ਹੁਸ਼ਿਆਰਪੁਰ, 31 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਮੇਸ਼ਾ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਇਤਿਹਾਸਕ ਫ਼ੈਸਲੇ ਲੈਂਦਿਆਂ ਸੂਬੇ ਭਰ ’ਚ 7 ਹਜ਼ਾਰ ਸਫ਼ਾਈ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਹੈ, ਜਦਕਿ ਠੇਕਾ ਆਧਾਰ ’ਤੇ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਦੀ ਮਹੀਨਾਵਾਰ ਤਨਖ਼ਾਹ 10,500 ਰੁਪਏ ਤੋਂ ਵਧਾ ਕੇ 20,500 ਰੁਪਏ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਰਮਚਾਰੀਆਂ ਦੇ ਸਨਮਾਨ ਅਤੇ ਆਰਥਿਕ ਸੁਰੱਖਿਆ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਵਿਧਾਇਕ ਜਿੰਪਾ ਨੇ ਕਿਹਾ ਕਿ ਸਰਕਾਰ ਸਫ਼ਾਈ ਕਰਮਚਾਰੀਆਂ ਦੀਆਂ ਹੋਰ ਲੰਬਿਤ ਮੰਗਾਂ ‘ਤੇ ਵੀ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਅਤੇ ਪੜਾਅਵਾਰ ਢੰਗ ਨਾਲ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿਚ ਅਨੇਕਾਂ ਲੋਕ-ਹਿਤੈਸ਼ੀ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਚੇਚੀ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਯੋਗਦਾਨ ਦਾ ਕੋਈ ਬਦਲ ਨਹੀਂ ਹੈ। ਇਸ ਮੌਕੇ ਕੌਂਸਲਰ ਸੁਰਿੰਦਰ ਕੁਮਾਰ ਵੀ ਹਾਜ਼ਰ ਸਨ।