ਭੰਗਾਲਾ ਜ਼ੋਨ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਇਕੱਠ ਰੈਲੀ ’ਚ ਹੋਇਆ ਤਬਦੀਲ
ਮੁਕੇਰੀਆਂ, 21 ਨਵੰਬਰ (ਰਾਮਗੜ੍ਹੀਆ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਦੀ ਅਗਵਾਈ ਹੇਠ ਭੰਗਾਲਾ ਜ਼ੋਨ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਇੱਕ ਵਿਸ਼ਾਲ ਇਕੱਠ ਕੀਤਾ ਗਿਆ। ਇਹ ਇਕੱਠ ਦੇਖਦੇ ਹੀ ਦੇਖਦੇ ਰੈਲੀ ਦਾ ਰੂਪ ਧਾਰ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਹਲਕਾ ਵਾਸੀਆਂ ਨੇ ਸ਼ਮੂਲੀਅਤ ਕਰਕੇ ਸਰਬਜੋਤ ਸਿੰਘ ਸਾਬੀ ਦੀ ਅਗਵਾਈ ਵਿਚ ਭਰੋਸਾ ਪ੍ਰਗਟਾਇਆ।
ਮੁਕੇਰੀਆਂ, 21 ਨਵੰਬਰ (ਰਾਮਗੜ੍ਹੀਆ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਦੀ ਅਗਵਾਈ ਹੇਠ ਭੰਗਾਲਾ ਜ਼ੋਨ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਇੱਕ ਵਿਸ਼ਾਲ ਇਕੱਠ ਕੀਤਾ ਗਿਆ। ਇਹ ਇਕੱਠ ਦੇਖਦੇ ਹੀ ਦੇਖਦੇ ਰੈਲੀ ਦਾ ਰੂਪ ਧਾਰ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਹਲਕਾ ਵਾਸੀਆਂ ਨੇ ਸ਼ਮੂਲੀਅਤ ਕਰਕੇ ਸਰਬਜੋਤ ਸਿੰਘ ਸਾਬੀ ਦੀ ਅਗਵਾਈ ਵਿਚ ਭਰੋਸਾ ਪ੍ਰਗਟਾਇਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਵਾਸੀਆਂ ਨੇ ਕਿਹਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸਰਬਜੋਤ ਸਿੰਘ ਸਾਬੀ ਨੂੰ ਭਾਰੀ ਬਹੁਮਤ ਅਤੇ ਵੱਡੀ ਲੀਡ ਨਾਲ ਜਿਤਾ ਕੇ ਪੰਜਾਬ ਵਿਧਾਨ ਸਭਾ ਵਿਚ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਅਜਿਹੀ ਲੀਡਰਸ਼ਿਪ ਚਾਹੁੰਦੇ ਹਨ ਜੋ ਲੋਕਾਂ ਵਿਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝੇ ਅਤੇ ਉਨ੍ਹਾਂ ਦੇ ਹੱਲ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰੇ। ਇਸ ਮੌਕੇ ਸਰਬਜੋਤ ਸਿੰਘ ਸਾਬੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੋਵਾਂ ਆਗੂਆਂ ਦੀ ਦੂਰਅੰਦੇਸ਼ੀ ਸੋਚ ਅਤੇ ਲੋਕ ਭਲਾਈ ਦੀ ਨੀਤੀ ਸਦਕਾ ਪੰਜਾਬ ਵਿਚ ਵਿਕਾਸ ਅਤੇ ਬਦਲਾਅ ਦੀ ਨਵੀਂ ਲਹਿਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਆਮ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਤਰਜੀਹ ਦਿੱਤੀ ਹੈ। ਸਾਬੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਸਰਕਾਰੀ ਸਕੂਲਾਂ ਦੀ ਬਿਹਤਰੀ, ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਸਿਹਤ ਸਹੂਲਤਾਂ, ਘਰੇਲੂ ਬਿਜਲੀ ਬਿੱਲਾਂ ਵਿਚ ਰਾਹਤ ਅਤੇ ਲੋਕ ਭਲਾਈ ਦੀਆਂ ਵੱਖ - ਵੱਖ ਯੋਜਨਾਵਾਂ ਨੇ ਆਮ ਪਰਿਵਾਰਾਂ ਨੂੰ ਵੱਡੀ ਸਹੂਲਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਹਰ ਵਰਗ ਨੂੰ ਨਾਲ ਲੈ ਕੇ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁਕੇਰੀਆਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਉਹ ਲਗਾਤਾਰ ਯਤਨਸ਼ੀਲ ਹਨ ਅਤੇ ਹਲਕੇ ਦੀਆਂ ਸੜਕਾਂ, ਸਿਹਤ ਸਹੂਲਤਾਂ, ਸਿੱਖਿਆ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਮੱਸਿਆਵਾਂ ਨੂੰ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਸਮਰਥਨ ਉਨ੍ਹਾਂ ਨੂੰ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕਰਦਾ ਹੈ। ਅੰਤ ਵਿਚ ਉਨ੍ਹਾਂ ਸਮੂਹ ਪਾਰਟੀ ਆਗੂਆਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੇ ਇਸ ਭਰੋਸੇ ਨੂੰ ਵਿਕਾਸ ਅਤੇ ਸੇਵਾ ਦੇ ਰੂਪ ਵਿਚ ਵਾਪਸ ਮੋੜਨਾ ਹੀ ਉਨ੍ਹਾਂ ਦਾ ਮੁੱਖ ਮਕਸਦ ਹੈ। ਇਸ ਮੌਕੇ ਅਨੂਪ ਭੱਟੀ (ਪ੍ਰਧਾਨ, ਨਗਰ ਕੌਂਸਲ), ਬੇਅੰਤ ਰੰਧਾਵਾ (ਚੇਅਰਮੈਨ, ਮਾਰਕੀਟ ਕਮੇਟੀ), ਗੁਰਿੰਦਰਜੀਤ ਸਿੰਘ (ਸੰਗਠਨ ਇੰਚਾਰਜ), ਅਨਿਲ ਠਾਕੁਰ (ਸਰਪੰਚ), ਤਜਿੰਦਰਪਾਲ ਸਿੰਘ (ਸਰਪੰਚ), ਅਮਰਜੀਤ ਸਿੰਘ (ਬਲਾਕ ਸੰਮਤੀ ਮੈਂਬਰ), ਦੀਪਕ (ਐੱਮ.ਸੀ.), ਸ੍ਰੱਤੂ (ਐੱਮ.ਸੀ.), ਵਿਪਨ ਮੱਖਾ (ਐਨ.ਐੱਮ.ਐੱਮ. ਹਲਕਾ ਕੋਆਰਡੀਨੇਟਰ), ਲਖਵੀਰ ਸਿੰਘ ਰੰਧਾਵਾ, ਸਤਪਾਲ ਚੀਮਾ, ਅਵਤਾਰ ਕੋਟਲੀ, ਦਿਲਬਾਗ ਸਿੰਘ, ਰਸ਼ਪਾਲ ਕੋਲਪੁਰ ਅਤੇ ਰਸ਼ਪਾਲ ਰੰਗਾ ਸਮੇਤ ਹੋਰ ਪਤਵੰਤੇ ਸੱਜਣ ਅਤੇ ਪਾਰਟੀ ਵਰਕਰ ਹਾਜ਼ਰ ਸਨ।