ਚੌਂਕੀਮਾਨ, 14 ਫਰਵਰੀ (ਤੇਜਿੰਦਰ ਸਿੰਘ ਚੱਢਾ)-ਮੀਰੀ-ਪੀਰੀ ਦੇ ਸਿਧਾਂਤ 'ਤੇ ਚੱਲਣ ਵਾਲੀ ਧਾਰਮਿਕ ਜਥੇਬੰਦੀ ਇੰਟਰਨੈਸ਼ਨਲ ਪੰਥਕ ਦਲ ਜੋ ਕਿ ਇਕੱਲੀ ਪੰਜਾਬ ਵਿਚ ਹੀ ਨਹੀਂ ਬਲਕਿ ਦੇਸ਼ਾਂ-ਵਿਦੇਸ਼ਾਂ ਵਿਚ ਵੀ ਫੈਲੀ ਹੋਈ ਹੈ | ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ-ਬ-ਦਿਨ ਨਵੀਆਂ ਨਿਯੁਕਤੀਆਂ ਤੇ ਠੋਸ ਕਦਮ ਪੁੱਟੇ ਜਾ ਰਹੇ ਹਨ | ਇਸੇ ਲੜੀ ਨੂੰ ਅੱਗੇ ਤੋਰਦਿਆਂ 20ਵੀਂ ਸਦੀ ਦੇ ਮਹਾਨ ਜਰਨੈਲ ਤੇ ਦਮਦਮੀ ਟਕਸਾਲ ਦੇ ਚੌਧਵੇਂ ਮੁਖੀ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ, ਇੰਟਰਨੈਸ਼ਨਲ ਪੰਥਕ ਦਲ ਦੇ ਸਰਪ੍ਰਸਤ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪ੍ਰਧਾਨ ਹਰਚੰਦ ਸਿੰਘ ਚਕਰ ਵਲੋਂ ਜਿੱਥੇ ਹੋਰਨਾਂ ਵਿਧਾਨ ਸਭਾ ਹਲਕਿਆਂ ਵਿਚ ਆਪਣੇ ਹਲਕਾ ਇੰਚਾਰਜ ਨਿਯੁਕਤ ਕੀਤੇ, ਉੱਥੇ ਹੀ ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਡੱਲਾ ਨੂੰ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ ਗਿਆ | ਇਸ ਮੌਕੇ ਨਵ-ਨਿਯੁਕਤ ਹਲਕਾ ਇੰਚਾਰਜ ਕੁਲਦੀਪ ਸਿੰਘ ਡੱਲਾ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਅਖੀਰ ਵਿਚ ਹਲਕਾ ਇੰਚਾਰਜ ਭਾਈ ਡੱਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਅਤੇ ਪੰਜਾਬ ਪ੍ਰਧਾਨ ਜਥੇਦਾਰ ਹਰਚੰਦ ਸਿੰਘ ਚਕਰ ਦਾ ਧੰਨਵਾਦ ਕੀਤਾ | ਪੱਤਰਕਾਰ ਨਾਲ ਗੱਲਬਾਤ ਕਰਦਿਆਂ ਪੰਜਾਬ ਪ੍ਰਧਾਨ ਜਥੇਦਾਰ ਚਕਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇੰਟਰਨੈਸ਼ਨਲ ਪੰਥਕ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ ਤੇ ਜਥੇਬੰਦੀ ਧਾਰਮਿਕ ਗਤੀਵਿਧੀਆਂ ਦੀ ਲੜੀ ਨੂੰ ਲਗਾਤਾਰ ਅੱਗੇ ਤੋਰਦੇ ਹੋਏ ਗੁਰ-ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਣ ਦੇ ਲਗਾਤਾਰ ਉਪਰਾਲੇ ਕਰੇਗੀ ਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਰਪਿਤ ਰਹੇਗੀ |