ਮੁੱਲਾਂਪੁਰ-ਦਾਖਾ, 13 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੇ ਆਦੇਸ਼ਾਂ 'ਤੇ ਆਪ੍ਰੇਸ਼ਨ ਪ੍ਰਹਾਰ ਤੋਂ ਬਾਅਦ ਅੱਜ ਪੁਲਿਸ ਸਬ ਡਵੀਜ਼ਨ ਦਾਖਾ ਦੇ ਡੀ.ਐੱਸ.ਪੀ ਵਰਿੰਦਰ ਸਿੰਘ ਖੋਸਾ, ਥਾਣਾ ਦਾਖਾ ਐੱਸ.ਐੱਚ.ਓ. ਹਮਰਾਜ ਸਿੰਘ ਚੀਮਾ, ਥਾਣਾ ਸੁਧਾਰ ਐੱਸ.ਐੱਚ.ਓ ਗੁਰਦੀਪ ਸਿੰਘ, ਹੋਰ ਪੁਲਿਸ ਪਾਰਟੀ ਵਲੋਂ ਮੰਡੀ ਮੁੱਲਾਂਪੁਰ ਬੱਸ ਸਟੈਂਡ, ਰੇਲਵੇ ਸਟੇਸ਼ਨ, ਹੋਰ ਜਨਤਕ ਥਾਵਾਂ 'ਤੇ ਚੈਕਿੰਗ ਸਮੇਂ ਡੀ.ਆਈ.ਜੀ ਲੁਧਿਆਣਾ ਰੇਂਜ ਸਤਿੰਦਰ ਸਿੰਘ, ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹਾ ਐੱਸ.ਐੱਸ.ਪੀ ਡਾ: ਅੰਕੁਰ ਗੁਪਤਾ ਉਚੇਚਾ ਪਹੁੰਚੇ | ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਡੀ.ਆਈ.ਜੀ. ਸਤਿੰਦਰ ਸਿੰਘ ਨੇ ਕਿਹਾ ਕਿ ਅਪਰਾਧੀ ਬਿਰਤੀ ਦੇ ਲੋਕਾਂ, ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਵਲੋਂ ਜਨਤਕ ਥਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ | ਡੀ.ਆਈ.ਜੀ. ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਗੈਂਗਸਟਰ ਹੋਵੇ, ਕੋਈ ਨਸ਼ਾ ਤਸਕਰ, ਸਮਾਜ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਹੋਵੇ, ਉਸ ਸਬੰਧੀ ਕੋਈ ਵੀ ਜਾਣਕਾਰੀ ਹੋਵੇ ਤਾਂ ਤੁਰੰਤ ਸਬੰਧਿਤ ਥਾਣਾ ਪੁਲਿਸ ਨੂੰ ਸੂਚਿਤ ਕੀਤਾ ਜਾਵੇ | ਉਨ੍ਹਾਂ ਕਿਹਾ ਆਮ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ, ਅਜਿਹਾ ਪੁਲਿਸ ਅਮਨ-ਕਾਨੂੰਨ ਬਣਾਈ ਰੱਖਣ ਲਈ ਕੰਮ ਕਰ ਰਹੀ ਹੈ | ਡੀ.ਆਈ.ਜੀ ਨੇ ਕਿਹਾ ਕਿ ਆਪ੍ਰੇਸ਼ਨ ਪ੍ਰਹਾਰ-1 ਤੇ 2 ਦੇ ਪੁਲਿਸ ਨੂੰ ਚੰਗੇ ਨਤੀਜੇ ਮਿਲੇ ਹਨ, ਜਿਸ ਤਹਿਤ ਕਈ ਗੈਂਗਸਟਰ, ਨਸ਼ਾ ਤਸਕਰ ਅਤੇ ਵੱਖੋ-ਵੱਖ ਮੁਕੱਦਮਿਆਂ ਵਿਚ ਭਗੌੜੇ ਲੋਕਾਂ ਨੂੰ ਗਿ੍ਫ਼ਤਾਰ ਵੀ ਕੀਤਾ ਗਿਆ ਹੈ | ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ ਨੇ ਦੱਸਿਆ ਕਿ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਾਂਗ ਆਪ੍ਰੇਸ਼ਨ ਪ੍ਰਹਾਰ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਚੈਕਿੰਗ ਨਿਰੰਤਰ ਜਾਰੀ ਰਹੇਗੀ | ਉਨ੍ਹਾਂ ਦੱਸਿਆ ਕਿ ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹਾ ਦੇ ਵੱਖੋ-ਵੱਖ ਥਾਣਿਆਂ ਦੀ ਪੁਲਿਸ ਨੂੰ ਜਿਥੇ ਰਾਤਰੀ ਗਸ਼ਤ, ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਦਾ ਆਦੇਸ਼ ਦਿੱਤਾ ਗਿਆ ਹੈ, ਉਥੇ ਬੱਸ ਸਟੈਂਡ, ਰੇਲਵੇ ਸਟੇਸ਼ਨਾਂ 'ਤੇ ਪੁਲਿਸ ਚੌਕਸੀ ਵਧਾਈ ਗਈ ਹੈ |