇ ਸਿਹਤ ਸੰਭਾਲ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਮਿਆਰੀ ਸਿਹਤ ਸੇਵਾਵਾਂ, ਟੈੱਸਟ ਤੇ ਦਵਾਈਆਂ ਦੀ ਮੁਫ਼ਤ ਸਹੂਲਤ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਹੋਣ ਨਾਲ ਜ਼ਿਲ੍ਹੇ ਵਿਚ ਚੱਲ ਰਹੇ ਇਨ੍ਹਾਂ ਕਲੀਨਿਕਾਂ ਦੀ ਗਿਣਤੀ 77 ਹੋ ਗਈ ਹੈ ਅਤੇ ਹੁਣ ਜੇਲ੍ਹ ਵਿਚ ਬੰਦੀਆਂ ਦੇ 45 ਤਰ੍ਹਾਂ ਦੇ ਟੈੱਸਟ ਦੀ ਸਹੂਲਤ ਅੰਦਰ ਹੀ ਉਪਲਬਧ ਰਹੇਗੀ ਜਿੱਥੇ ਉਨ੍ਹਾਂ ਨੂੰ 100 ਤੋਂ ਵੱਧ ਤਰ੍ਹਾਂ ਦੀਆਂ ਦਵਾਈਆਂ ਵੀ ਮੁਫ਼ਤ ਮਿਲਣਗੀਆਂ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ 8 ਜੇਲ੍ਹਾਂ ’ਚ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਤਾਂ ਜੋ ਜੇਲ੍ਹਾਂ ਵਿਚ ਬੰਦ ਕੈਦੀਆਂ ਲਈ ਸਿਹਤ ਸਹੂਲਤਾਂ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਅਮਲ ਵਿਚ ਲਿਆਂਦਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ਵਿਚ ਇਨ੍ਹਾਂ ਕਲੀਨਿਕਾਂ ਅੰਦਰ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨਿਕ ਅਸਿਸਟੈਂਟ, ਹੈਲਪਰ ਆਦਿ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੀ ਜੇਲ੍ਹ ਵਿਚ 1400 ਤੋਂ ਵੱਧ ਬੰਦੀਆਂ ਦੇ ਮੁੱਢਲੇ ਟੈੱਸਟ ਹੁਣ ਜੇਲ੍ਹ ਅੰਦਰਲੇ ਆਮ ਆਦਮੀ ਕਲੀਨਿਕ ਵਿਚ ਹੀ ਹੋ ਜਾਇਆ ਕਰਨਗੇ ਅਤੇ ਲੋੜੀਂਦੀਆਂ ਦਵਾਈਆਂ ਵੀ ਅੰਦਰੋਂ ਹੀ ਦਿੱਤੀਆਂ ਜਾਣਗੀਆਂ। ਇਸ ਮੌਕੇ ਜੇਲ੍ਹ ਸੁਪਰਡੰਟ ਹਰਚਰਨ ਸਿੰਘ ਗਿੱਲ, ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਜੇਲ੍ਹ ਵਿਚ ਆਮ ਆਦਮੀ ਕਲੀਨਿਕ ਦੀ ਸਥਾਪਤੀ, ਸਟਾਫ਼ ਤੇ ਉਪਲਬਧ ਸਹੂਲਤਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਇਸ ਮੌਕੇ ਵਧੀਕ ਸੁਪਰਡੈਂਟ ਹਰਬੰਸ ਸਿੰਘ, ਡਿਪਟੀ ਸੁਪਰਡੈਂਟ ਆਸ਼ਾ ਰਾਣੀ, ਆਮ ਆਦਮੀ ਕਲੀਨਿਕਾਂ ਦੇ ਸ਼ਹਿਰੀ ਨੋਡਲ ਅਧਿਕਾਰੀ ਡਾ. ਰੋਹਿਤ ਬਬੂਤਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਐਨ.ਐਚ.ਐਮ. ਮੁਹੰਮਦ ਆਸਿਫ਼ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕਰਵਾਈ
ਅਜੀਤ ਡੈਸਕ
28-07-2026