ਰਾਏਕੋਟ, 14 ਫਰਵਰੀ (ਸੁਸ਼ੀਲ)-ਸਥਾਨਕ ਗੁਰਦੁਆਰਾ ਬਗੀਚੀ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਸਹਿਯੋਗੀ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਗੁਰਜੰਟ ਸਿੰਘ ਤਾਜਪੁਰ ਵਾਲਿਆਂ ਦੀ ਸਰਪ੍ਰਸਤੀ ਹੇਠ 22 ਫਰਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ 14ਵਾਂ ਸਮਾਗਮ ਕਰਵਾ ਕੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾਣਗੇ | ਇਸ ਸਬੰਧੀ ਅੱਜ ਗੁਰਦੁਆਰਾ ਬਗੀਚੀ ਸਾਹਿਬ ਵਿਖੇ ਕਰਵਾਏ ਇਕ ਸੰਖੇਪ ਸਮਾਗਮ ਦੌਰਾਨ ਬਾਬਾ ਗੁਰਜੰਟ ਸਿੰਘ ਤਾਜਪੁਰ ਵਾਲਿਆਂ ਵਲੋਂ ਇਸ ਸਮਾਗਮ ਦੇ ਮੁੱਖ ਸਹਿਯੋਗੀ ਬੂਟਾ ਸਿੰਘ ਛਾਪਾ (ਸਾਬਕਾ ਕੌਂਸਲਰ) ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਬੂਟਾ ਸਿੰਘ ਛਾਪਾ ਦਾ ਇਸ ਨੇਕ ਕਾਰਜ ਵਿਚ ਵਡਮੁੱਲਾ ਯੋਗਦਾਨ ਹੈ | ਜਾਣਕਾਰੀ ਦਿੰਦੇ ਹੋਏ ਬਾਬਾ ਗੁਰਜੰਟ ਸਿੰਘ ਤਾਜਪੁਰ ਵਾਲਿਆਂ ਨੇ ਦੱਸਿਆ ਕਿ ਇਹ ਸਮਾਗਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਹੋਵੇਗਾ, ਜਿਸ ਵਿਚ ਸਮੂਹ ਸਹਿਯੋਗੀ ਸੱਜਣਾਂ ਦੇ ਸਹਿਯੋਗ ਨਾਲ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 21 ਫਰਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਅੰਮਿ੍ਤ ਸੰਚਾਰ ਵੀ ਹੋਵੇਗਾ | ਉਨ੍ਹਾਂ ਸਮੂਹ ਸਹਿਯੋਗੀ ਸੱਜਣਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾਂ ਲਈ ਹੋਣ ਵਾਲੇ ਸਮਾਗਮ ਵਿਚ ਆਪਣਾ ਯੋਗਦਾਨ ਪਾ ਕੇ ਇਸ ਨੇਕ ਕਾਰਜ ਦੇ ਸਹਿਭਾਗੀ ਬਣਨ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ ਰਾਏ, ਮੀਤ ਪ੍ਰਧਾਨ ਗੇਜਾ ਸਿੰਘ, ਗੁਰਮੇਲ ਸਿੰਘ ਤਾਜਪੁਰ, ਸਾਬਕਾ ਸਰਪੰਚ ਅਵਤਾਰ ਸਿੰਘ, ਸਵਰਨ ਸਿੰਘ ਬੈਨੀਪਾਲ, ਮੰਗਤ ਰਾਏ ਸੱਭਰਵਾਲ, ਵਿਕੀ ਰਾਏ, ਮਲਕੀਤ ਸਿੰਘ ਤੇ ਗੁਰਮੇਲ ਸਿੰਘ ਆਦਿ ਹਾਜ਼ਰ ਸਨ |