ਜਗਰਾਉਂ, 13 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 16 ਫਰਵਰੀ ਨੂੰ ਕਿੱਲੀ ਚਾਹਲਾਂ ਵਿਖੇ ਕੀਤੀ ਜਾ ਰਹੀ ਰੈਲੀ ਪੰਜਾਬ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਵੱਡਾ ਹੁਲਾਰਾ ਦੇਵੇਗੀ ਅਤੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦਾ ਸਾਥ ਦੇਣ ਲਈ ਉਤਸ਼ਾਹਿਤ ਕਰੇਗੀ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਵਿੱਕੀ ਥਿੰਦ ਵਲੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕਰਕੇ ਜਿੱਥੇ ਵੱਡੀ ਗਿਣਤੀ 'ਚ ਨਸ਼ਾ ਤਸਕਰਾਂ ਨੂੰ ਜੇਲ੍ਹਾਂ 'ਚ ਬੰਦ ਕੀਤਾ ਗਿਆ ਹੈ, ਉੱਥੇ ਨਸ਼ੇ ਦੇ ਆਦੀ ਨੌਜਵਾਨਾਂ ਦਾ ਪੰਜਾਬ ਸਰਕਾਰ ਵਲੋਂ ਇਲਾਜ ਵੀ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਹੁਣ ਦੂਜੇ ਪੜਾਅ ਤਹਿਤ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਸਿਖਰ 'ਤੇ ਲਿਜਾਣ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ 16 ਫਰਵਰੀ ਨੂੰ ਕਿੱਲੀ ਚਾਹਲਾਂ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿੱਥੇ ਪੰਜਾਬ ਭਰ 'ਚੋਂ ਨਸ਼ਿਆਂ ਖ਼ਿਲਾਫ਼ ਬਣੀਆਂ ਕਮੇਟੀਆਂ ਦੇ ਮੈਂਬਰ ਅਤੇ ਵੱਡੀ ਗਿਣਤੀ 'ਚ ਆਮ ਲੋਕ ਵੀ ਸ਼ਾਮਿਲ ਹੋਣਗੇ | ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਲ੍ਹੇ 'ਚੋਂ ਵੀ ਸਮੂਹ ਵੀ.ਡੀ.ਸੀ. ਅਤੇ ਡਬਲਿਯੂ.ਡੀ.ਸੀ. ਮੈਂਬਰ ਰੈਲੀ 'ਚ ਸ਼ਾਮਿਲ ਹੋਣਗੇ | ਕੋਆਰਡੀਨੇਟਰ ਥਿੰਦ ਨੇ ਕਿਹਾ ਕਿ 'ਆਪ' ਸਰਕਾਰ ਵਲੋਂ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ ਉਨ੍ਹਾਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ, ਜਿਸ ਕਰਕੇ ਪੰਜਾਬ ਦਾ ਹਰੇਕ ਵਰਗ ਖੁਸ਼ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪੰਜਾਬ ਵਾਸੀ ਨੂੰ 10 ਲੱਖ ਤੱਕ ਦਾ ਮੁਫ਼ਤ ਇਲਾਜ ਪੰਜਾਬ ਸਰਕਾਰ ਦੀ ਵੱਡੀ ਸਹੂਲਤ ਹੈ, ਜਿਸ ਲਈ ਹਰੇਕ ਨੂੰ ਯੋਜਨਾ ਦੇ ਕਾਰਡ ਬਣਾਉਣੇ ਚਾਹੀਦੇ ਹਨ |